
ਇਨਸਾਫ਼ ਪਸੰਦ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ
ਜਿਨਸੀ ਸ਼ੋਸ਼ਣ ਦਾ ਸ਼ਿਕਾਰ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਸੰਘਰਸ਼ ਤੇਜ਼ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਆਪਣੀ ਅਣਖ ਦੀ ਰਾਖੀ ਖਾਤਰ ਸੰਘਰਸ਼ ਕਰ ਰਹੀਆਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਪੀੜਤ ਪਹਿਲਵਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਜੁਆਇੰਟ ਪਲੇਟਫ਼ਾਰਮ ਆਫ਼ ਮਾਸ ਆਰਗੇਨਾਈਜ਼ੇਸ਼ਨ ਪੰਜਾਬ ਦੇ ਸੱਦੇ ’ਤੇ ਇਨਸਾਫ਼ ਲੋਕਾਂ ਜਿਨ੍ਹਾਂ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਦੋਧੀ ਅਤੇ ਹੋਰ ਵਰਗਾਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਏਅਰਪੋਰਟ ਸੜਕ ਦੇ ਕਿਨਾਰੇ ਖੜੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਥੀ ਸੱਜਣ ਸਿੰਘ, ਵਿਜੇ ਕੁਮਾਰ, ਪੀਡੀਐਸ ਉੱਪਲ, ਰਾਮ ਕ੍ਰਿਸ਼ਨ ਸੂਨਕੀਆ, ਮੇਜਰ ਸਿੰਘ, ਰਵੀ ਕੰਵਰ ਅਤੇ ਗੁਰਬਿੰਦਰ ਸਿੰਘ ਨੇ ਕੀਤੀ। ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਵੀ ਸ਼ਮੂਲੀਅਤ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ। ਬੁਲਾਰਿਆਂ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਵੱਲੋਂ ਬੇਟੀ ਪੜ੍ਹਾਓ-ਬੇਟੀ ਬਚਾਓ ਦਾ ਨਾਅਰਾ ਦੇ ਕੇ ਅੌਰਤਾਂ ਦੇ ਸਨਮਾਨ ਦੀ ਗੱਲ ਕੀਤੀ ਜਾ ਰਹੀ ਹੈ, ਦੂਜੇ ਪਾਸੇ ਇਨਸਾਫ਼ ਲਈ ਦਿੱਲੀ ਸਥਿਤ ਜੰਤਰ-ਮੰਤਰ ’ਤੇ ਧਰਨਾ ਦੇ ਰਹੀਆਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਮਹਿਲਾ ਪਹਿਲਵਾਨਾਂ ਦੀ ਜੋ ਦੁਰਗਤੀ ਹੋਈ, ਉਹ ਕਿਸੇ ਲੁਕੀ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਦੇਸ਼ ਦੇ ਹੁਕਮਰਾਨ ਹਰ ਹੀਲਾ ਵਰਤ ਰਹੇ ਹਨ। ਜਿਸ ਕਾਰਨ ਦੇਸ਼ ਵਾਸੀਆਂ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਜੇਕਰ ਜਲਦੀ ਹੀ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਨਾ ਭੇਜਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।