
ਕਿਸਾਨੀ ਸੰਘਰਸ਼: ਭੁੱਖ-ਹੜਤਾਲ ’ਤੇ ਬੈਠਾ ਬੀਬੀਆਂ ਦਾ ਜਥਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਮੰਗਲਵਾਰ ਨੂੰ 72ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੀਆਂ ਬੀਬੀਆਂ ਨੇ ਮੋਰਚਾ ਸੰਭਾਲਿਆ ਅਤੇ ਜਸਵਿੰਦਰ ਕੌਰ ਬਹਿਲਾਣਾ, ਜਸਦੀਪ ਕੌਰ, ਗੁਰਜੀਤ ਕੌਰ, ਹਰਮਨਪ੍ਰੀਤ ਕੌਰ ਰਾਏਪੁਰ ਕਲਾਂ, ਜਸਪ੍ਰੀਤ ਕੌਰ, ਅਮਨਪ੍ਰੀਤ ਕੌਰ ਖੁੱਡਾ ਅਲੀਸ਼ੇਰ, ਪਰਮਜੀਤ ਕੌਰ, ਦਵਿੰਦਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਅੌਰਤ ਭੁੱਖ ਹੜਤਾਲ ’ਤੇ ਬੈਠੀਆਂ। ਉਨ੍ਹਾਂ ਨੇ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
ਇਸ ਮੌਕੇ ਬੀਬੀ ਜਸਬੀਰ ਕੌਰ ਬਹਿਲਾਣਾ ਅਤੇ ਹਰਮਨਪ੍ਰੀਤ ਕੌਰ ਰਾਏਪੁਰ ਕਲਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੁਨੀਆ ਭਰ ਵਿੱਚ ਹੁਣ ਤੱਕ ਜਿੰਨੇ ਵੀ ਧਾਰਮਿਕ, ਸਿਆਸੀ ਅਤੇ ਸਮਾਜਿਕ ਸੰਘਰਸ਼ ਹੋਏ ਉਨ੍ਹਾਂ ਵਿੱਚ ਅੌਰਤਾਂ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਹੁਣ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਅਤੇ ਪੰਜਾਬ ਵਿੱਚ ਥਾਂ-ਥਾਂ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਵੀ ਅੌਰਤਾਂ ਵੱਲੋਂ ਅੱਗੇ ਹੋ ਕੇ ਲੜਾਈ ਲੜੀ ਜਾ ਰਹੀ ਹੈ। ਟੋਲ ਪਲਾਜਿਆਂ ਉੱਤੇ ਵੀ ਬੀਬੀਆਂ ਡਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਅੌਰਤਾਂ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਹੈ ਬਲਕਿ ਦੇਸ਼ ਦੇ ਹਰ ਨਾਗਰਿਕ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਦੀ ਲੋੜ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਬੀਬੀਆਂ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਗੀਆਂ।
ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਜਿੰਨੀ ਮਰਜ਼ੀ ਡਰਾਮੇਬਾਜ਼ੀ ਕਰ ਲਵੇ ਲੇਕਿਨ ਕਿਸਾਨਾਂ ਆਪਣੇ ਹੱਕ ਲਏ ਬਿਨਾਂ ਵਾਪਸ ਘਰ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ ਅਤੇ ਭਾਜਪਾ ਨੂੰ ਇਹ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋਈ ਅਤੇ ਨਾ ਹੀ ਹੋ ਸਕਦੀ ਹੈ। ਕਿਸਾਨ ਅੰਦੋਲਨ ਜਿੰਨਾ ਲੰਮਾ ਚੱਲੇਗਾ, ਭਾਜਪਾ ਨੂੰ ਇਸ ਦਾ ਓਨਾ ਹੀ ਵੱਧ ਨੁਕਸਾਨ ਝੱਲਣਾ ਪੈਣਾ ਹੈ।
ਇਸ ਮੌਕੇ ਪੇਂਡੂ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ, ਸਲਾਹਕਾਰ ਜੋਗਾ ਸਿੰਘ, ਸ਼ਰਨਜੀਤ ਸਿੰਘ, ਯੂਥ ਆਗੂ ਅਮਨ ਪੂਨੀਆ, ਨੰਬਰਦਾਰ ਹਰਵਿੰਦਰ ਸਿੰਘ, ਮਿੰਦਰ ਸਿੰਘ ਸੋਹਾਣਾ, ਦਵਿੰਦਰ ਸਿੰਘ ਬੌਬੀ, ਬੰਤ ਸਿੰਘ, ਖੁਸ਼ਇੰਦਰ ਸਿੰਘ ਬੈਦਵਾਨ ਅਤੇ ਹੋਰ ਕਿਸਾਨ ਹਿਤੈਸ਼ੀ ਆਗੂ ਹਾਜ਼ਰ ਸਨ।