
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ: ਜਰਨੈਲ ਸਿੰਘ
ਕਿਸਾਨ ਬਾਲਕ ਅਵੀਜੋਤ ਵੱਲੋਂ ਕੁਲਵੰਤ ਸਿੰਘ ਦੇ ਹੱਕ ਵਿੱਚ ਘਰ-ਘਰ ਚੋਣ ਪ੍ਰਚਾਰ ਹੋਰ ਤੇਜ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਵਰ੍ਹਦੇ ਮੀਂਹ ਵਿੱਚ ਮੁਹਾਲੀ ਤੋਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਦਾ ਸੱਦਾ ਦਿੰਦਿਆਂ ਆਮ ਲੋਕਾਂ ਨੂੰ ‘ਆਪ’ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਅਤੇ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਆਪ ਮੁਹਾਰੇ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ। ਜਿਸ ਨੂੰ ਦੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਨੀ ਲਗਭਗ ਤੈਅ ਹੈ।
ਜਰਨੈਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੰਜਾਬ ਵਿੱਚ ਹੁਣ ਕੋਈ ਵਿਅਕਤੀ ਨਾਂ ਲੈਣ ਨੂੰ ਤਿਆਰ ਨਹੀਂ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਮੌਤਾਂ ਲਈ ਸੂਬੇ ਦੇ ਲੋਕ ਕਦੇ ਵੀ ਭਾਜਪਾ ਨੂੰ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਤਾਂ ਜੋ ਇਲਾਕੇ ਵਿੱਚ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਤੋਰਿਆ ਜਾ ਸਕੇ।
ਉਧਰ, ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਟਿਕਰੀ ਬਾਰਡਰ ’ਤੇ ਡਟੇ ਰਹਿਣ ਵਾਲੇ ਮੁਹਾਲੀ ਦੇ ਵਸਨੀਕ ਛੋਟੇ ਬੱਚੇ ਅਵੀਜੋਤ ਸਿੰਘ ਨੇ ਵੀ ਆਪ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਅਤੇ ਕੁਲਵੰਤ ਸਿੰਘ ਨੂੰ ਮੁਹਾਲੀ ਤੋਂ ਵਿਧਾਇਕ ਵਜੋਂ ਦੇਖਣਾ ਚਾਹੁੰਦੇ ਹਨ। ਅਵੀਜੋਤ ਨੇ ਕਿਹਾ ਕਿ ਉਹ ਕੁਲਵੰਤ ਸਿੰਘ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਸ ਨੂੰ ਪਾਰਟੀ ਵਿੱਚ ਯੋਗ ਨੁਮਾਇੰਦਗੀ ਦੇ ਕੇ ਨੰਨ੍ਹੇ ਸਟਾਰ-ਪ੍ਰਚਾਰਕ ਵਜੋਂ ਜ਼ਿੰਮੇਵਾਰੀ ਦਿੱਤੀ ਹੈ। ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਬਲਰਾਜ ਸਿੰਘ ਗਿੱਲ, ਆਪ ਆਗੂ ਡਾ. ਸੰਨੀ ਆਹਲੂਵਾਲੀਆ, ਪ੍ਰਭਜੋਤ ਕੌਰ, ਦਿਲਬਰ ਸਿੰਘ ਵਿੱਕੀ, ਮਨਪ੍ਰੀਤ ਸਿੰਘ ਲਾਲੀ, ਹਰਜੀਤ ਸਿੰਘ, ਰੁਪਿੰਦਰ ਸਿੰਘ ਰਿੰਪਾ, ਹਰਵਿੰਦਰ ਸਿੰਘ ਲੱਕੀ, ਜਗਤਾਰ ਸਿੰਘ ਜੱਗਾ, ਕਰਤਾ ਰਾਮ, ਪਵਿੱਤਰ ਸਿੰਘ, ਨੰਬਰਦਾਰ ਹਰਸੰਗਤ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਸੁਖਪ੍ਰੀਤ ਸਿੰਘ, ਪਰਵਿੰਦਰ ਸਿੰਘ, ਪਰਮਜੀਤ ਸਿੰਘ ਕੁਲਦੀਪ ਸਿੰਘ ਸਮਾਣਾ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਤੇਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।