ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਨਬਜ਼-ਏ-ਪੰਜਾਬ, ਮੁਹਾਲੀ, 3 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਸੁਖਵਿੰਦਰ ਸਿੰਘ ਦੇ ਕਵੀਸ਼ਰੀ ਜਥੇ ਨੇ ਦਸਮੇਸ਼ ਪਿਤਾ ਦੇ ਵਿਆਹ ਦਾ ਪੂਰਾ ਪ੍ਰਸੰਗ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ। ਭਾਈ ਪੂਰਨ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਵਿੱਚ 31 ਰਾਗਾਂ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਦੱਸਿਆ। ਭਾਈ ਜਰਨੈਲ ਸਿੰਘ ਨੇ ਗੁਰੂ ਤੇਗ ਬਹਾਦਰ ਵੱਲੋਂ ‘ਗੁਰੂ ਕਾ ਲਾਹੌਰ’ ਸ਼ਹਿਰ ਵਸਾਉਣ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਸਰੂਪ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸਤਪਾਲ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਰਾਜਬੀਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।