Share on Facebook Share on Twitter Share on Google+ Share on Pinterest Share on Linkedin ਬਿਜਲੀ ਦਰਾਂ ਵਿੱਚ ਵਾਧੇ ਵਿਰੁੱਧ 27 ਅਕਤੂਬਰ ਨੂੰ ਪਟਿਆਲਾ ਵਿੱਚ ਰੋਸ ਧਰਨਾ ਦੇਵੇਗੀ ਆਮ ਆਦਮੀ ਪਾਰਟੀ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਕੈਪਟਨ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ: ਖਹਿਰਾ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਅਕਤੂਬਰ: ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ‘ਚ ਕੀਤੇ ਗਏ ਵਾਧੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਆਉਂਦੀ 27 ਅਕਤੂਬਰ ਨੂੰ ਪਟਿਆਲਾ ਵਿਖੇ ਰੋਸ ਧਰਨਾ ਦੇਵੇਗੀ। ਧਰਨੇ ਦੀ ਅਗਵਾਈ ਸੂਬੇ ਦੀ ਸਮੁੱਚੀ ਲੀਡਰਸ਼ਿਪ ਕਰੇਗੀ। ‘ਆਪ’ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਸਹਿ-ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨੇ ਬਿਜਲੀ ਦਰਾਂ ਵਿੱਚ ਹੋਏ ਭਾਰੀ ਵਾਧੇ ਦੀ ਜੋਰਦਾਰ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਹਰ ਵਰਗ ਪਹਿਲਾਂ ਹੀ ਮਹਿੰਗਾਈ ਅਤੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਬੇਹਾਲ ਹੈ, ਅਜਿਹੀ ਸਥਿਤੀ ‘ਚ ਪੰਜਾਬ ਸਰਕਾਰ ਦਾ ਇਹ ਫੈਸਲਾ ਲੋਕਾਂ ਲਈ ਬੇਹੱਦ ਭਾਰੀ ਸਾਬਤ ਹੋਵੇਗਾ। ਇਸ ਲਈ ਕੈਪਟਨ ਸਰਕਾਰ ਇਹ ਵਾਧਾ ਤੁਰੰਤ ਵਾਪਸ ਲਵੇ। ‘ਆਪ’ ਆਗੂਆਂ ਨੇ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਬਿਜਲੀ ਦੀਆਂ ਦਰਾਂ ‘ਚ ਵਾਧੇ ਦੀ ਮਾਰ ਹਰ ਵਰਗ ‘ਤੇ ਪੈਂਦੀ ਹੈ ਅਤੇ ਸਮੁੱਚੇ ਰੂਪ ‘ਚ ਮਹਿੰਗਾਈ ਵਧਦੀ ਹੈ। ਇਕ ਪਾਸੇ ਨਰਿੰਦਰ ਮੋਦੀ ਸਰਕਾਰ ਉਚੀਆਂ ਦਰਾਂ ਵਾਲੀ ਜੀਐਸਟੀ ਲਗਾ ਕੇ ਵੀ ਹਰ ਰੋਜ਼ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਧਾ ਰਹੀ ਹੈ, ਦੂਜੇ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਦੀਆਂ ਜੇਬਾਂ ‘ਤੇ ਭਾਰੀ ਵਾਧੇ ‘ਚ ਪਿਛਲੇ 6 ਮਹੀਨਿਆਂ ਦਾ ਅਸਹਿ ਬੋਝ ਵੀ ਜੋੜ ਦਿੱਤਾ ਹੈ। ‘ਆਪ’ ਨੇ ਪੰਜਾਬ ਬਿਜਲੀ ਰੈਗੂਲੇਟਰੀ ਅਥਾਰਿਟੀ ਕੰਮਕਾਰ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਇੰਝ ਜਾਪਦਾ ਹੈ ਕਿ ਸਰਕਾਰ ਦੇ ਇਸ਼ਾਰੇ ‘ਤੇ ਬਿਜਲੀ ਦਰਾਂ ‘ਚ ਵਾਧੇ ਦੀ ਘੋਸ਼ਣਾ ਲਈ ਗੁਰਦਾਸਪੁਰ ਚੋਣਾਂ ਦੀ ਉਡੀਕ ਕੀਤੀ ਜਾ ਰਹੀ ਸੀ। ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਨੀਅਤ ‘ਚ ਖੋਟ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਕ ਪਾਸੇ ਸਸਤੀ ਬਿਜਲੀ ਪੈਦਾ ਕਰ ਰਹੇ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਹਜਾਰਾਂ ਦੀ ਗਿਣਤੀ ‘ਚ ਰੁਜਗਾਰ ਖੋਹਿਆ ਜਾ ਰਿਹਾ ਹੈ, ਦੂਜੇ ਪਾਸੇ ਨਿੱਜੀ ਥਰਮਲ ਪਲਾਂਟਾਂ ਤੋਂ ਮਹਿੰਗੀਆਂ ਦਰਾਂ ‘ਤੇ ਪਿਛਲੀ ਬਾਦਲ ਸਰਕਾਰ ਵਾਂਗ ਹੀ ਬਿਜਲੀ ਦੀ ਖਰੀਦ ਜਾਰੀ ਹੈ। ਜਦਕਿ ਉਦੋਂ ਆਮ ਆਦਮੀ ਪਾਰਟੀ ਦੇ ਨਾਲ-ਨਾਲ ਇਹਨਾਂ ਕਾਂਗਰਸੀਆਂ ਵਲੋਂ ਵੀ ਨਿੱਜੀ ਥਰਮਲ ਪਲਾਂਟਾ ਨਾਲ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਸਮਝੌਤਿਆਂ ‘ਚ ਕਰੋੜਾਂ-ਅਰਬਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾਂਦੇ ਸਨ। ਖੁਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਟੀ.ਐਸ.ਪੀ.ਐਲ ਤਲਵੰਡੀ ਸਾਬੋ, ਐਨ.ਪੀ.ਐਲ ਰਾਜਪੁਰਾ ਅਤੇ ਜੀ.ਵੀ.ਕੇ ਗੋਇੰਦਵਾਲ ਸਾਹਿਬ ਨਾਲ ਬਾਦਲੋਂ ਵਲੋਂ ਕੀਤੇ ਗਏ ਐਗਰੀਮੈਂਟ ਰੱਦ ਕਰਕੇ ਨਵੇਂ ਸਿਰਿਓ ਸਸਤੀਆਂ ਦਰਾਂ ਵਾਲੇ ਐਗਰੀਮੈਂਟ ਕਰਨ ਦਾ ਵਾਧਾ ਕੀਤਾ ਸੀ, ਪਰੰਤੂ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਇਸ ਕੰਮ ਵਿਚ ਸੁਖਬੀਰ ਸਿੰਘ ਬਾਦਲ ਦੇ ਭ੍ਰਿਸ਼ਟਾਚਾਰ ਦੇ ਹਿੱਸੇਦਾਰ ਬਣ ਗਏ ਹਨ ਅਤੇ ਇਨਾਂ ਸਮਝੌਤਿਆਂ ਵਿਰੱੁਧ ਸਭ ਤੋਂ ਵੱਧ ਬੋਲਣ ਵਾਲੇ ਸੁਨੀਲ ਜਾਖੜ ਵੀ ਚੁੱਪ ਹੋ ਗਏ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਦੀ ਨੀਅਤ ਸਾਫ ਅਤੇ ਲੋਕ ਪੱਖੀ ਹੁੰਦੀ ਤਾਂ ਤਿੰਨੋਂ ਨਿੱਜੀ ਥਰਮਲ ਪਲਾਂਟਾ ਨਾਲ ਪੁਰਾਣੇ ਐਗਰੀਮੈਂਟ ਰੱਦ ਕਰਕੇ 3702 ਕਰੋੜ ਰੁਪਏ ਸਲਾਨਾ ਨਿਰਧਾਰਤ ‘ਫਿਕਸਡ ਚਾਰਜ’ ਖਤਮ ਕਰਦੀ ਜਿਸ ਨਾਲ ਪ੍ਰਤੀ ਯੂਨਿਟ 1.49 ਪੈਸੇ ਤੋਂ ਲੈ 1.92 ਪੈਸੇ ਤੱਕ ਦੀ ਰਾਹਤ ਹਰ ਵਰਗ ਦੇ ਖਪਤਕਾਰ ਨੂੰ ਮਿਲਦੀ। ‘ਆਪ’ ਨੇ ਬਿਜਲੀ ਦਰਾਂ ‘ਚ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿੱਜੀ ਥਰਮਲ ਪਲਾਂਟਾ ਲਈ ਲੋਕ ਵਿਰੋਧੀ ਫੈਸਲਾ ਵਾਪਸ ਨਾ ਲਿਆ ਅਤੇ ਬਾਦਲ ਸਰਕਾਰ ਦੇ ਪੁਰਾਣੇ ਸਮਝੋਤੇ ਰੱਦ ਨਾ ਕੀਤੇ ਤਾਂ ‘ਆਪ’ ਵਲੋਂ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਜੋਰਦਾਰ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਸੁਰੂਆਤ 27 ਅਕਤੂਬਰ ਨੂੰ ਪਟਿਆਲਾ ਤੋਂ ਕੀਤੀ ਜਾ ਰਹੀ ਹੈ। ਉਧਰ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਬਿਜਲੀ ਦਰਾਂ 9.33 ਫੀਸਦੀ ਵਧਾਉਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਇਸ ਫੈਸਲੇ ਨਾਲ ਗ਼ਰੀਬਾਂ ਦੇ ਘਰਾਂ ਵਿੱਚ ਹਨੇਰਾ ਛਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪਹਿਲਾਂ ਹੀ ਹੁਕਮਰਾਨਾਂ ਦੀਆਂ ਮਾੜੀਆਂ ਨੀਤੀਆਂ ਅਤੇ ਅੰਤਾਂ ਦੀ ਮਹਿੰਗਾਈ ਨਾਲ ਜੂਝ ਰਹੇ ਹਨ। ਸ਼ਹਿਰੀ ਖੇਤਰ ਵਿੱਚ ਲੋਕਾਂ ਨੂੰ ਬੇਲੋੜਾ ਪ੍ਰਾਪਰਟੀ ਟੈਕਸ ਅਦਾ ਕਰਨਾ ਪੈ ਰਿਹਾ ਹੈ ਅਤੇ ਹੁਣ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੇ ਗ਼ਰੀਬ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਸ੍ਰੀ ਖਹਿਰਾ ਨੇ ਕੈਪਟਨ ਸਰਕਾਰ ਦੀ ਸੱਤ ਮਹੀਨਿਆਂ ਦੀ ਕਾਰਗੁਜ਼ਾਰੀ ਨੂੰ ਨਿੱਲ ਦੱਸਦਿਆਂ ਕਿਹਾ ਕਿ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਹੁਕਮਰਾਨਾਂ ਨੇ ਰਾਜ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦਾ ਦੀਵਾਲੀਆ ਨਿਕਲ ਚੁੱਕਾ ਹੈ ਅਤੇ ਸਰਕਾਰੀ ਖਜ਼ਾਨੇ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਕੋਈ ਪੈਸਾ ਨਹੀਂ ਹੈ ਅਤੇ ਝੋਨੇ ਦੀ ਅਦਾਇਗੀ ਬਾਰੇ ਸਰਕਾਰ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਨਹੀਂ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ