
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ
ਨਬਜ਼-ਏ-ਪੰਜਾਬ, ਮੁਹਾਲੀ, 22 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥਿਆਂ ਨੇ ਚਾਰ ਸਾਹਿਬਜ਼ਾਦਿਆਂ ਵੱਲੋਂ ਬਾਲ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਤਿਲਕ ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਬਾਰੇ ਜਾਣੁ ਕਰਵਾਇਆ।
ਇਸ ਮੌਕੇ ਭਾਈ ਦਿਲਬਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਗੁਰਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਜਗਤੇਸ਼ਵਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵਿੰਦਰ ਸਿੰਘ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਭਾਈ ਰਾਜਿੰਦਰ ਸਿੰਘ ਕਰਨਾਲ, ਭਾਈ ਮਨਜੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।