
ਪਿੰਡਾਂ ਦੇ ਵਿਕਾਸ ਕੰਮਾਂ ਤੇ ਸਮੱਸਿਆਵਾਂ ਬਾਰੇ ਸਰਕਾਰ ਨੂੰ ਭੇਜੀ ਜਾਵੇਗੀ ‘ਰਿਪੋਰਟ’
ਸਮੱਸਿਆਵਾਂ ਹੱਲ ਕਰਨ ਲਈ ਲੋਕਾਂ ਵਿੱਚ ਵਿਚਰਨਾ ਜ਼ਰੂਰੀ: ਸਰਬਜੀਤ ਸਮਾਣਾ
ਆਪ ਆਗੂ ਸਰਬਜੀਤ ਸਮਾਣਾ ਨੇ ਪਿੰਡ ਝਾਮਪੁਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਆਮ ਆਦਮੀ ਪਾਰਟੀ (ਆਪ) ਦੇ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਵੱਲੋਂ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਬੀੜਾ ਚੁੱਕਿਆ ਹੈ। ਜਿਸ ਦੇ ਤਹਿਤ ਆਪ ਆਗੂ ਨੇ ਅੱਜ ਨਜ਼ਦੀਕੀ ਪਿੰਡ ਝਾਮਪੁਰ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਬਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਮੁਹਾਲੀ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਕੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਸਰਕਾਰੇ-ਦਰਬਾਰੇ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਰਿਪੋਰਟ ਤਿਆਰ ਕਰਕੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਰਾਹੀਂ ਸਬੰਧਤ ਵਿਭਾਗਾਂ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ।