ਸਿਹਤ ਵਿਭਾਗ ਦੀ ਟੀਮ ਨੇ ਕਰੋਨਾ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

‘ਮਾਈਕਰੋ ਕੰਟੇਨਮੈਂਟ ਜ਼ੋਨ’ ਪੂਰੀ ਤਰ੍ਹਾਂ ਬੰਦ, ਸਿਹਤ ਤੇ ਪੁਲਿਸ ਟੀਮਾਂ ਕੀਤੀਆਂ ਤਾਇਨਾਤ: ਡਾ. ਮਨਜੀਤ ਸਿੰਘ

ਆਲੇ ਦੁਆਲੇ ਰਹਿੰਦੇ ਲੋਕਾਂ ਨੂੰ ਕਰੋਨਾ ਪ੍ਰਭਾਵਿਤ ਘਰਾਂ ਦੇ ਨੇੜੇ-ਤੇੜੇ ਨਾ ਜਾਣ ਦੀ ਹਦਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਅੱਜ ਜ਼ਿਲ੍ਹੇ ਦੇ ਤਿੰਨ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ ਜਿਥੇ ਪਿਛਲੇ ਦਿਨਾਂ ਦੌਰਾਨ ‘ਕੋਰੋਨਾ ਵਾਇਰਸ’ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਟੀਮ ਨੇ ਬਲਟਾਣਾ ਦੇ ਹਰਮਿਲਾਪ ਨਗਰ, ਡੇਰਾਬੱਸੀ ਲਾਗਲੇ ਬਹੇੜਾ ਪਿੰਡ ਦੀ ਮੀਟ ਫੈਕਟਰੀ ਅਤੇ ਮੁਹਾਲੀ ਦੇ ਸੈਕਟਰ-91 ਦੇ ਪ੍ਰਭਾਵਤ ਖੇਤਰਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਇਸ ਦੌਰੇ ਦਾ ਮਕਸਦ ਇਹ ਵੇਖਣਾ ਸੀ ਕਿ ‘ਮਾਈਕਰੋ ਕੰਟੇਨਮੈਂਟ ਜ਼ੋਨ’ ਬਣਾਏ ਗਏ ਇਨ੍ਹਾਂ ਖੇਤਰਾਂ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਚਾਰ ਮਾਈਕਰੋ ਕੰਟੇਨਮੈਂਟ ਜ਼ੋਨ ਹਨ। ਹਰਮਿਲਾਪ ਨਗਰ ਦੇ ਇਕ ਘਰ ਵਿੱਚ ਪਿਛਲੇ ਦਿਨੀਂ 9 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ ਅਤੇ ਸਬੰਧਤ ਗਲੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਮੌਕੇ ’ਤੇ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਤੈਨਾਤ ਹਨ।
ਇਸੇ ਤਰ੍ਹਾਂ ਬਹੇੜਾ ਪਿੰਡ ਦੀ ਮੀਟ ਫ਼ੈਕਟਰੀ ਦੀਆਂ ਪੰਜ ਮਹਿਲਾ ਵਰਕਰਾਂ ਇਸ ਬੀਮਾਰੀ ਦੀ ਲਪੇਟ ਵਿੱਚ ਆਈਆਂ ਹਨ। ਉਨ੍ਹਾਂ ਦੱਸਿਆ ਕਿ ਫ਼ੈਕਟਰੀ ਦੇ ਤਮਾਮ ਵਰਕਰਾਂ ਦੀ ‘ਰੈਂਡਿਮ ਸੈਂਪਲਿੰਗ’ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ ਤਾਂ ਜੋ ਬਿਮਾਰੀ ਦੇ ਫੈਲਾਅ ਦਾ ਪਤਾ ਲੱਗ ਸਕੇ। ਸਿਹਤ ਅਧਿਕਾਰੀਆਂ ਨੇ ਇੱਥੋਂ ਦੇ ਸੈਕਟਰ-91 ਦੇ ਪ੍ਰਭਾਵਿਤ ਖੇਤਰ ਦਾ ਵੀ ਦੌਰਾ ਕੀਤਾ ਜਿੱਥੇ ਪੰਜ ਕੇਸ ਸਾਹਮਣੇ ਆਏ ਹਨ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਪ੍ਰਭਾਵਿਤ ਗਲੀ ਜਾਂ ਖੇਤਰਾਂ ਵਿੱਚ ਜਾ ਕੇ ਦੇਖਿਆ ਗਿਆ ਕਿ ਪੁਲੀਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਡਿਉੂਟੀ ਕਰ ਰਹੀਆਂ ਹਨ ਅਤੇ ਕਿਸੇ ਬਾਹਰਲੇ ਵਿਅਕਤੀ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਸਬਜ਼ੀ ਅਤੇ ਹੋਰ ਸਮਾਨ ਵੇਚਣ ਵਾਲਿਆਂ ਨੂੰ ਵੀ ਪੂਰੀ ਸਾਵਧਾਨੀ ਵਰਤਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਲੇ ਦੁਆਲੇ ਰਹਿੰਦੇ ਲੋਕਾਂ ਨੂੰ ਵੀ ਘਰਾਂ ਵਿੱਚ ਹੀ ਰਹਿਣ ਦੀ ਹਦਾਇਤ ਕੀਤੀ ਗਈ ਹੈ ਅਤੇ ਪ੍ਰਭਾਵਤ ਘਰਾਂ ਵਿਚ ਨਾ ਜਾਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਾਜ਼ੇਟਿਵ ਮਰੀਜ਼ ਦੇ ਸੰਪਰਕਾਂ ਨੂੰ ਲੱਭਣ, ਉਨ੍ਹਾਂ ਦੇ ਸੈਂਪਲ ਲੈਣ ਅਤੇ ਪਾਜ਼ੇਟਿਵ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਪਹੁੰਚਾਣ ਦਾ ਕੰਮ ਪੂਰੀ ਮਿਹਨਤ ਅਤੇ ਨਿਡਰਤਾ ਨਾਲ ਕੀਤਾ ਹੈ ਅਤੇ ਟੀਮਾਂ ਯਕੀਨੀ ਬਣਾ ਰਹੀਆਂ ਹਨ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀ ਦਾ ਹੋਰ ਫੈਲਾਅ ਨਾ ਹੋਵੇ।
ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਵਾਇਰਸ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰਖਿਆ ਜਾਵੇ। ਸਾਬਣ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸ਼ੀ, ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ, ਐਸਐਮਓ ਡਾ. ਸੰਗੀਤਾ ਜੈਨ, ਐਸਐਮਓ ਡਾ. ਕੁਲਜੀਤ ਕੌਰ, ਡਾ. ਮਹਿਤਾਬ ਸਿੰਘ ਬੱਲ, ਹੈਲਥ ਇੰਸਪੈਕਟਰ ਭੁਪਿੰਦਰ ਵਿੱਚ ਡਾਹਰੀ ਅਤੇ ਹੋਰ ਮੁਲਾਜ਼ਮ ਸ਼ਾਮਲ ਸਨ।

Load More Related Articles

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 3 ਮਈ: ਇੱਥੋਂ ਦੇ ਇਤਿਹਾਸ…