ਪੰਜਾਬ ਵਿੱਚ ਲੰਪੀ ਸਕਿਨ ਬੀਮਾਰੀ ’ਤੇ ਕਾਬੂ ਪਾਉਣ ’ਚ ਬੁਰੀ ਤਰ੍ਹਾਂ ਫੇਲ੍ਹ ਹੋਈ ਆਪ ਸਰਕਾਰ: ਸਿੱਧੂ

ਬੀਮਾਰੀ ਨੂੰ ਕੁਦਰਤੀ ਆਫ਼ਤ ਐਲਾਨ ਕੇ ਪ੍ਰਤੀ ਦੁਧਾਰੂ ਪਸ਼ੂ ਲਈ ਇਕ ਲੱਖ ਮੁਆਵਜ਼ਾ ਦਿੱਤਾ ਜਾਵੇ

ਦੁੱਧ ਦਾ ਭਾਅ ਵਾਅਦੇ ਅਨੁਸਾਰ 35 ਰੁਪਏ ਪ੍ਰਤੀ ਕਿੱਲੋ ਫੈਟ ਹੋਰ ਵਧਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਸ਼ੂਆਂ ਵਿੱਚ ਲਗਾਤਾਰ ਫੈਲ ਰਹੀ ਲੰਪੀ ਸਕਿਨ ਬੀਮਾਰੀ ’ਤੇ ਕਾਬੂ ਪਾਉਣ ਲਈ ਸੂਬੇ ਦੀ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਜਿਸ ਕਾਰਨ ਪਸ਼ੂ ਪਾਲਕ ਕਾਫ਼ੀ ਚਿੰਤਤ ਹਨ। ਉਨ੍ਹਾਂ ਮੰਗ ਕੀਤੀ ਕਿ ਪਸ਼ੂ ਪਾਲਕਾਂ ਲਈ ਆਫ਼ਤ ਬਣ ਕੇ ਆਈ ਲੰਪੀ ਸਕਿਨ ਬੀਮਾਰੀ ’ਤੇ ਕਾਬੂ ਪਾਉਣ ਲਈ ਤੁਰੰਤ ਢੁਕਵੀਂ ਮਾਤਰਾ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਮਰ ਰਹੇ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਬਿੱਲੇ ਲਾਉਣ ਦੇ ਢੁਕਵੇਂ ਇੰਤਜ਼ਾਮ ਕੀਤੇ ਜਾਣ ਤਾਂ ਕਿ ਬਾਕੀ ਪਸ਼ੂਆਂ ਨੂੰ ਇਸ ਘਾਤਕ ਬੀਮਾਰੀ ਦੀ ਮਾਰ ਤੋਂ ਬਚਾਇਆ ਜਾ ਸਕੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਕਟ ਦੀ ਘੜੀ ਵਿੱਚ ਪਸ਼ੂ ਪਾਲਕਾਂ ਦੀ ਬਾਂਹ ਫੜਦਿਆਂ ਇਸ ਬੀਮਾਰੀ ਨੂੰ ਕੁਦਰਤੀ ਆਫ਼ਤ ਐਲਾਨਦਿਆਂ ਪ੍ਰਤੀ ਦੁਧਾਰੂ ਪਸ਼ੂ ਇਕ ਲੱਖ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਪਸੂ ਪਾਲਕ ਮੁੜ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਸਾਬਕਾ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਹੁਣ ਤੱਕ ਇਸ ਬੀਮਾਰੀ ਨਾਲ ਸੂਬੇ ਵਿੱਚ 3996 ਪਸ਼ੂ ਮਰ ਚੁੱਕੇ ਹਨ ਅਤੇ ਕਰੀਬ 75000 ਹੋਰ ਲਪੇਟੇ ਵਿੱਚ ਆ ਚੁੱਕੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਲੋੜੀਂਦੀ ਮਾਤਰਾ ਵਿੱਚ ਦਵਾਈਆਂ ਦਾ ਪ੍ਰਬੰਧ ਕਰ ਸਕੀ ਹੈ ਅਤੇ ਨਾ ਹੀ ਇਸ ਭਿਆਨਕ ਬੀਮਾਰੀ ਨਾਲ ਮਰ ਰਹੇ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਬਿੱਲੇ ਲਾਉਣ ਦੇ ਪੁਖ਼ਤਾ ਪ੍ਰਬੰਧ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਆਪਣੇ ਖ਼ਰਚੇ ’ਤੇ ਮਰੇ ਹੋਏ ਪਸ਼ੂਆਂ ਨੂੰ ਚੁਕਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪਸ਼ੂ ਪਾਲਕਾਂ ਨਾਲ ਤਿੰਨ ਮਹੀਨੇ ਪਹਿਲਾਂ ਕੀਤੇ ਗਏ ਵਾਅਦੇ ਅਨੁਸਾਰ ਦੁੱਧ ਦਾ ਭਾਅ 55 ਰੁਪਏ ਪ੍ਰਤੀ ਕਿੱਲੋ ਫੈਟ ਵਧਾਇਆ ਜਾਣਾ ਸੀ ਪਰ ਸਰਕਾਰ ਨੇ ਸਿਰਫ਼ 20 ਰੁਪਏ ਪ੍ਰਤੀ ਕਿੱਲੋ ਫੈਟ ਹੀ ਵਧਾਇਆ ਹੈ ਜੋ ਮਿਲਕਫੈੱਡ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 35 ਰੁਪਏ ਪ੍ਰਤੀ ਕਿੱਲੋ ਫੈਟ ਵਧਾਇਆ ਜਾਵੇ ਤਾਂ ਜੋ ਇਸ ਅੌਖੇ ਸਮੇਂ ਪਸ਼ੂ ਪਾਲਕਾਂ ਦੀ ਵਿੱਤੀ ਮਦਦ ਹੋ ਸਕੇ।
ਸਾਬਕਾ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਪਿਛਲੇ ਇਜਲਾਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਸੀ ਕਿ ਸਰਕਾਰ ਨੇ ਵਾਅਦੇ ਮੁਤਾਬਕ ਦੁੱਧ ਦੇ ਭਾਅ ਵਿੱਚ 35 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵਿਧਾਨ ਸਭਾ ਵਿੱਚ ਕੀਤੇ ਐਲਾਨ ਦੇ ਬਾਵਜੂਦ ਹੁਣ ਤੱਕ ਸਰਕਾਰ ਨੇ ਵਾਧਾ ਨਹੀਂ ਕੀਤਾ। ਇਹੀ ਨਹੀਂ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਪਸ਼ੂ ਪਾਲਕਾਂ ਅਤੇ ਡੇਅਰੀ ਦੇ ਸਹਾਇਕ ਧੰਦੇ ਨਾਲ ਜੁੜੇ ਲੋਕਾਂ ਨੂੰ ਮਿਲਣ ਦਾ ਸਮਾਂ ਵੀ ਨਹੀਂ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…