
‘ਆਪ’ ਦਾ ਮੁਕਾਬਲਾ ਬੇਰੁਜ਼ਗਾਰੀ, ਗੁੰਡਾਗਰਦੀ ਤੇ ਭ੍ਰਿਸ਼ਟਾਚਾਰ ਸਿਸਟਮ ਦੇ ਨਾਲ: ਭਗਵੰਤ ਮਾਨ
ਭਗਵੰਤ ਮਾਨ ਨੇ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਭਖਾਈ, ਕੁਲਵੰਤ ਸਿੰਘ ਨੂੰ ਸਭ ਤੋਂ ਮਿਹਨਤੀ ਤੇ ਇਮਾਨਦਾਰ ਉਮੀਦਵਾਰ ਦੱਸਿਆ
ਭਗਵੰਤ ਮਾਨ ਨੇ ਕੁਲਵੰਤ ਸਿੰਘ ਦੇ ਹੱਕ ਵਿੱਚ ਮੁਹਾਲੀ ਵਿੱਚ ਕੱਢਿਆ ਵਿਸ਼ਾਲ ਰੋਡ ਸ਼ੋਅ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਭਗਵੰਤ ਮਾਨ ਨੇ ਮੁਹਾਲੀ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਕਈ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਕੇ ਆਪ ਵਲੰਟੀਅਰਾਂ ਅਤੇ ਨੌਜਵਾਨਾਂ ਵਿੱਚ ਜੋਸ਼ ਭਰਿਆ। ਉਨ੍ਹਾਂ ਨੇ ਬਲੌਂਗੀ ਮਾਰਕੀਟ, ਫੇਜ਼-3ਬੀ2 ਦੀ ਮਾਰਕੀਟ, ਸੈਕਟਰ-79, ਫੇਜ਼-11 ਮਾਰਕੀਟ ਅਤੇ ਸੈਕਟਰ-82 ਵਿੱਚ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ।
ਭਗਵੰਤ ਮਾਨ ਨੇ ਕਿਹਾ ਕਿ ਆਪ ਦਾ ਮੁਕਾਬਲਾ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਨਾਲ ਨਹੀਂ ਹੈ, ਬਲਕਿ ਬੇਰੁਜ਼ਗਾਰੀ, ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਨਾਲ ਹੈ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਨੇ ਦੋਸਤਾਨਾ ਮੈਚ ਖੇਡਦਿਆਂ ਵਾਰੀ ਬੰਨ੍ਹ ਕੇ ਪੰਜਾਬ ਵਿੱਚ ਰਾਜ ਕੀਤਾ ਅਤੇ ਸੂਬੇ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ। ਆਜ਼ਾਦੀ ਤੋਂ ਬਾਅਦ ਇਨ੍ਹਾਂ ਪਾਰਟੀਆਂ ਨੇ ਦੇਸ਼ ਅਤੇ ਪੰਜਾਬ ਦਾ ਵਿਕਾਸ ਕਰਨ ਦੀ ਥਾਂ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਨੂੰ ਹੱਲਾਸ਼ੇਰੀ ਦੇ ਕੇ ਗੰਧਲੀ ਸਿਆਸਤ ਕੀਤੀ ਹੈ, ਜਿਨ੍ਹਾਂ ਤੋਂ ਪੱਕੇ ਤੌਰ ’ਤੇ ਮੁਕਤੀ ਪਾਉਣ ਦਾ ਹੁਣ ਬਹੁਤ ਸੁਨਹਿਰੀ ਮੌਕਾ ਹੈ। ਉਨ੍ਹਾਂ ਨੇ ਮੁਹਾਲੀ ਤੋਂ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਨੂੰ ਮਿਨਹਤੀ ਅਤੇ ਇਮਾਨਦਾਰ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਲਵੰਤ ਸਿੰਘ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਉਣ ਲਈ ਪੂਰੀ ਵਾਹ ਲਗਾ ਦੇਣ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਦੇਣ ਦੀ ਗੱਲ ਕਰ ਰਹੇ ਹਨ। ਇਸ ਦਾ ਮਤਲਬ ਇਹ ਹੈ ਕਿ ਬਾਦਲ ਚਾਹੁੰਦੇ ਹੋਣਗੇ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਚਲੇ ਜਾਣਗੇ ਤਾਂ ਫਿਰ ਇੱਥੇ ਰੁਜ਼ਗਾਰ ਜਾਂ ਆਪਣੇ ਹੱਕ ਮੰਗਣ ਵਾਲਾ ਕੋਈ ਨਹੀਂ ਰਹੇਗਾ। ਕਾਂਗਰਸ ’ਤੇ ਵਰ੍ਹਦਿਆਂ ਭਗਵੰਤ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲ ਵਿੱਚ ਨੌਜਵਾਨਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਰੁਲਣ ਅਤੇ ਪਾਣੀ ਦੀਆਂ ਟੈਂਕੀਆਂ ਅਤੇ ਮੋਬਾਈਲ ਟਾਵਰਾਂ ਉੱਤੇ ਚੜ੍ਹਨ ਲਈ ਮਜ਼ਬੂਰ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਕੁਰਸੀ ਹਾਸਲ ਕਰਨ ਲਈ ਨਹੀਂ ਬਲਕਿ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਨੌਜਵਾਨਾਂ ਨੂੰ ਨਸ਼ੇ ਦੇ ਜਾਲ ਤੋਂ ਮੁਕਤ ਕਰਵਾਉਣ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਤੇ ਰੁਜ਼ਗਾਰ ਦੇਣ ਦੀ ਲੜਾਈ ਲੜ ਰਹੇ ਹਨ। ਪੰਜਾਬ ਦੀ ਭਲਾਈ ਲਈ ਹਰ ਨਾਗਰਿਕ ਨੂੰ ਇਹ ਜੰਗ ਜਿੱਤਣੀ ਪਵੇਗੀ। ਇਸ ਲਈ 20 ਫਰਵਰੀ ਤੱਕ ਪੰਜਾਬ ਦੀ ਇਸ ਇਤਿਹਾਸਕ ਲੜਾਈ ਦੀ ਜ਼ਿੰਮੇਵਾਰੀ ਤੁਹਾਡੇ ਹੱਥਾਂ ਵਿੱਚ ਹੈ। ਉਸ ਤੋਂ ਬਾਅਦ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਕੁਲਵੰਤ ਸਿੰਘ ਨੇ ਮੁਹਾਲੀ ਆਉਣ ’ਤੇ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਵਿੱਢੀ ਲੜਾਈ ਵਿੱਚ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।