
ਮੁਹਾਲੀ ਵਿੱਚ ਹੋਵੇਗਾ ਵੱਡੇ ਬਾਦਲ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਜੂਨ ਨੂੰ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਹ ਫ਼ੈਸਲਾ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ। ਇਸ ਮੀਟਿੰਗ ਵਿੱਚ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਗੱਲ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਰਹੇ ਅਤੇ ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਹ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵੀ ਰਹੇ ਅਤੇ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੇਂਦਰੀ ਖੇਤੀ ਮੰਤਰੀ ਵੀ ਬਣੇ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਭਾਵੇਂ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਅਕਾਲੀ ਪਾਰਟੀ ਦੇ ਆਗੂ ਸਨ, ਪਰ ਉਨ੍ਹਾਂ ਭਾਜਪਾ ਨਾਲ ਗੱਠਜੋੜ ਕਰਕੇ ਹਿੰਦੂ ਸਿੱਖ ਏਕਤਾ ਦਾ ਸਬੂਤ ਦਿੱਤਾ ਅਤੇ ਪੰਜਾਬ ਦੀ ਸਿਆਸਤ ਵਿੱਚ ਕਈ ਕੀਰਤੀਮਾਨ ਸਥਾਪਿਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਦਲ ਨੇ ਕਈ ਅਹਿਮ ਯਾਦਗਾਰਾਂ ਸਥਾਪਤ ਕੀਤੀਆਂ ਅਤੇ ਮੁਹਾਲੀ ਜ਼ਿਲੇ ਵਿਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਚੱਪੜਚਿੜੀ ਵਿਖੇ ਸਥਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਖਸੀਅਤ ਦੇ ਜਾਣ ਨਾਲ ਪੰਜਾਬ ਤੇ ਪੰਜਾਬੀਅਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕੇਗਾ।
ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਬਾਦਲ ਦੀ ਮੁਹਾਲੀ ਨੂੰ ਬਹੁਤ ਵੱਡੀ ਦੇਣ ਹੈ ਅਤੇ ਉਨ੍ਹਾਂ ਵੱਲੋਂ ਇੱਥੇ ਕਈ ਹਜ਼ਾਰ ਕਰੋੜ ਰੁਪਏ ਖ਼ਰਚ ਕੇ ਮੁਹਾਲੀ ਸ਼ਹਿਰ ਦਾ ਅੰਤਰਰਾਸ਼ਰੀ ਪੱਧਰ ’ਤੇ ਵਿਕਾਸ ਕਰਵਾਇਆ ਹੈ। ਬਾਦਲ ਸਾਹਿਬ ਨੇ ਇੱਥੇ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਇਆ ਅਤੇ ਸ਼ਹਿਰ ਵਿੱਚ ਕਈ ਸਟੇਡੀਅਮ ਵੀ ਬਣਾਏ ਗਏ। ਮੁਹਾਲੀ ਦੇ ਧਾਰਮਿਕ ਸਥਾਨਾਂ ਨੂੰ ਜ਼ਮੀਨਾਂ ਅਲਾਟ ਕਰਨ ਦਾ ਕੰਮ ਵੀ ਬਾਦਲ ਸਰਕਾਰ ਨੇ ਹੀ ਕੀਤਾ ਸੀ। ਜਿਸ ਕਾਰਨ ਮੁਹਾਲੀ ਵਾਸੀ ਬਾਦਲ ਦਾ ਦੇਣਾ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਬਾਦਲ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਡਾ ਇਕੱਠ ਹੋਵੇਗਾ ਅਤੇ ਸਥਾਨਕ ਲੋਕ ਆਪਣੇ ਮਹਿਬੂਬ ਆਗੂ ਨੂੰ ਸ਼ਰਧਾਂਜਲੀ ਦੇਣ ਲਈ ਜੁੜਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਾਬਕਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋ ਸੰਗਤੀਆਂ, ਸਾਧੂ ਸਿੰਘ ਖਲੋਰ, ਰਜਿੰਦਰ ਸਿੰਘ ਈਸਾਪੁਰ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਸਵਾੜਾ, ਸੰਦੀਪ ਰਾਣਾ, ਗੁਰਮੀਤ ਸਿੰਘ ਸਾਮਪੁਰ, ਬਲਵਿੰਦਰ ਸਿੰਘ ਲਖਨੌਰ, ਨਿਰਮਲ ਸਿੰਘ ਮਾਣਕਮਾਜਰਾ, ਹੈਪੀ ਸਨੇਟਾ, ਅਵਤਾਰ ਸਿੰਘ ਗੋਸਲ, ਕੇਸਰ ਸਿੰਘ ਬਲੌਂਗੀ, ਜਰਨੈਲ ਸਿੰਘ ਬਲੌਂਗੀ, ਹਰਵਿੰਦਰ ਸਿੰਘ ਨੰਬਰਦਾਰ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।