ਆਪ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸੱਤਾਧਾਰੀ ਧਿਰ ਨਾਲ ਨਜ਼ਦੀਕੀਆਂ ਕਾਰਨ ਬਦਲਣ ਦੀ ਮੰਗ

ਡੀਜੀਪੀ ਸੁਰੇਸ਼ ਅਰੋੜਾ ’ਤੇ ਲਗਾਇਆ ਸੁਖਬੀਰ ਬਾਦਲ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੰਮ ਕਰਨ ਦਾ ਦੋਸ਼

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜਨਵਰੀ:
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਪੁਲੀਸ ਮੁਖੀ ਸੁਰੇਸ਼ ਅਰੋੜਾ ਦੇ ਤੁਰੰਤ ਤਬਾਦਲੇ ਦੀ ਮੰਗ ਕੀਤੀ ਹੈ ਅਤੇ ਸੁਖਬੀਰ ਬਾਦਲ ਨਾਲ ਉਸਦੀਆਂ ਨਜਦੀਕੀਆਂ ਕਾਰਨ ਸੁਖਬੀਰ ਦੇ ਸਿਆਸੀ ਹਿੱਤ ਨੂੰ ਵਧਾਵਾ ਦੇਣ ਦੇ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਹਿਊਮਨ ਰਾਈਟਸ ਵਿੰਗ ਦੇ ਮੁਖੀ ਐਡਵੋਕੇਟ ਨਵਕਿਰਨ ਸਿੰਘ ਨੇ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਨਿਰਪੱਖ ਅਤੇ ਭੈਅਮੁਕਤ ਚੋਣਾਂ ਕਰਵਾਉਣ ਲਈ ਬਿਨਾਂ ਕਿਸੇ ਦੇਰੀ ਦੇ ਡੀਜੀਪੀ ਦਾ ਤਬਾਦਲਾ ਕੀਤਾ ਜਾਵੇ। ਸ੍ਰੀ ਵੜੈਚ ਨੇ ਕਿਹਾ ਕਿ ਸੁਰੇਸ਼ ਅਰੋੜਾ ਜੇਕਰ ਮੌਜੂਦਾ ਅਹੁਦੇ ਉਤੇ ਰਹਿੰਦੇ ਹਨ ਤਾਂ ਇਸ ਨਾਲ ਚੋਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨਾਂ ਕਿਹਾ ਕਿ ਪੁਲਿਸ ਮੁਖੀ ਦੇ ਅਹੁਦੇ ਉਤੇ ਸੁਰੇਸ਼ ਅਰੋੜਾ ਦੀ ਮੌਜੂਦਗੀ ਕਾਰਨ ਚੋਣ ਕਮਿਸ਼ਨ ਦੇ ਪੂਰਾ ਮਕਸਦ ਨਾਕਾਮ ਹੋ ਜਾਵੇਗਾ।
ਸ੍ਰੀ ਵੜੈਚ ਨੇ ਦੋਸ਼ ਲਗਾਇਆ ਕਿ ਸੁਰੇਸ਼ ਅਰੋੜਾ ਇੱਕ ਅਕਾਲੀ ਵਰਕਰ ਦੀ ਤਰਾਂ ਕੰਮ ਕਰ ਰਹੇ ਹਨ। ਉਨਾਂ ਕਿਹਾ ਸੁਰੇਸ਼ ਅਰੋੜਾ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਕੋਈ ਕਾਰਵਾਈ ਨਹੀਂ ਕੀਤੀ, ਬਹਿਬਲ ਕਲਾਂ ਵਿੱਚ ਦੋ ਵਿਅਕਤੀਆਂ ਦੀ ਪੁਲਿਸ ਗੋਲੀਬਾਰੀ ਵਿੱਚ ਮੌਤ ਹੋ ਗਈ ਅਤੇ ਕੋਈ ਕਾਰਵਾਈ ਕਰਨ ਦੀ ਬਜਾਏ ਮੋਗਾ ਦੇ ਐਸਐਸਪੀ ਚਰਨਜੀਤ ਸਿੰਘ ਨੂੰ ਮੁੜ ਬਹਾਲ ਕਰ ਦਿੱਤਾ ਗਿਆ, ਜੋ ਕਿ ਇਸ ਲਈ ਜ਼ਿੰਮੇਵਾਰ ਸਨ। ਇਨ੍ਹਾਂ ਘਟਨਾਵਾਂ ਨੂੰ ਸੱਤਾਧਾਰੀ ਧਿਰ ਵੱਲੋਂ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਲਾਹਾ ਲੈਣ ਲਈ ਵਿਉਂਤਬੰਦ ਕੀਤਾ ਗਿਆ ਸੀ।
ਵਕੀਲ ਨਵਕਿਰਨ ਸਿੰਘ ਨੇ ਕਿਹਾ ਕਿ ਆਰਐਸਐਸ ਆਗੂ ਜਗਦੀਸ਼ ਗਗਨੇਜਾ ਦੀ ਹੱਤਿਆ ਬਾਰੇ ਕੋਈ ਵੀ ਸੁਰਾਗ ਲੱਭਣ ਵਿੱਚ ਡੀਜੀਪੀ ਅਸਫ਼ਲ ਰਹੇ। ਉਨ੍ਹਾਂ ਨੇ ਮਾਤਾ ਚੰਦ ਕੌਰ ਅਤੇ ਖੰਨਾ ਦੇ ਸ਼ਿਵ ਸੈਨਾ ਆਗੂ ਦੇ ਕਤਲਾਂ ਨੂੰ ਕਵਰ ਅਪ ਕਰਨ ਵਿੱਚ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਕਤਲਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਰਾਜਸੀ ਆਗੂਆਂ ਦਾ ਸਿਆਸੀ ਮੰਤਵ ਛੁਪਿਆ ਹੋਇਆ ਸੀ।
ਸ੍ਰੀ ਵੜੈਚ ਨੇ ਹਾਈ ਸਕਿਓਰਟੀ ਵਾਲੀ ਨਾਭਾ ਜੇਲ ਤੋਂ ਪੰਜ ਗੈਂਗਸਟਰਾਂ ਦੇ ਭੱਜਣ ਵਿੱਚ ਹੁਕਮਰਾਨਾਂ ਦੇ ਇਸ਼ਾਰੇ ਉਤੇ ਸੁਰੇਸ਼ ਅਰੋੜਾ ਵੱਲੋਂ ਸਹਾਇਤਾ ਕੀਤੇ ਜਾਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਦੋ ਮਹੀਨੇ ਬੀਤ ਜਾਣ ਮਗਰੋਂ ਵੀ ਪੁਲੀਸ ਨੂੰ ਗੈਂਗਸਟਰਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ ਅਤੇ ਇਨ੍ਹਾਂ ਗੈਂਗਸਟਰਾਂ ਨੂੰ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਸ਼ਰਨ ਦਿੱਤੀ ਹੋਈ ਹੈ ਤਾਂ ਜੋ ਉਨ੍ਹਾਂ ਦਾ ਸਿਆਸੀ ਵਿਰੋਧੀਆਂ ਖ਼ਿਲਾਫ਼ ਇਸਤੇਮਾਲ ਕਰ ਸਕਣ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…