‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਘੱਟੋ-ਘੱਟ ਉਜ਼ਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਦਾ ਮੁੱਦਾ
ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ-ਘੱਟ ਉਜ਼ਰਤਾਂ ਵਿੱਚ ਵਾਧਾ ਕਰਨ ਦਾ ਮੁੱਦਾ ਚੁੱਕਦਿਆਂ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਤਜਵੀਜ਼ ਬਾਰੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਹਾਊਸ ਅੰਦਰ ਸੁਆਲ ਪੁੱਛਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਤਜਵੀਜ਼ ਹੈ ਤਾਂ ਇਸ ਨੂੰ ਕਦੋਂ ਤੱਕ ਅਮਲੀ ਰੂਪ ਦਿੱਤਾ ਜਾਵੇਗਾ, ਬਾਰੇ ਵਿਸਥਾਰ ਨਾਲ ਦੱਸਿਆ ਜਾਵੇ।
‘ਆਪ’ ਵਿਧਾਇਕ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਘੱਟੋ-ਘੱਟ ਉਜ਼ਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜ਼ਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ, ਇਕ ਤਰੀਕਾ ਹੈ ਕਿ ਘੱਟੋ-ਘੱਟ ਉਜ਼ਰਤਾਂ ਦੀ ਵਿਵਸਥਾ (adjustment) 3onsumer Price 9ndex ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖ਼ਰੀ ਵਾਧਾ ਮਿਤੀ 1 ਸਤੰਬਰ 2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 1 ਮਾਰਚ 2025 ਤੋਂ ਆਉਣ ਵਾਲੇ ਕੱੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਦੂਜਾ ਤਰੀਕਾ ਘੱਟੋ-ਘੱਟ ਉਜ਼ਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ ਹੁੰਦਾ ਹੈ। ਇਸ ਸਬੰਧੀ ਤਜਵੀਜ਼ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਮੰਗ ਕੀਤੀ ਕਿ ਘੱਟੋ-ਘੱਟ ਉਜ਼ਰਤਾਂ ਦੇ ਬੇਸ ਰੇਟ ਵਿੱਚ ਯੂਟੀ ਸਮੇਤ ਹੋਰ ਗੁਆਂਢੀ ਸੂਬਿਆਂ ਦੀ ਤਰਜ਼ ’ਤੇ ਵਾਧਾ ਕੀਤਾ ਜਾਵੇ ਤਾਂ ਜੋ ਕਿਰਤੀ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਰਾਹਤ ਮਿਲ ਸਕੇ। ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਦੀਆਂ ਖੋਖਾ ਮਾਰਕੀਟਾਂ ਦੇ ਦੁਕਾਨਦਾਰਾਂ ਨੂੰ ਪੱਕੇ ਬੂਥ ਅਲਾਟ ਕਰਨ, ਮੋਟਰ ਮਾਰਕੀਟ ਨੂੰ ਢੁਕਵੀਂ ਥਾਂ ’ਤੇ ਸ਼ਿਫ਼ਟ ਕਰਨ ਸਮੇਤ ਸ਼ਹਿਰ ਦੇ ਨਾਮੀ ਹਸਪਤਾਲਾਂ ਦੇ ਬਾਹਰ ਫੁੱਟਪਾਥਾਂ ’ਤੇ ਖੜੇ ਕੀਤੇ ਜਾਂਦੇ ਵਾਹਨਾਂ ਦਾ ਮੁੱਦਾ ਚੁੱਕਿਆ ਸੀ।