
‘ਆਪ’ ਆਗੂਆਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਏਡੀਸੀ ਨੂੰ ਸੌਂਪਿਆ ਪੱਤਰ ਮੰਗ
ਜੇਕਰ ਕਿਸਾਨਾਂ ਦੀ ਫਸਲ ਦਾ ਉਚਿੱਤ ਪ੍ਰਬੰਧ ਨਾ ਕੀਤਾ ਤਾਂ ਜ਼ਿਲ੍ਹਾ ਪੱਧਰ ’ਤੇ ਧਰਨੇ ਦੇਵਾਂਗੇ: ਜਗਦੇਵ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਹੈ ਕਿ ਮੰਡੀਆ ਵਿੱਚ ਕਣਕ ਸਮੇਂ ਸਿਰ ਨਾ ਚੁੱਕਣ ਅਤੇ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਬਾਰਦਾਨੇ ਦੀ ਕਮੀ ਕਾਰਨ ਸੂਬੇ ਦੇ ਕਿਸਾਨਾਂ ਦੀ ਖਰੀਦ ਤੇ ਚੁਕਾਈ ਵਿੱਚ ਲੰਬੇ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਇਸ ਦੇ ਨਾਲ ਹੀ ਬਰਸਾਤ ਕਾਰਨ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਜੋ ਕਿ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅੰਕੜਿਆ ਅਨੁਸਾਰ ਬਰਸਾਤ ਕਾਰਨ ਭਿੱਜਣ ਨਾਲ ਖਰਾਬ ਹੋਣ ਵਾਲੀ ਕਣਕ ਦੀ ਮਾਤਰਾ ਲਗਭਗ 10 ਲੱਖ ਟਨ ਹੈ।
ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਮੀਂਹ ਨਾਲ ਭਿੱਜੀ ਕਣਕ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਮੀ ਦੀ ਮਾਤਰਾ ਵਿੱਚ ਢਿੱਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਲਾਂ ਵੱਲ ਧਿਆਨ ਨਾ ਦੇ ਕੇ ਬਾਰਦਾਨੇ ਦੀ ਕਮੀ ਨੂੰ ਪੂਰਾ ਕਰਕੇ ਕਣਕ ਦੀ ਖਰੀਦ ਵਿੱਚ ਤੇਜੀ ਨਾ ਲਿਆਂਦੀ ਗਈ ਤਾਂ ਪਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਧਰਨੇ ਲਗਾਉਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿੱਚ ਕਿਸਾਨਾਂ ਲਈ ਢੁੱਕਵੇਂ ਪ੍ਰਬੰਧ ਨਾ ਕੀਤੇ ਗਏ ਤਾਂ ਜ਼ਿਲ੍ਹਾ ਪੱਧਰ ’ਤੇ ਧਰਨੇ ਲਗਾਏ ਜਾਣਗੇ।
ਸ੍ਰੀ ਮਲੋਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਐਮਐਲਏ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਕੋਠੀ ਦਾ ਘਿਰਾਓ ਕੀਤਾ। ਜਿਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਨਹੀਂ ਹੋਵੇਗੀ ਅਤੇ ਉਨ੍ਹਾਂ ਦੀ ਫਸਲ ਵੀ ਸਮੇਂ ਸਿਰ ਚੁਕੀ ਜਾਵੇਗੀ ਪਰ ਉਸ ਸਬੰਧੀ ਹਾਲੇ ਤੱਕ ਕੋਈ ਢੁਕਵਾਂ ਹੱਲ ਨਹੀਂ ਹੋਇਆ। ਇਸ ਮੌਕੇ ਡਾ. ਚਿਰਾਜਦੀਪ ਸਿੰਘ ਸਨੀ ਆਹਲੂਵਾਲੀਆ, ਜਸਪਾਲ ਸਿੰਘ ਕੁੰਭੜਾ ਅਤੇ ਗੁਰਪ੍ਰੀਤ ਟੋਨੀ ਮੌਜੂਦ ਸਨ।