
ਮੁਹਾਲੀ ਜ਼ਿਲ੍ਹੇ ਵਿੱਚ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਨੇ ਆਮ ਆਦਮੀ ਕਲੀਨਿਕ: ਡੀਸੀ
ਮੁਹੱਲਾ ਕਲੀਨਿਕਾਂ ਵਿੱਚ 3 ਲੱਖ ਮਰੀਜ਼ਾਂ ਦਾ ਮੁਫ਼ਤ ਇਲਾਜ ਤੇ 36 ਹਜ਼ਾਰ ਲੋਕਾਂ ਦੇ ਕੀਤੇ ਟੈੱਸਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਿਹਤ ਖੇਤਰ ਵਿੱਚ ਪੰਜਾਬ ਦੀ ਆਪ ਸਰਕਾਰ ਦੀ ਇੱਕ ਵੱਡੀ ਪੁਲਾਂਘ ਹੈ। ਸੂਬਾ ਸਰਕਾਰ ਵੱਲੋਂ ਦਿੱਲੀ ਦੀ ਤਰਜ਼ ’ਤੇ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਰੋਜ਼ਾਨਾ ਹਜ਼ਾਰਾਂ ਲੋਕ ਲਾਹਾ ਲੈ ਰਹੇ ਹਨ। ਜਿੱਥੇ ਦਵਾਈਆਂ ਤੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ। ਡੀਸੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਾਰਜਸ਼ੀਲ 28 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਲਗਪਗ 3 ਲੱਖ ਮਰੀਜ਼ਾਂ ਦਾ ਸਫਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਕਰੀਬ 36 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈੱਸਟ ਕੀਤੇ ਗਏ ਹਨ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਨੇ ਆਮ ਲੋਕਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ, ਚੈੱਕਅਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਥਾਵਾਂ ’ਤੇ 28 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਿੱਥੇ ਹਜ਼ਾਰਾਂ ਮਰੀਜ਼ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੇ ਘਰਾਂ ਦੇ ਨੇੜੇ ਮੁਫ਼ਤ ਇਲਾਜ ਦੀ ਸੁਵਿਧਾ ਦਾ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਹੋਰ ਵੀ ਆਮ ਕਲੀਨਿਕ ਖੋਲ੍ਹੇ ਜਾਣਗੇ।

ਡੀਸੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਲੰਬਾ ਇੰਤਜ਼ਾਰ ਕਰਨ ਦੀ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਦਬਾਅ ਪਹਿਲਾਂ ਤੋਂ ਕਾਫ਼ੀ ਘਟਿਆ ਹੈ, ਕਿਉਂਕਿ ਹੁਣ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਟੈੱਸਟ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਹਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।