nabaz-e-punjab.com

ਨਗਰ ਨਿਗਮ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਤਾਲਮੇਲ ਕਮੇਟੀ ਦਾ ਗਠਨ

ਸ਼ਹਿਰਾਂ ਦੇ ਵਿਕਾਸ ਅਤੇ ਰਾਜਨੀਤਕ ਬਦਲਾਅ ਲਈ ਲੋਕਾਂ ਕੋਲ ਇਹ ਸੁਨਹਿਰੀ ਮੌਕਾ: ਆਪ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਆਮ ਆਦਮੀ ਪਾਰਟੀ (ਆਪ) ਨੇ ਮੁਹਾਲੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜਨ ਦਾ ਐਲਾਨ ਕਰਦਿਆਂ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਦੀ ਮਜ਼ਬੂਤੀ ਅਤੇ ਉਮੀਦਵਾਰਾਂ ਦੀ ਚੋਣ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਲਈ ਬਣਾਈ ਗਈ ਕਮੇਟੀ ਵਿੱਚ ਜਸਟਿਸ ਜੋਰਾ ਸਿੰਘ ਅਤੇ ਅਮਨਦੀਪ ਸਿੰਘ ਮੋਹੀ ਨੂੰ ਆਬਜ਼ਰਵਰ ਥਾਪਿਆ ਗਿਆ ਹੈ ਜਦੋਂਕਿ ਜ਼ਿਲ੍ਹਾ ਇੰਚਾਰਜ ਪਰਮਿੰਦਰ ਗੋਲਡੀ ਜੈਸਵਾਲ ਨੂੰ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ‘ਆਪ’ ਦੀ ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਕੁਲਜੀਤ ਸਿੰਘ ਰੰਧਾਵਾ, ਨਵਜੋਤ ਸਿੰਘ ਸੈਣੀ, ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਰਾਜ ਲਾਲੀ ਗਿੱਲ, ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਤੇ ਗੁਰਤੇਜ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਐਡਵੋਕੇਟ ਅਮਨਦੀਪ ਕੌਰ, ਡਾ. ਚਿਰਾਗਦੀਪ ਸਿੰਘ ਆਹਲੂਵਾਲੀਆ, ਸਵੀਟੀ ਸ਼ਰਮਾ, ਸਵਰਨਜੀਤ ਕੌਰ ਬਲਟਾਣਾ, ਅਮਰੀਕ ਸਿੰਘ ਧਨੋਲੀ, ਅਮਰਦੀਪ ਸੰਧੂ, ਵਿਨੀਤ ਵਰਮਾ, ਕੁਲਦੀਪ ਕੌਰ ਅਤੇ ਸਤਵੰਤ ਕੌਰ ਘੁੰਮਣ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜਲਾਲੀ ਗਿੱਲ ਅਤੇ ਵਿਨੀਤ ਵਰਮਾ ਨੇ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਕਈ ਸੰਭਾਵੀ ਉਮੀਦਵਾਰਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ, ਜੋ ਪੂਰੀ ਤਰ੍ਹਾਂ ਚੋਣ ਪ੍ਰਚਾਰ ਵਿੱਚ ਜੁੱਟ ਗਏ ਹਨ ਅਤੇ ਹਾਈ ਕਮਾਂਡ ਦੀ ਸਹਿਮਤੀ ਨਾਲ ਬਾਕੀ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਜਲਦੀ ਹੀ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਚੰਗੇ ਕਿਰਦਾਰ ਵਾਲੇ ਵਿਅਕਤੀਆਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।
ਆਪ ਆਗੂਆਂ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਅਤੇ ਰਾਜਨੀਤਕ ਬਦਲਾਅ ਲਈ ਲੋਕਾਂ ਕੋਲ ਇਹ ਸੁਨਹਿਰੀ ਮੌਕਾ ਹੈ ਅਤੇ ਐਤਕੀਂ ਗੁੰਮਰਾਹ ਹੋਣ ਦੀ ਬਜਾਏ ਚੰਗੇ ਕਿਰਦਾਰ ਵਾਲੇ ਵਿਅਕਤੀਆਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਹਾਊਸ ਵਿੱਚ ਭੇਜਿਆ ਜਾਵੇ। ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦਬਾਅ ਤੋਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਨਿਰਪੱਖ ਚੋਣਾਂ ਦਾ ਅਮਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਦੌਰਾਨ ਸ਼ਹਿਰਾਂ ਦੀ ਗੰਦਗੀ ਦੇ ਨਾਲ-ਨਾਲ ਗੰਧਲੀ ਰਾਜਨੀਤੀ ਦਾ ਵੀ ਸਫ਼ਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…