Nabaz-e-punjab.com

ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ਵਚਨਬੱਧ: ਕੁਲਵੰਤ ਸਿੰਘ

ਕਿਹਾ, ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰ ਕੇ ਸ਼ਹਿਰਾਂ ਤੇ ਪਿੰਡਾਂ ਦਾ ਵੀ ਕੀਤਾ ਜਾਵੇਗਾ ਸਰਬਪੱਖੀ ਵਿਕਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਪੰਜਾਬ ਨੂੰ ਹਰ ਹੀਲੇ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾਵੇਗਾ ਅਤੇ ਰਾਜ ਦੇ ਲੋਕਾਂ ਨੂੰ ਸਵੱਛ ਪ੍ਰਸ਼ਾਸਨ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅੱਜ ਇੱਥੇ ਇਹ ਪ੍ਰਗਟਾਵਾਂ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਆਮ ਆਦਮੀ ਪਾਰਟੀ (ਆਪ) ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਰਿਸ਼ਵਤ ਤੋਂ ਕੰਮ ਹੋਣਗੇ। ਸਰਕਾਰ ਬਣਨ ਤੋਂ ਦੋ ਮਹੀਨੇ ਦੇ ਅੰਦਰ-ਅੰਦਰ ਹੀ ਇਹ ਗੱਲ ਜ਼ਮੀਨੀ ਪੱਧਰ ’ਤੇ ਸੱਚ ਹੋ ਗਈ ਹੈ। ਹੁਣ ਸਰਕਾਰੀ ਦਫ਼ਤਰ ਵਿੱਚ ਲਗਪਗ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਭ੍ਰਿਸ਼ਟ ਅਫ਼ਸਰਾਂ ਵਿਰੁੱਧ ਕਾਰਵਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ‘ਆਪ’ ਨੂੰ ਵੱਡਾ ਸਮਰਥਨ ਦਿੱਤਾ ਹੈ, ਉਹ ਉਮੀਦ ਟੁੱਟਣ ਨਹੀਂ ਦਿੱਤੀ ਜਾਵੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਵਿੱਚ ਰਹਿ ਕੇ ਹੀ ਸਾਰੇ ਕੰਮ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਸਮੂਹ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਅਤੇ ਹਰ ਦਫ਼ਤਰ ਜਿੱਥੇ ਲੋਕ ਆਪਣੇ ਕੰਮ ਲਈ ਦੂਰ ਦੁਰਾਡੇ ਤੋਂ ਚੱਲ ਕੇ ਆਉਂਦੇ ਹਨ, ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਨਾ ਪਰਤਣਾ ਪਵੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਹਲਕੇ ’ਚੋਂ ਭ੍ਰਿਸ਼ਟਾਚਾਰ ਜੜੋਂ੍ਹ ਪੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਸਾਂਭਣ ਮੌਕੇ ਸ਼ਹੀਦਾਂ ਦੀ ਧਰਤੀ ’ਤੇ ਕਿਹਾ ਸੀ, ‘‘ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਜੋ ਵੀ ਰਿਸ਼ਵਤ ਮੰਗੇਗਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਸਾਰੇ ਮਿਲ ਕੇ ਇੱਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਿਰਮਾਣ ਕਰਾਂਗੇ।’’
ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਨੂੰ 75 ਸਾਲ ਹੋ ਚੁੱਕੇ ਹਨ ਪਰ ਸੂਬੇ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿੱਥੇ ਕਿਸੇ ਸਰਕਾਰ ਨੇ ਆਪਣੇ ਵਜ਼ੀਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖ਼ਾਸਤ ਕੀਤਾ ਹੋਵੇ, ਜਦੋਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਉਦੋਂ ਮਿਸਾਲ ਕਾਇਮ ਕੀਤੀ, ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖ਼ਾਸਤ ਕੀਤਾ ਸੀ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਕੈਬਨਿਟ ਵਜ਼ੀਰ ਵਿਜੈ ਸਿੰਗਲਾ ਨੂੰ ਕੈਬਨਿਟ ’ਚੋਂ ਬਾਹਰ ਕੀਤਾ ਹੈ। ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ਹਰ ਵੇਲੇ ਕੰਮ ਕਰ ਰਹੀ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501-200-200 ਦੀ ਸ਼ੁਰੂਆਤ ਕੀਤੀ ਗਈ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…