‘ਆਪ’ ਸਰਕਾਰ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਨਾਲ ਅਣਐਲਾਨੀ ਐਮਰਜੈਂਸੀ ਲਗਾਈ: ਅਕਾਲੀ ਦਲ
ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜੀ ‘ਆਪ’ ਸਰਕਾਰ: ਐਨਕੇ ਸ਼ਰਮਾ
ਨਬਜ਼-ਏ-ਪੰਜਾਬ, ਮੁਹਾਲੀ, 4 ਮਾਰਚ:
ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੁਲੀਸ ਨੇ ਕਿਸਾਨ ਆਗੂਆਂ ਨੂੰ ਤੜਕੇ ਸਵੇਰੇ ਸੁੱਤੇ ਪਿਆ ਨੂੰ ਗ੍ਰਿਫ਼ਤਾਰ ਕਰਨ ਅਤੇ ਘਰਾਂ ਵਿੱਚ ਨਜ਼ਰਬੰਦ ਕਰ ਕੇ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਸੂਬੇ ਵਿੱਚ ਜਨ ਅੰਦੋਲਨ ਵਿੱਢਿਆ ਜਾਵੇਗਾ।
ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸਾਬਕਾ ਅਕਾਲੀ ਵਿਧਾਇਕ ਐਨਕੇ ਸ਼ਰਮਾ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਜ਼ਲੀਲ ਕਰਨ ਦੀ ਕੋਈ ਕਸਰ ਨਹੀਂ ਛੱਡੀ, ਸਗੋਂ ਧਮਕੀਆਂ ਦੇ ਕੇ ਤਾਨਸ਼ਾਹੀ ਰਵੱਈਆ ਅਪਣਾ ਕੇ ਅੰਨਦਾਤਾ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਥਾਂ ਮੁੱਖ ਮੰਤਰੀ ਨੂੰ ਜਦੋਂ ਕਿਸਾਨਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਚੇਤੇ ਕਰਵਾਏ ਤਾਂ ਮੁੱਖ ਮੰਤਰੀ ਅੱਧ ਵਿਚਾਲੇ ਮੀਟਿੰਗ ਛੱਡ ਕੇ ਭੱਜ ਗਏ ਅਤੇ ਅੱਜ ਤੜਕੇ ਸਵੇਰੇ ਕਿਸਾਨਾਂ ਦੇ ਘਰਾਂ ਵਿੱਚ ਪੁਲੀਸ ਭੇਜ ਕੇ ਉਨ੍ਹਾਂ ਨੂੰ ਜਬਰੀ ਚੁੱਕ ਕੇ ਅਣਦੱਸੀ ਥਾਂ ’ਤੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ।
ਐਨਕੇ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ। ਮੁੱਖ ਮੰਤਰੀ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨੇ ਵੀ ਨਾ ਸਿਰਫ਼ ਸਾਰੀਆਂ ਫ਼ਸਲਾਂ ਐਮਐਸਪੀ ’ਤੇ ਖ਼ਰੀਦਣ ਦਾ ਵਾਅਦਾ ਕੀਤਾ ਸੀ ਸਗੋਂ ਕਿਸਾਨਾਂ ਨੂੰ ਦਾਲਾਂ ਤੇ ਮੱਕੀ ਬੀਜਣ ਲਈ ਉਤਸ਼ਾਹਿਤ ਕਰਦਿਆਂ ਭਰੋਸਾ ਦਿੱਤਾ ਸੀ ਕਿ ਇਨ੍ਹਾਂ ਦੀ ਐਮਐਸਪੀ ’ਤੇ ਖਰੀਦ ਕੀਤੀ ਜਾਵੇਗੀ।
ਅਕਾਲੀ ਆਗੂਆਂ ਨੇ ਕਿਹਾ ਕਿ ਅਨੇਕਾਂ ਵਾਰ ਕਿਸਾਨਾਂ ਨੂੰ ਮੌਸਮ ਦੀ ਮਾਰ ਪਈ ਹੈ ਪਰ ਪੀੜਤਾਂ ਨੂੰ ‘ਆਪ’ ਸਰਕਾਰ ਤੋਂ ਕੋਈ ਮਦਦ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਧਿਰ ਦੇ ਆਗੂਆਂ ਨੂੰ ਖ਼ੁਦ ਆ ਕੇ ਮਿਲਦੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਅੱਜ ਤਹਿਸੀਲਾਂ ਦਾ ਦੌਰਾ ਕਰਨ ਨੂੰ ਕਿਸਾਨਾਂ ਦੀ ਗ੍ਰਿਫ਼ਤਾਰੀ ਤੋਂ ਲੋਕਾਂ ਦਾ ਧਿਆਨ ਪਾਸੇ ਹਟਾਉਣ ਅਤੇ ਵਾਹਾਵਾਹੀ ਖੱਟਣ ਲਈ ਮਹਿਜ਼ ਤਸਵੀਰਾਂ ਖਿਚਵਾਉਣ ਦਾ ਸਟੰਟ ਦੱਸਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਵਧਿਆ ਹੈ ਅਤੇ ਭ੍ਰਿਸ਼ਟਾਚਾਰ ਦਾ ਸਾਰਾ ਪੈਸਾ ਦਿੱਲੀ ਵਿੱਚ ਆਪ ਲੀਡਰਸ਼ਿਪ ਨੂੰ ਭੇਜਿਆ ਜਾ ਰਿਹਾ ਹੈ। ਇਹੀ ਹਾਲ ਨਸ਼ਿਆਂ ਦਾ ਹੈ ਅਤੇ ਆਪ ਆਗੂ ਨਸ਼ਾ ਤਸਕਰਾਂ ਤੋਂ ਮਹੀਨਾ ਲੈ ਰਹੇ ਹਨ ਜਦੋਂਕਿ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਡਰਾਮੇਬਾਜ਼ੀ ਕਰ ਰਹੀ ਹੈ। ਇਸ ਮੌਕੇ ਪਾਰਟੀ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ, ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।