ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਨਵੇਂ ਮਕਾਨ ਬਣਾਏਗੀ ‘ਆਪ’ ਸਰਕਾਰ: ਬ੍ਰਹਮ ਸ਼ੰਕਰ ਜਿੰਪਾ

ਲੰਮੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਮੁੱਢਲਾ ਫਰਜ਼

ਪੰਜਾਬ ਨੂੰ ਖੁੱਲ੍ਹੇ ਵਿੱਚ ਸੌਚ ਮੁਕਤ ਕਰਨ ਲਈ 5.88 ਲੱਖ ਘਰੇਲੂ ਪਖਾਨਿਆਂ ਦੀ ਵਿਵਸਥਾ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਪੰਜਾਬ ਦੀ ਆਪ ਸਰਕਾਰ ਗਰੀਬ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਨੇੜ ਭਵਿੱਖ ਵਿੱਚ ਕਮਜ਼ੋਰ ਵਰਗ ਦੇ ਲੋਕਾਂ ਲਈ 25 ਹਜ਼ਾਰ ਨਵੇਂ ਮਕਾਨ ਬਣਾਏ ਜਾਣਗੇ। ਇਹ ਪ੍ਰਗਟਾਵਾ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬੀਆਂ ਦੇ ਨਾਮ ਸੰਦੇਸ਼ ਦਿੱਤਾ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਬੋਲਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਦੇਸ਼ ਭਗਤਾਂ ਦੇ ਲੰਮੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੀ ਬਦੌਲਤ ਅੱਜ ਦੇਸ਼ ਵਾਸੀ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਨ। ਇਸ ਲਈ ਸਮੂਹ ਨਾਗਰਿਕਾਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਦੇਸ਼ ਤੇ ਕੌਮ ਦੀ ਰੱਖਿਆ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੇਗੀ। ਆਪ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 9 ਹਜ਼ਾਰ ਹੈਕਟੇਅਰ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਮੁਕਤ ਕਰਵਾਇਆ ਗਿਆ ਹੈ। ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਕਰਨਾ ਵੀ ਆਪ ਸਰਕਾਰ ਦੇ ਹਿੱਸੇ ਆਇਆ ਹੈ। ਜਿਸ ਨਾਲ 5 ਸਾਲਾਂ ਵਿੱਚ ਅਨੁਮਾਨਿਤ 100 ਕਰੋੜ ਦੀ ਰਾਸ਼ੀ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਸਰਕਾਰ ਵੱਲੋਂ 58 ਲੱਖ ਲਾਭਪਾਤਰੀਆਂ ਨੂੰ ਅਨਾਜ ਦੀ ਹੋਮ ਡਿਲਿਵਰੀ ਕੀਤੀ ਜਾ ਰਹੀ ਹੈ। ਭ੍ਰਿਸ਼ਟਾਚਾਰ ਵਿਰੋਧੀ ਲੜਾਈ ਵਿੱਚ ਸਰਕਾਰ ਨੇ ਜ਼ੀਰੋ ਟੋਲਰੈਂਸ ਦੀ ਨੀਤੀ ਅਧੀਨ ਵੱਡੀ ਲੜਾਈ ਲੜੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਖੁੱਲ੍ਹੇ ਵਿੱਚ ਸੌਚ ਮੁਕਤ ਕਰਨ ਲਈ ਹੁਣ ਤੱਕ 5.88 ਲੱਖ ਘਰੇਲੂ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ। ਅਖੀਰ ਵਿੱਚ ਸੁਤੰਤਰਤਾ ਸੰਗਰਾਮੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਦਿੱਤੇ।

ਇਸ ਮੌਕੇ ਕੈਬਨਿਟ ਮੰਤਰੀ ਦੀ ਪਤਨੀ ਸ੍ਰੀਮਤੀ ਵਿਭਾ, ਵਿਧਾਇਕ ਕੁਲਵੰਤ ਸਿੰਘ, ਏਡੀਜੀਪੀ (ਸੁਰੱਖਿਆ) ਐਸਐਸ ਸ਼੍ਰੀਵਾਸਤਵਾ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਵਿਨੀਤ ਵਰਮਾ, ਡਾ. ਸੰਨ੍ਹੀ ਆਹਲੂਵਾਲੀਆ, ਸਰਬਜੀਤ ਸਿੰਘ ਪੰਧੇਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…