
ਹੁਕਮਰਾਨਾਂ ਤੇ ਆਪ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਉਡਾਈਆਂ ਜ਼ਰੂਰੀ ਫਾਸਲਾ ਰੱਖਣ ਦੇ ਨਿਯਮਾਂ ਦੀਆਂ ਧੱਜੀਆਂ
ਕਾਂਗਰਸੀ ਤੇ ਆਪ ਵਲੰਟੀਅਰਾਂ ਨੇ ਰੋਸ ਪ੍ਰਦਰਸ਼ਨ ਬਾਰੇ ਪ੍ਰਸ਼ਾਸਨ ਤੋਂ ਨਹੀਂ ਲਈ ਆਗਿਆ
ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਕੀਤੀ ਪੁਸ਼ਟੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸੋਮਵਾਰ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਹੁਕਮਰਾਨਾਂ ਅਤੇ ਆਪ ਵਲੰਟੀਅਰਾਂ ਨੇ ਕੋਵਿਡ-19 ਦੇ ਮੱਦੇਨਜ਼ਰ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਉਂਜ ਇਹ ਪਹਿਲਾਂ ਮੌਕਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਹੁਕਮਰਾਨ ਅਤੇ ਹੋਰਨਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਰਹੀ ਹੈ। ਪਿਛਲੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਪ੍ਰੰਤੂ ਅੱਜ ਕਾਂਗਰਸੀ ਵਰਕਰਾਂ ਅਤੇ ਆਪ ਵਲੰਟੀਅਰਾਂ ਵੱਲੋਂ ਕੀਤੇ ਗਏ ਵੱਖੋ ਵੱਖਰੇ ਵਿਰੋਧ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਅਧਿਕਾਰੀ ਚੁੱਪ ਹਨ।
ਇਸ ਸਬੰਧੀ ਸੰਪਰਕ ਕਰਨ ’ਤੇ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਸਪੱਸ਼ਟ ਕੀਤਾ ਕਿ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜਾਂ ਅੰਦਰ ਵਿਰੋਧ ਪ੍ਰਦਰਸ਼ਨ ਕਰਨ ਲਈ ਪ੍ਰਸ਼ਾਸਨ ਤੋਂ ਕੋਈ ਅਗਾਊਂ ਪ੍ਰਵਾਨਗੀ ਨਹੀਂ ਲਈ ਗਈ ਹੈ ਅਤੇ ਨਾ ਹੀ ਆਪ ਵਲੰਟੀਅਰਾਂ ਨੇ ਅਜਿਹੀ ਕੋਈ ਪ੍ਰਵਾਨਗੀ ਲਈ ਗਈ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਡੀਸੀ ਦਫ਼ਤਰ ਦੇ ਬਿਲਕੁਲ ਬਾਹਰ ਫੋਟੋ ਖਿਚਵਾਉਣ ਵੇਲੇ ਸਾਰੇ ਆਗੂ ਅਤੇ ਵਰਕਰ ਇਕ ਦੂਜੇ ਨਾਲ ਜੁੜ ਕੇ ਖੜੇ ਹੋਏ ਸੀ। ਇੰਜ ਹੀ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਟੀ ਪੁਆਇੰਟ ਨੇੜੇ ਆਪ ਵਲੰਟੀਅਰ ਵੀ ਵਿਰੋਧ ਪ੍ਰਦਰਸ਼ਨ ਕਰਨ ਵੇਲੇ ਇਕ ਦੂਜੇ ਨਾਲ ਜੁੜ ਕੇ ਖੜੇ ਹੋਏ ਸੀ। ਜਦੋਂਕਿ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸਮੇਤ ਉੱਚ ਅਧਿਕਾਰੀ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਵਾਰ ਵਾਰ ਲੋਕਾਂ ਨੂੰ ਇਕ ਦੂਜੇ ਤੋਂ ਦੋ ਗਜ ਦੀ ਦੂਜੀ ਬਣਾ ਕੇ ਰੱਖਣ ਅਤੇ ਮੂੰਹ ’ਤੇ ਮਾਸਕ ਲਗਾਉਣ ਦੀ ਅਪੀਲ ਕਰ ਰਹੇ ਹਨ ਪ੍ਰੰਤੂ ਹੁਕਮਰਾਨ ਖ਼ੁਦ ਹੀ ਆਪਣੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੀ ਜ਼ਰੂਰੀ ਫਾਸਲਾ ਬਣਾ ਕੇ ਰੱਖਣ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ।