ਆਂਗਨਵਾੜੀ ਵਰਕਰਾਂ ਵੱਲੋਂ ਮੁਹਾਲੀ ਦੇ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ, ਅਰਥੀ ਫੂਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਤਿੰਨ ਸਾਲ ਦੇ ਬੱਚਿਆਂ ਨੂੰ ਦਾਖ਼ਲ ਕਰਨ ਦੇ ਫੈਸਲੇ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਆਂਗਨਵਾੜੀ ਵਰਕਰਾਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡੀਸੀ ਦਫ਼ਤਰ ਦੇ ਮੂਹਰੇ ਕੈਪਟਨ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਰਜਵੰਤ ਕੌਰ ਬੱਲੋਮਾਜਰਾ ਨੇ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਆਂਗਨਵਾੜੀ ਯੂਨੀਅਨ ਨਾਲ ਗੱਲਬਾਤ ਕੀਤੇ ਬਿਨਾਂ ਅਤੇ ਪ੍ਰੀ ਪ੍ਰਾਇਮਰੀ ਦੇ ਲਾਭ ਹਾਨੀ ਦਾ ਜਾਇਜ਼ਾ ਲਏ ਬਿਨਾਂ ਹੀ ਕੀਤਾ ਗਿਆ ਹੈ। ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਨਾਲ ਪੰਜਾਬ ਵਿੱਚ ਚੱਲ ਰਹੇ 26 ਹਜ਼ਾਰ 656 ਆਂਗਨਵਾੜੀ ਕੇਂਦਰ ਬੰਦ ਹੀ ਨਹੀਂ ਹੋਣਗੇ, ਸਗੋਂ ਇਸ ਨਾਲ ਆਈਸੀਡੀ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ।
ਆਂਗਨਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਅਗਲੇ ਸਿੱਖਿਆ ਸੈਸ਼ਨ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਅਤੇ ਨਰਸਰੀ ਦੀਆਂ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ। ਕਿਉਂਕਿ ਜੇਕਰ ਛੋਟੇ ਬੱਚਿਆਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲ ਦਿੱਤਾ ਗਿਆ ਤਾਂ ਆਂਗਨਵਾੜੀ ਕੇਂਦਰਾਂ ਨੂੰ ਤਾਲੇ ਲਾਉਣੇ ਪੈਣਗੇ। ਸਰਕਾਰ ਦਾ ਇਹ ਫੈਸਲਾ ਹਜ਼ਾਰਾਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਬੱਚਿਆਂ ਦੇ ਮੰੂਹੋਂ ਰੋਟੀ ਖੋਹਣ ਦੇ ਬਰਾਬਰ ਹੈ। ਡੀਸੀ ਦੀ ਗ਼ੈਰ ਮੌਜੂਦਗੀ ਵਿੱਚ ਐਸਡੀਐਮ ਡਾ. ਆਰ.ਪੀ. ਸਿੰਘ ਨੈ ਆਂਗਨਵਾੜੀ ਮੁਲਾਜ਼ਮਾਂ ਤੋਂ ਮੰਗ ਪੱਤਰ ਹਾਸਲ ਕਰਕੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ। ਇਸ ਮੌਕੇ ਸਨਦੀਪ ਕੌਰ, ਗੁਰਮੀਤ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ, ਮੇਹਰ ਕੌਰ, ਹਰਦੀਪ ਕੌਰ, ਭਿੰਦਰ ਕੌਰ, ਕੁਸ਼ਮ ਲਤਾ, ਸੁਖਵਿੰਦਰ ਕੌਰ, ਰਜਵੰਤ ਕੌਰ, ਗੀਤਾ ਦੇਵੀ, ਜਸਵੀਰ ਕੌਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…