
‘ਆਪ’ ਦੇ ਕਿਸਾਨ ਵਿੰਗ ਨੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਮਾਰਿਆ ਹਾਅ ਦਾ ਨਾਅਰਾ
ਆਪ ਵਲੰਟੀਅਰਾਂ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਆਮ ਆਦਮੀ ਪਾਰਟੀ (ਆਪ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਅਤੇ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਜਸਬੀਰ ਕੌਰ ਨੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕੱਚੇ ਅਧਿਆਪਕਾਂ ਅਤੇ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਉਪਰੰਤ ਆਪ ਆਗੂਆਂ ਨੇ ਸਕੂਲ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਕੱਚੇ ਅਧਿਆਪਕਾਂ, ਵਿਸ਼ੇਸ਼ ਲੋੜਾਂ ਵਾਲੇ ਅਧਿਆਪਕਾਂ ਅਤੇ ਕੱਚੇ ਦਫ਼ਤਰੀ ਸਟਾਫ਼ ਨੂੰ ਪੱਕਾ ਕਰਨ ਬਾਰੇ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇ ਅਤੇ ਬੋਰਡ ਦੇ ਦਿਹਾੜੀਦਾਰ ਕਾਮਿਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਇਸ ਮੌਕੇ ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਜਨਰਲ ਸਕੱਤਰ ਰਾਜ ਕੁਮਾਰ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪ ਆਗੂ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਖ਼ੁਦ ਮੁਖ਼ਤਿਆਰ ਅਦਾਰਾ ਹੈ। ਲਿਹਾਜ਼ਾ ਬੋਰਡ ਮੈਨੇਜਮੈਂਟ ਆਪਣੇ ਪੱਧਰ ’ਤੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਕੱਚੇ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਦਾ ਫੈਸਲਾ ਲੈ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਕਰਮਚਾਰੀਆਂ ਦੇ ਫੋਟੋ ਸ਼ਨਾਖ਼ਤੀ ਅਤੇ ਹੋਰ ਜਾਇਜ਼ ਮੰਗਾਂ ਬਾਰੇ ਬੋਰਡ ਮੁਖੀ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਕੂਲ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਡੇਲੀਵੇਜ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਾਬਾ ਰਾਮ ਸਿੰਘ, ਗੁਰਦੀਪ ਸਿੰਘ, ਯੂਥ ਆਗੂ ਸੁਖਦੇਵ ਸਿੰਘ ਲਾਲੀ, ਮਨਿੰਦਰ ਸਿੰਘ, ਸਤਿਕਾਰ ਸਿੰਘ ਤੇ ਹੋਰ ਵਲੰਟੀਅਰ ਮੌਜੂਦ ਸਨ।