
ਆਪ ਆਗੂ ਰਜਿੰਦਰ ਸਿੰਘ ਨੇ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 18 ਦਸੰਬਰ:
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਉੱਘੇ ਕਾਰੋਬਾਰੀ ਰਜਿੰਦਰ ਸਿੰਘ ਨੇ ਰੂਪਨਗਰ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਤਾਂ ਨੌਜਵਾਨਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਸੱਤਾਧਾਰੀ ਕਾਂਗਰਸ ਪਾਰਟੀ ਸਮੇਤ ਅਕਾਲੀ ਤੇ ਭਾਜਪਾ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰਿਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਸੂਬੇ ਦੇ ਲੋਕ ਆਪ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ‘ਆਪ’ ਲੀਡਰਸ਼ਿਪ ਵੱਲੋਂ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਜਾਣਗੇ, ਉਹਾ ਸਾਰੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ’ਚੋਂ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਆਮ ਆਦਮੀ ਪਾਰਟੀ ਨੂੰ ਪੂਰਨ ਸਮਰਥਨ ਦੇਣ ਤਾਂ ਜੋ ਰਾਜ ਦੇ ਲੋਕਾਂ ਨੂੰ ਇਕ ਇਮਾਨਦਾਰ ਅਤੇ ਸਵੱਛ ਪ੍ਰਸ਼ਾਸਨ ਵਾਲੀ ਲੋਕਾਂ ਦੀ ਆਪਣੀ ਸਰਕਾਰ ਬਣਾਈ ਜਾ ਸਕੇ। ਰਜਿੰਦਰ ਸਿੰਘ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਨੌਜਵਾਨ ਅਤੇ ਆਮ ਨਾਗਰਿਕ ਉਨ੍ਹਾਂ ਨੂੰ ਜਦੋ ਮਰਜ਼ੀ ਚਾਹੇ ਗਿਆਨੀ ਜ਼ੈਲ ਸਿੰਘ ਨਗਰ ਸਥਿਤ ਰਿਹਾਇਸ਼ ’ਤੇ ਆ ਕੇ ਮਿਲ ਸਕਦਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਰੂਪਨਗਰ ਦੀ ਕਾਇਆ ਕਲਪ ਕਰਨ ਲਈ ਇੱਥੋਂ ਦੇ ਪੱਕੇ ਬਾਸ਼ਿੰਦਿਆਂ ਅਤੇ ਨੌਜਵਾਨਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਵਿਕਾਸ ਦੀਆਂ ਯੋਜਵਾਨਾਂ ਅਤੇ ਪ੍ਰੋਗਰਾਮ ਉਲੀਕੇ ਜਾਣਗੇ ਤਾਂ ਜੋ ਸਾਂਝੇ ਯਤਨਾਂ ਨਾਲ ਕੰਮ ਨੇਪਰੇ ਚਾੜ੍ਹੇ ਜਾ ਸਕਣ। ਇਸ ਮੌਕੇ ਯੂਥ ਆਗੂ ਜਸਕਰਨ ਸਿੰਘ, ਸੰਤ ਸਿੰਘ ਅਬਰਾਵਾਂ, ਬਲਜਿੰਦਰ ਸਿੰਘ ਗੋਲਡੀ ਅਤੇ ਹੋਰ ਪਤਵੰਤੇ ਹਾਜ਼ਰ ਸਨ।