ਭਾਜਪਾ ਨਾਲੋਂ ਵੱਧ ਮਾੜੀ ਸਾਬਤ ਹੋਈ ‘ਆਪ’ ਹਕੂਮਤ: ਕਿਸਾਨ ਆਗੂ
ਨਬਜ਼-ਏ-ਪੰਜਾਬ, ਮੁਹਾਲੀ, 5 ਮਾਰਚ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਅਤੇ ਕਿਸਾਨ ਆਗੂ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਚੰਡੀਗੜ੍ਹ ਮੋਰਚੇ ਨੂੰ ਤਾਰਪੀਡੋ ਕਰਨ ਲਈ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਫੜ ਕੇ ਥਾਣੇ ਡੱਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ, ਭਾਜਪਾ ਦੀ ਕੇਂਦਰ ਸਰਕਾਰ ਨਾਲੋਂ ਵੀ ਵੱਧ ਮਾੜੀ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਤਾਂ ਅਸੀਂ ਸ਼ੁਰੂ ਤੋਂ ਇਹ ਕਹਿੰਦੇ ਆ ਰਹੇ ਹਾਂ ਕਿ ਕੇਂਦਰ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦਾ ਹੈ ਅਤੇ ਕਿਸਾਨ ਵਿਰੋਧੀ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੰਜਾਬ ਦੇ ਕਿਸਾਨਾਂ ਨੂੰ ਇਹ ਉਮੀਦ ਨਹੀਂ ਸੀ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਕੇਂਦਰ ਤੋਂ ਦੇਸ਼ ਦੀ ਰਾਜਧਾਨੀ ਵਿੱਚ ਜਾ ਕੇ ਪ੍ਰਦਰਸ਼ਨ ਕਰਨ ਦੀ ਕਿੱਥੋਂ ਆਸ ਰੱਖ ਸਕਦੇ ਹਾਂ। ਉਨ੍ਹਾਂ ਮੁੱਖ ਮੰਤਰੀ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਜਾ ਰਹੀ ਸ਼ਬਦਾਵਲੀ ਦੀ ਵੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਨ ਤੋਂ ਰੋਕਣਾ ਸ਼ਰ੍ਹੇਆਮ ਲੋਕਤੰਤਰ ਦਾ ਘਾਣ ਹੈ। ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੁਲੀਸ ਤੰਤਰ ਦੇ ਰਾਹੀਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਪ੍ਰੰਤੂ ਉਹ ਇਹ ਗੱਲ ਭੁੱਲ ਗਏ ਕਿ ‘ਆਪ’ ਵੀ ਧਰਨਿਆਂ ਅਤੇ ਮੋਰਚਿਆਂ ਤੋਂ ਪੈਦਾ ਹੋਈ ਸੀ। ਸਰਕਾਰ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਕਿਸਾਨੀ ਇਨਕਲਾਬ ਦਾ ਨਾਅਰਾ ਹੋਰ ਬੁਲੰਦ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਸ਼ਾਮ ਪੁਲੀਸ ਨੇ ਹਿਰਾਸਤ ਵਿੱਚ ਲਏ ਸਾਰੇ ਕਿਸਾਨ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ ਪ੍ਰੰਤੂ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਉਹ ਕਦੇ ਵੀ ਨਹੀਂ ਭੁੱਲਣਗੇ।