ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਭਾਜਪਾ ਦੇ ਸੀਨੀਅਰ ਆਗੂ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਨਾਕਾਮ ਸਾਬਤ ਹੋਈ ਹੈ ਅਤੇ ਆਪ ਸਰਕਾਰ ਦੀ ਦੋ ਮਹੀਨੇ ਦੀ ਕਾਰਗੁਜ਼ਾਰੀ ਬਹੁਤ ਮਾੜੀ ਹੈ ਅਤੇ ਸੂਬੇ ਦੇ ਹਾਲਾਤ ਬਦਤਰ ਬਣ ਚੁੱਕੇ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਰੋਜ਼ਾਨਾ ਕਿਸੇ ਨਾ ਕਿਸੇ ਕੋਨੇ ਵਿੱਚ ਗੈਂਗਵਾਰ ਦੀ ਘਟਨਾ ਵਾਪਰ ਰਹੀ ਹੈ। ਨਸ਼ਿਆਂ ਦੀ ਗੱਲ ਕਰੀਏ ਤਾਂ ਓਵਰਡੋਜ਼ ਕਾਰਨ ਰੋਜ਼ਾਨਾ ਨੌਜਵਾਨ ਮਰ ਰਹੇ ਹਨ।
ਪੰਜਾਬ ਵਿੱਚ ਬਿਜਲੀ ਦੇ ਕੱਟ ਇੰਨੇ ਜ਼ਿਆਦਾ ਲੱਗ ਰਹੇ ਹਨ ਕਿ ਬੀਤੇ ਦਿਨ ਗਰਮੀ ਕਾਰਨ ਤਿੰਨ ਮੌਤਾਂ ਹੋ ਗਈਆਂ। ਬਠਿੰਡਾ ਵਿੱਚ 24 ਘੰਟਿਆਂ ਦੌਰਾਨ ਬੇਅਦਬੀ ਦੀਆਂ ਦੋ ਘਟਨਾਵਾਂ ਵਾਪਰੀਆਂ ਹਨ। ਅਧਿਆਪਕ ਰੋਸ ਪ੍ਰਦਰਸ਼ਨ ਕਰ ਰਹੇ ਹਨ। ਡਿੱਪੂ ਹੋਲਡਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਲੁੱਟ-ਖੋਹ ਦੀਆਂ ਘਟਨਾਵਾਂ ਵੱਧ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤਾਂ ਪੰਜਾਬ ਦੇ ਕਿਸਾਨਾਂ ਨੇ ਵੀ ਪੰਜਾਬ-ਚੰਡੀਗੜ੍ਹ ਦੇ ਬਾਰਡਰ ਤੇ ਪੱਕਾ ਧਰਨਾ ਲਗਾ ਦਿੱਤਾ ਹੈ ਪਰ ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਮਸਲਾ ਹਲ ਕਰਨ ਦੀਥਾਂ ਉਲਟਾ ਕਿਸਾਨਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਜਿਨ੍ਹਾਂ ਲੋਕਾਂ ਨੇ ਵੋਟਾਂ ਪਾ ਕੇ ‘ਆਪ’ ਦੀ ਸਰਕਾਰ ਬਣਾਈ ਸੀ, ਉਹ ਹੁਣ ਉਸ ਨੂੰ ਕੋਸਣ ਲੱਗ ਪਏ ਹਨ ਅਤੇ ਲੋਕਾਂ ਵਿੱਚ ਸਰਕਾਰ ਦੇ ਖ਼ਿਲਾਫ਼ ਰੋਸ ਵੱਧ ਰਿਹਾ ਹੈ।