
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫਤਿਹ ਮਾਰਚ ਤੋਂ ਪਹਿਲਾਂ ਬਣ ਜਾਵੇਗੀ ਪਿੰਡ ਚੱਪੜਚਿੜੀ ਦੀ ਲਿੰਕ ਸੜਕ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਾਰਟੀ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕਈ ਕਲੋਨੀ ਵਾਸੀਆਂ ਨੇ ਬਿਜਲੀ-ਪਾਣੀ, ਸੀਵਰੇਜ, ਸਫ਼ਾਈ ਅਤੇ ਨੀਲੇ ਕਾਰਡਾਂ ਦਾ ਮੁੱਦਾ ਚੁੱਕਿਆ ਜਦੋਂਕਿ ਕਈ ਵਿਅਕਤੀਆਂ ਨੇ ਸ਼ਹਿਰ ਦੀਆਂ ਅੰਦਰੂਨੀ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਬੜੇ ਠਰੰ੍ਹਮੇ ਨਾਲ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਦੀਆਂ ਕਲੋਨੀਆਂ ਵਿੱਚ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਲੋੜਵੰਦਾਂ ਦੇ ਨੀਲੇ ਕਾਰਡ ਬਣਾਏ ਜਾਣਗੇ। ਬਿਜਲੀ-ਪਾਣੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਲਿੰਕ ਸੜਕਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਬਣਾਉਣ ਲਈ ਸੂਬਾ ਸਰਕਾਰ ਨੂੰ ਕਰੀਬ 15 ਕਰੋੜ ਰੁਪਏ ਐਸਟੀਮੇਟ ਤਿਆਰ ਕਰਕੇ ਭੇਜੇ ਗਏ ਹਨ ਅਤੇ ਪ੍ਰਵਾਨਗੀ ਮਿਲਣ ਤੋਂ ਤੁਰੰਤ ਬਾਅਦ ਲਿੰਕ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਫਤਿਹ ਮਾਰਚ ਤੋਂ ਪਹਿਲਾਂ ਇਤਿਹਾਸਕ ਪਿੰਡ ਚੱਪੜਚਿੜੀ ਦੀ ਲਿੰਕ ਸੜਕ ਬਣਾ ਦਿੱਤੀ ਜਾਵੇਗੀ ਜਦੋਂਕਿ ਸ਼ਹਿਰ ਦੀਆਂ ਸੜਕਾਂ ਲਈ ਸਥਾਨਕ ਸਰਕਾਰਾਂ ਵਿਭਾਗਾਂ ਅਤੇ ਗਮਾਡਾ ਨੂੰ ਕਿਹਾ ਗਿਆ ਹੈ।
ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬਰਨਾਲਾ, ਆਰਪੀ ਸ਼ਰਮਾ, ਸਰਕਲ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਬਿੱਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਉਧਰ, ਇਸੇ ਦੌਰਾਨ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਕੌਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਕ ਮੈਂਬਰਾਂ ਦੀ ਈਕੇਵਾਈਸੀ (ਬਾਇਓ-ਮੀਟਰਿਕ ਵੈਰੀਫਿਕੇਸ਼ਨ) ਕਰਵਾਉਣਾ 30 ਅਪਰੈਲ ਤੱਕ ਲਾਜ਼ਮੀ ਹੈ। ਉਨ੍ਹਾਂ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਰਾਸ਼ਨ ਡਿੱਪੂ ਹੋਲਡਰ ਨਾਲ ਤਾਲਮੇਲ ਕਰਕੇ 30 ਅਪਰੈਲ ਤੱਕ ਈਕੇਵਾਈਸੀ ਕਰਵਾਉਣੀ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਰਾਸ਼ਨ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਈਕੇਵਾਈਸੀ ਨਾ ਹੋਣ ਦੀ ਸੂਰਤ ਵਿੱਚ ਅਗਲੇ ਕਣਕ ਦੇ ਵੰਡ ਚੱਕਰ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਫੌਰੀ ਈਕੇਵਾਈਸੀ ਕਰਵਾ ਕੇ ਸਰਕਾਰੀ ਯੋਜਨਾ ਦਾ ਲਾਭ ਲਿਆ ਜਾਵੇ।