
ਨਵੇਂ ਖੋਲ੍ਹੇ ਜਾਣ ਵਾਲੇ 21 ਹੋਰ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ
ਸਮੂਹ ਐਸਡੀਐਮਜ਼ ਨਿੱਜੀ ਤੌਰ ’ਤੇ ਜਾ ਕੇ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਲੈਣ: ਡੀਸੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਜਲਦੀ ਹੀ 21 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਕਲੀਨਿਕਾਂ ਸਬੰਧੀ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀਡਬਲਿਊਡੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਾਰੀਆਂ ਬਿਲਡਿੰਗਾਂ ਦੀ ਲੋੜੀਂਦੀ ਰਿਪੇਅਰ ਕਰਨ ਬਾਰੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਇਸ ਕੰਮ ਨੂੰ ਛੇਤੀ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ।
ਇਸ ਮੌਕੇ ਡੀਸੀ ਅਮਿਤ ਤਲਵਾੜ ਨੇ ਸਮੂਹ ਐਸਡੀਐਮਜ਼, ਪੀਡਬਲਿਊਡੀ ਵਿਭਾਗ ਦੇ ਐਕਸੀਅਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਨਵੇਂ ਆਮ ਆਦਮੀ ਕਲੀਨਿਕਾਂ ਦੀ ਤਿਆਰੀ ਸਬੰਧੀ ਕੰਮ 15 ਜਨਵਰੀ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਲੋੜੀਂਦਾ ਫਰਨੀਚਰ, ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣਾ, ਪੀਣ ਵਾਲਾ ਸਾਫ਼ ਪਾਣੀ ਅਤੇ ਸਫ਼ਾਈ ਵਿਵਸਥਾ ਵੱਲ ਧਿਆਨ ਦੇਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਮੁਹਾਲੀ ਦੇ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸਐਮਓਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।