nabaz-e-punjab.com

ਆਪ ਦੇ ਵਿਧਾਇਕ ਕੰਵਰ ਸੰਧੂ ਨੇ ਦੰਗਾ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਦੰਗਾ ਪੀੜਤ ਪਰਿਵਾਰਾਂ ਤੋਂ ਮਕਾਨ ਖਾਲੀ ਕਰਵਾਉਣਾ ਬਿਲਕੁਲ ਗਲਤ: ਕੰਵਰ ਸੰਧੂ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੰਵਰ ਸਿੰਘ ਸੰਧੂ ਨੇ ਐਤਵਾਰ ਨੂੰ ਫੇਜ਼-11 ਦਾ ਦੌਰਾ ਕਰਕੇ ਦੰਗਾ ਪੀੜਤ ਪਰਿਵਾਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਸੰਧੂ ਨੇ ਕਿਹਾ ਕਿ ਜਿਹੜੇ ਮਕਾਨਾਂ ਵਿੱਚ ਲੋਕ ਪਿਛਲੇ 25-30 ਸਾਲਾਂ ਤੋਂ ਰਹਿੰਦੇ ਆ ਰਹੇ ਹਨ। ਹੁਣ ਉਨ੍ਹਾਂ ਤੋਂ ਜਬਰਦਸਤੀ ਮਕਾਨ ਖਾਲੀ ਕਰਵਾਉਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਗਮਾਡਾ ਨੂੰ ਇਹ ਮਕਾਨ ਕਿਸੇ ਹੋਰ ਮੰਤਵ ਲਈ ਚਾਹੀਦੇ ਵੀ ਹਨ ਤਾਂ ਪਹਿਲਾਂ ਪੀੜਤ ਪਰਿਵਾਰਾਂ ਦੇ ਰੈਣ ਬਸੇਵੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਸ੍ਰੀ ਸੰਧੂ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ਅਤੇ ਦੰਗਾ ਪੀੜਤ ਪਰਿਵਾਰਾਂ ਨੂੰ ਢੁਕਵੇਂ ਮਕਾਨ ਦੇਣ ਅਤੇ ਸਰਵੇ ਕਰਕੇ ਬਾਕੀ ਰਹਿੰਦੇ ਲੋਕਾਂ ਦੇ ਲਾਲ ਕਾਰਡ ਬਣਾਉਣ ਅਤੇ ਉਨ੍ਹਾਂ ਨੂੰ ਬਣਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਗ ਪੈਰਵੀ ਕਰਨਗੇ। ਇਸ ਤੋਂ ਇਲਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਵੀ ਗੱਲ ਕੀਤੀ ਜਾਵੇਗੀ। ਇਸ ਮੌਕੇ ਆਪ ਰਮਣੀਕ ਸਿੰਘ ਅਤੇ ਹੋਰ ਦੇ ਵਾਲੰਟੀਅਰ ਵੀ ਮੌਜੂਦ ਸਨ।
ਉਧਰ, ਦੰਗਾ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਨਵੰਬਰ 1984 ਸਿੱਖ ਕਤਲੇਆਮ ਤੋਂ ਬਾਅਦ ਉਸ ਸਮੇਂ ਦੀ ਸਰਕਾਰ ਨੇ ਉਨ੍ਹਾਂ ਨੂੰ ਤਰਸ ਦੇ ਆਧਾਰ ’ਤੇ ਫੇਜ਼-11 ਵਿੱਚ ਰਹਿਣ ਲਈ ਮਕਾਨ ਦਿੱਤੇ ਸੀ। ਜਿਨ੍ਹਾਂ ਵਿੱਚ ਉਹ ਪਿਛਲੇ 25-30 ਸਾਲਾਂ ਤੋਂ ਰਹਿੰਦੇ ਆ ਰਹੇ ਹਨ। ਲੇਕਿਨ ਹੁਣ ਗਮਾਡਾ ਉਨ੍ਹਾਂ ਤੋਂ ਇਹ ਮਕਾਨ ਖਾਲੀ ਕਰਵਾ ਕੇ ਉਨ੍ਹਾਂ ਨੂੰ ਮੁੜ ਉਜੜਣ ਲਈ ਦਬਾਅ ਪਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਗਮਾਡਾ ਦੀ ਟੀਮ ਪੁਲੀਸ ਫੋਰਸ ਲੈ ਕੇ ਉਨ੍ਹਾਂ ਦੇ ਮਕਾਨ ਖਾਲੀ ਕਰਨ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਸਿਆਸੀ ਖੇਡ ਨਹੀਂ ਖੇਡਣ ਦਿੱਤੀ ਜਾਵੇਗੀ।
ਇੱਥੇ ਇਹ ਦੱਸਣਯੋਗ ਹੈ ਕਿ ਸਨਿੱਚਰਵਾਰ ਨੂੰ ਗਮਾਡਾ ਦਾ ਨਾਜਾਇਜ਼ ਕਬਜ਼ੇ ਹਟਾਊ ਦਸਤਾ ਪੂਰੇ ਲਾਮ ਲਸ਼ਕਰ ਨਾਲ ਫੇਜ਼-11 ਵਿੱਚ ਦੰਗਾ ਪੀੜਤ ਪਰਿਵਾਰਾਂ ਤੋਂ ਮਕਾਨ ਖਾਲੀ ਕਰਵਾਉਣ ਪਹੁੰਚ ਗਏ ਸੀ। ਗਮਾਡਾ ਦੀ ਇਸ ਕਾਰਵਾਈ ਦਾ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਤੇ ਕੌਂਸਲਰ ਜਸਬੀਰ ਸਿੰਘ ਮਣਕੂ ਸਮੇਤ ਪੀੜਤ ਲੋਕਾਂ ਨੇ ਜਬਰਦਸਤ ਵਿਰੋਧ ਕਰਦਿਆਂ ਗ੍ਰਿਫ਼ਤਾਰੀਆਂ ਵੀ ਦਿੱਤੀਆਂ ਸਨ। ਜਿਨ੍ਹਾਂ ਨੂੰ ਮਾਮਲਾ ਸ਼ਾਂਤ ਹੋਣ ਮਗਰੋਂ ਛੱਡ ਦਿੱਤਾ ਗਿਆ। ਅਕਾਲੀ ਦਲ ਦੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਵੀ ਮੌਕੇ ’ਤੇ ਪਹੁੰਚ ਕੇ ਗਮਾਡਾ ਦੀ ਕਾਰਵਾਈ ਦਾ ਵਿਰੋਧ ਕੀਤਾ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…