
ਆਪ ਉਮੀਦਵਾਰ ਕੁਲਵੰਤ ਸਿੰਘ ਧਾਰਮਿਕ ਅਸਥਾਨ ਨਤਮਸਤਕ ਹੋਏ, ਭਾਈ ਦਵਿੰਦਰ ਸਿੰਘ ਨਾਲ ਮੁਲਾਕਾਤ
ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਨਤਮਸਤਕ ਹੋਏ ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਮੁਹਾਲੀ ਤੋਂ ਆਪ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਮਤਦਾਨ ਤੋਂ ਇਕ ਦਿਨ ਪਹਿਲਾਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨਾਲ ਸਬੰਧਤ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਿੱਖਾਂ ਦੀਆਂ ਵੋਟਾਂ ਹਾਸਲ ਲੈਣ ਲਈ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਆਪ ਆਗੂ ਮੁਤਾਬਕ ਭਾਈ ਦਵਿੰਦਰ ਸਿੰਘ ਖਾਲਸਾ ਨੇ ਉਨ੍ਹਾਂ ਦੀ ਮੁਹਾਲੀ ਤੋਂ ਸ਼ਾਨਦਾਰ ਜਿੱਤ ਦੇ ਲਈ ਖ਼ੁਦ ਅਰਦਾਸ ਕੀਤੀ ਅਤੇ ਕੁਲਵੰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਵਡਭਾਗੀ ਸਮਝਦੇ ਹਨ, ਕਿ ਅੱਜ ਇਸ ਅਸਥਾਨ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਉਹ ਹਮੇਸ਼ਾ ਭਾਈ ਦਵਿੰਦਰ ਸਿੰਘ ਖਾਲਸਾ ਦੇ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਦੀ ਜਿੱਤ ਦੀ ਕਾਮਨਾ ਕਰਦਿਆਂ ਖ਼ੁਦ ਸ੍ਰੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ।
ਜ਼ਿਕਰਯੋਗ ਹੈ ਕਿ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਵੱਲੋਂ ਵਰਸੋਏ ਗਏ ਇਸ ਧਾਰਮਿਕ ਅਸਥਾਨ ਦੀ ਮੁਹਾਲੀ ਹਲਕੇ ਵਿੱਚ ਲੋਕਾਂ ਦੇ ਮਨਾਂ ਵਿੱਚ ਚੋਖੀ ਮਾਨਤਾ ਹੈ ਅਤੇ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਸ਼ਰਧਾਲੂ ਆਉਂਦੇ ਰਹਿੰਦੇ ਹਨ ਅਤੇ ਹਮੇਸ਼ਾ ਸੇਵਾ ਅਰਚਨਾ ਦੇ ਵਿੱਚ ਜੁਟੇ ਰਹਿੰਦੇ ਹਨ। ਇਸ ਮੌਕੇ ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵੀ ਹਾਜ਼ਰ ਸਨ।
ਫੂਲਰਾਜ ਸਿੰਘ ਨੇ ਕਿਹਾ ਤੇ ਇਸ ਤੋਂ ਪਹਿਲਾਂ ਵੀ ਭਾਵੇਂ ਕੁਲਵੰਤ ਸਿੰਘ ਆਪਣੇ ਪਰਿਵਾਰ ਸਮੇਤ ਇਸ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਣ ਦੇ ਲਈ ਸਮੇਂ ਸਮੇਂ ਤੇ ਆਉਂਦੇ ਰਹਿੰਦੇ ਹਨ ਪ੍ਰੰਤੂ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਚੋਣ ਲੜਨ ਦੀ ਸੂਰਤ ਵਿੱਚ ਅੱਜ ਕੁਲਵੰਤ ਸਿੰਘ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਤੋਂ ਵਿਸ਼ੇਸ਼ ਤੌਰ ਤੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਇਸ ਗੁਰਦੁਆਰਾ ਸਾਹਿਬਾਨ ਪੁੱਜੇ ਸਨ।