nabaz-e-punjab.com

ਰਜਿਸਟਰੀ ਕਲਰਕ ਤੋਂ ਡੇਢ ਲੱਖ ਦੀ ਜਬਰੀ ਵਸੂਲੀ ਕਰਨ ਵਾਲੇ ਪ੍ਰਾਪਰਟੀ ਏਜੰਟ, ਪੱਤਰਕਾਰ ਸਣੇ ਤਿੰਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢਂੀ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ ਡੇਢ ਲੱਖ ਰੁਪਏ ਜਬਰੀ ਵਸੂਲੀ ਕਰਨ ਦੇ ਦੋਸ਼ ਹੇਠ ਨਾਭਾ ਦੇ ਇੱਕ ਪ੍ਰਾਪਰਟੀ ਏਜੰਟ ਉਮਰਦੀਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਵਿੱਚ ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਪੱਤਰਕਾਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹੈ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਥਾਣਾ (ਉਡਣ ਦਸਤਾ-1) ਵਿੱਚ ਧਾਰਾ 419, 420, 384, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਇਹ ਕਾਰਵਾਈ ਤਹਿਸੀਲ ਨਾਭਾ ਵਿੱਚ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੀੜਤ ਰਜਿਸਟਰੀ ਕਲਰਕ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਮੁਲਜ਼ਮ ਉਮਰਦੀਨ ਅਤੇ ਉਸਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ, ਜਿਸ ਵਿੱਚ ਉਮਰਦੀਨ ਇੱਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਪੀੜਤ ਰਜਿਸਟਰੀ ਕਲਰਕ ਵੱਲੋਂ ਵਿਜੀਲੈਂਸ ਨੂੰ ਦੱਸਣ ਅਨੁਸਾਰ ਇਸ ਮਾਮਲੇ ਵਿੱਚ ਸੌਦਾ 2,50,000 ਰੁਪਏ ਵਿੱਚ ਤੈਅ ਹੋਇਆ ਸੀ ਅਤੇ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਲੈ ਚੁੱਕਾ ਹੈ।
ਪੀੜਤ ਕਰਮਚਾਰੀ ਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ-1 ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 1,50,000 ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50 ਹਜ਼ਾਰ ਰੁਪਏ ’ਚੋਂ 40 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਹਨ। ਨਾਲ ਹੀ ਵਿਜੀਲੈਂਸ ਨੇ ਉਮਰਦੀਨ ਦੇ ਬਾਕੀ ਦੋ ਸਾਥੀਆਂ ਸਲੀਮ ਅਤੇ ਰੁਪਿੰਦਰ ਕੁਮਾਰ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…