ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਨਬਜ਼-ਏ-ਪੰਜਾਬ, ਮੁਹਾਲੀ, 17 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਅਰੰਭੇ ਗਏ ਹੋਲੇ ਮਹੱਲੇ ਦੀ ਖ਼ੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਈ: ਵਿੱਚ ਖਾਲਸਾ ਪੰਥ ਦੀ ਸਿਰਜਣਾ ਕਰਨ ਅਤੇ 1700ਈ: ਵਿੱਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ ਮਹੱਲੇ ਦੀ ਸ਼ੁਰੂਆਤ ਕਰਨ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸਰਵਣ ਕਰਾਇਆ। ਬੀਬੀ ਉੱਤਮਜੀਤ ਕੌਰ ਖਾਲਸਾ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਬੀਬੀ ਕਮਲਜੀਤ ਕੌਰ, ਭਾਈ ਹਰਕੰਵਲ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਨਿਰਮੇਲ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ-ਪੀਰੀ ਪੰਥਕ ਢਾਡੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤਿਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।