ਮੁਹਾਲੀ ਵਿੱਚ ਪਿਸਤੌਲ ਦੀ ਨੋਕ ’ਤੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟੀ

ਸਕੂਟਰ ’ਤੇ ਆਏ ਦੋ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਵਾਰਦਾਤ ਸੀਸੀਟੀਵੀ ਕੈਮਰੇ ’ਚ ਕੈਦ

ਨਬਜ਼-ਏ-ਪੰਜਾਬ, ਮੁਹਾਲੀ, 27 ਜੂਨ:
ਮੁਹਾਲੀ ਵਿੱਚ ਪਿਛਲੇ ਕੁੱਝ ਸਮੇਂ ਤੋਂ ਲੁੱਟਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਜਿਸ ਕਾਰਨ ਸ਼ਹਿਰ ਵਾਸੀ ਕਾਫ਼ੀ ਕਾਫ਼ੀ ਭੈਅਭੀਤ ਹਨ। ਅੱਜ ਇੱਥੋਂ ਦੇ ਫੇਜ਼-10 ਵਿੱਚ ਦੋ ਅਣਪਛਾਤੇ ਲੁਟੇਰਿਆਂ ਨੇ ਦਿਨ ਦਿਹਾੜੇ ਜੀਕੇ ਜਿਊਲਰੀ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਾਰਕੀਟ ਦੇ ਦੁਕਾਨਦਾਰ ਇਕੱਠੇ ਹੋਣ ’ਤੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਭੱਜਣ ਸਮੇਂ ਉਨ੍ਹਾਂ ਦਾ ਐਕਟਿਵਾ ਸਕੂਟਰ ਸਟਾਰਟ ਨਾ ਹੋਣ ’ਤੇ ਉਹ ਆਪਣਾ ਵਾਹਨ ਛੱਡ ਕੇ ਫਰਾਰ ਹੋ ਗਏ।
ਪੀੜਤ ਮਹਿਲਾ ਗੀਤਾਂਜਲੀ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 4 ਵਜੇ ਇੱਕ ਨੌਜਵਾਨ (ਜਿਸ ਨੇ ਨਕਲੀ ਦਾੜ੍ਹੀ ਲਗਾਈ ਹੋਈ ਸੀ) ਦੁਕਾਨ ਵਿੱਚ ਆਇਆ ਅਤੇ ਉਸ ਦੇ ਬੇਟੇ ਬਾਰੇ ਪੁੱਛਣ ਲੱਗਾ ਅਤੇ ਉੱਥੇ ਹੀ ਬੈਠ ਗਿਆ। ਇਸ ਦੌਰਾਨ ਇੱਕ ਹੋਰ ਨੌਜਵਾਨ ਜਿਸ ਨੇ ਟੋਪੀ ਪਾਈ ਹੋਈ ਸੀ, ਦੁਕਾਨ ਵਿੱਚ ਆਇਆ। ਇਨ੍ਹਾਂ ਦੋਵਾਂ ਨੌਜਵਾਨਾਂ ਨੇ ਆਪਸ ਵਿੱਚ ਇਸ਼ਾਰੇ ਨਾਲ ਗੱਲ ਕਰਕੇ ਦੁਕਾਨ ’ਚੋਂ ਗਹਿਣੇ ਚੁੱਕਣੇ ਸ਼ੁਰੂ ਕਰ ਦਿੱਤੇ ਜਦੋਂ ਉਸ ਨੇ ਨੌਜਵਾਨ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਸ ਦੇ ਦੂਜੇ ਸਾਥੀ ਨੇ ਪਿਸਤੌਲ ਕੱਢ ਲਈ ਅਤੇ ਗੱਲਾ ਖੋਲ੍ਹਣ ਲਈ ਕਿਹਾ। ਜਦੋਂ ਗੁਆਂਢੀ ਦੁਕਾਨਦਾਰ ਇਕੱਠੇ ਹੋਣੇ ਸ਼ੁਰੂ ਹੋਏ ਤਾਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਲੁਟੇਰਿਆਂ ਦਾ ਦੁਕਾਨ ਦੇ ਪਿੱਛੇ ਖੜਾ ਐਕਟਿਵਾ ਸਕੂਟਰ ਸਟਾਰਟ ਨਾ ਹੋਣ ’ਤੇ ਉਹ ਆਪਣਾ ਵਾਹਨ ਉੱਥੇ ਹੀ ਛੱਡ ਕੇ ਭੱਜਣ ਵਿੱਚ ਸਫਲ ਹੋ ਗਏ। ਇਹ ਵਾਰਦਾਤ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ।
ਇਸ ਸਬੰਧੀ ਥਾਣਾ ਫੇਜ਼-11 ਦੇ ਐਸਐਚਓ ਨਵੀਨਪਾਲ ਸਿੰਘ ਲਹਿਲ ਨੇ ਕਿਹਾ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਦੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲੁਟੇਰਿਆਂ ਦਾ ਐਕਟਿਵਾ ਸਕੂਟਰ ਕਬਜ਼ੇ ਵਿੱਚ ਲਿਆ ਹੈ ਅਤੇ ਵਾਹਨ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਲੁਟੇਰਿਆਂ ਨੇ ਦੁਕਾਨ ਵਿੱਚ ਮਹਿਲਾ ਨੂੰ ਇਕੱਲੀ ਦੇਖ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।
ਉਧਰ, ਮੁਹਾਲੀ ਜਿਊਲਰੀ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਪੁਲੀਸ ਵੱਲੋਂ ਜਿਊਲਰਾਂ ਨੂੰ ਲੋੜੀਂਦੀ ਸੁਰੱਖਿਆ ਨਾ ਦੇਣ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਫੇਜ਼-10 ਵਿੱਚ ਪਹਿਲਾਂ ਵੀ ਸੁਨਿਆਰੇ ਨੂੰ ਲੁੱਟਿਆ ਜਾ ਚੁੱਕਾ ਹੈ। ਇਸ ਸਬੰਧੀ ਉਨ੍ਹਾਂ ਨੇ ਐੱਸਐੱਸਪੀ ਨੂੰ ਮੰਗ ਪੱਤਰ ਦੇ ਕੇ ਸੁਨਿਆਰਿਆਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਵੀ ਕੀਤੀ ਸੀ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਅੱਜ ਫਿਰ ਲੁਟੇਰਿਆਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…