
ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਸਿਰੇ ਦਾ ਧੋਖਾ ਕੀਤਾ: ਅਸ਼ਵਨੀ ਸ਼ਰਮਾ
ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ, 73 ਸੀਟਾਂ ’ਤੇ ਉਮੀਦਵਾਰਾਂ ਨੂੰ 10 ਲੱਖ 33 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ
ਭਾਜਪਾ ਵਰਕਰਾਂ ਨੇ ਚੋਣਾਂ ਦੌਰਾਨ ਅਨੇਕਾਂ ਚੁਨੌਤੀਆਂ ਦੇ ਬਾਵਜੂਦ ਪਾਰਟੀ ਦਾ ਝੰਡਾ ਬੁਲੰਦ ਰੱਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਭਾਜਪਾ ਦਾ ਵੋਟ ਬੈਂਕ ਵਧਣ ਦਾ ਦਾਅਵਾ ਕੀਤਾ ਹੈ। ਉਹ ਅੱਜ ਇੱਥੇ ਚੋਣ ਨਤੀਜਿਆਂ ਦੀ ਪੜਚੋਲ ਕਰਨ ਅਤੇ ਭਾਜਪਾ ਵਰਕਰਾਂ ਵਿੱਚ ਜੋਸ਼ ਭਰਨ ਲਈ ਪਹੁੰਚੇ ਸੀ। ਉਨ੍ਹਾਂ ਕਿਹਾ ਕਿ ਸਾਰੇ ਹਲਕਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਪਹਿਲੀ ਵਾਰ ਵੱਡੇ ਪੱਧਰ ’ਤੇ ਚੋਣਾਂ ਲੜੀਆਂ ਅਤੇ 73 ਸੀਟਾਂ ’ਤੇ ਉਮੀਦਵਾਰਾਂ ਨੂੰ 10 ਲੱਖ 33 ਹਜ਼ਾਰ ਤੋਂ ਵੱਧ ਵੋਟਾਂ ਪਾਈਆਂ ਹਨ। ਜਦੋਂਕਿ ਮੁਹਾਲੀ ਜ਼ਿਲ੍ਹੇ ਵਿੱਚ 60 ਹਜ਼ਾਰ ਲੋਕਾਂ ਨੇ ਭਾਜਪਾ ਨੂੰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੱਦੇਨਜ਼ਰ ਸਾਲ ਭਰ ਚੱਲੇ ਸੰਘਰਸ਼ ਅਤੇ ਅਨੇਕਾਂ ਚੁਨੌਤੀਆਂ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵਰਕਰਾਂ ਨੇ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ।
ਸ੍ਰੀ ਸ਼ਰਮਾ ਨੇ ਆਪ ਲੀਡਰਸ਼ਿਪ ’ਤੇ ਪੰਜਾਬੀਆਂ ਨਾਲ ਸਿਰੇ ਦਾ ਧੋਖਾ ਕਰਨ ਦਾ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਆਗੂਆਂ ਨੂੰ ਰਾਜ ਸਭਾ ਵਿੱਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸ਼ੁਰੂਆਤ ਵਿੱਚ ਹੀ ਪਤਾ ਚੱਲ ਗਿਆ ਹੈ ਕਿ ਹੁਣ ਪੰਜਾਬ ਦੀ ਸਰਕਾਰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੇ ਰਿਮੋਟ ਨਾਲ ਚੱਲੇਗੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਦੁਹਾਈ ਦੇਣ ਵਾਲੀ ਆਪ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਅਤੇ ਕੇਜਰੀਵਾਲ ਦਾ ਰੋਡ ਸ਼ੋਅ ਕਰਨ ਲਈ ਸਰਕਾਰੀ ਖਜਾਨੇ ਦਾ ਧੰਨ ਲੁਟਾਇਆ ਗਿਆ। ਇਸ ਸਬੰਧੀ ਭਾਜਪਾ ਨੇ ਸਖ਼ਤ ਇਤਰਾਜ਼ ਕਰਦਿਆਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਸੀ ਪਰ ਹੁਣ ਤੱਕ ਪੱਤਰ ਦਾ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਦੀ ਸ਼ੁਰੂਆਤ ਹੀ ਅਹੁਦੇ ਦੀ ਦੁਰਵਰਤੋਂ ਅਤੇ ਝੂਠ ਨਾਲ ਹੋਈ ਹੋਵੇ, ਉਸ ਤੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਰੋਡ ਸ਼ੋਅ ਵਿੱਚ ਸਰਕਾਰੀ ਮਸ਼ੀਨਰੀ ਦੀ ਸ਼ਰ੍ਹੇਆਮ ਦੁਰਵਰਤੋਂ ਕੀਤੀ ਗਈ।
ਸ੍ਰੀ ਸ਼ਰਮਾ ਨੇ ਕਿਹਾ ਕਿ ਭਾਜਪਾ ਇਸ ਸਭ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਪੰਜਾਬ ਦੇ ਹਿੱਤਾਂ ਲਈ ਉਸਾਰੂ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਨੇ ਆਪ ਵੱਲੋਂ 300 ਯੂਨਿਟ ਮੁਫ਼ਤ ਦੇਣ ਦੇ ਐਲਾਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲੀ ਹੀ ਮੁਲਾਕਾਤ ਵਿੱਚ ਪ੍ਰਧਾਨ ਮੰਤਰੀ ਅੱਗੇ ਝੋਲੀ ਅੱਡ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪ ਨੇ ਅਜਿਹਾ ਕਰਨਾ ਸੀ ਤਾਂ ਚੋਣ ਮੈਨੀਫੈਸਟੋ ਵਿੱਚ ਇਹ ਗੱਲ ਵੀ ਦਰਜ ਕਰਨੀ ਬਣਦੀ ਸੀ ਕਿ ਜੋ ਵਾਅਦੇ ਆਮ ਆਦਮੀ ਪਾਰਟੀ ਕਰ ਰਹੀ ਹੈ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਤੇ ਭਾਜਪਾ ਦੀ ਕੇਂਦਰ ਸਰਕਾਰ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਵਸ਼ਿਸ਼ਟ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਨਰਿੰਦਰ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ, ਸੰਜੀਵ ਖੰਨਾ, ਖਰੜ ਮੰਡਲ ਪ੍ਰਧਾਨ ਪਵਨ ਮਨੋਚਾ ਵੀ ਹਾਜ਼ਰ ਸਨ।