‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਬੂਥ ਪੱਧਰ ’ਤੇ ਕਮੇਟੀਆਂ ਬਣਾਉਣ ’ਤੇ ਜ਼ੋਰ
ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ:
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਲੋਕਾਂ ਦੀ ਨਬਜ਼ ਟਟੋਲਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਸਮੂਹ ਬਲਾਕ ਪ੍ਰਧਾਨਾਂ, ਸਾਬਕਾ ਕੌਂਸਲਰਾਂ, ਪਿੰਡਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਦੀ ਮਜ਼ਬੂਤੀ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਉਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸੋਚ, ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਆਮ ਨਾਗਰਿਕਾਂ ਨੂੰ ਹੇਠਲੇ ਪੱਧਰ ’ਤੇ ਜਾਗਰੂਕ ਕਰਨ ਦਾ ਸੱਦਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਵਿੱਚ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਲੋਕਾਂ ਦੇ ਬੂਹੇ ’ਤੇ ਜਾ ਕੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਜਦੋਂਕਿ ਇਸ ਤੋਂ ਪਹਿਲਾਂ ਲੋਕ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਹੁੰਦੇ ਰਹਿੰਦੇ ਸਨ।
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਹੁਣ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਕਮਰਕੱਸ ਲਈ ਹੈ। ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਅਕਵਿੰਦਰ ਸਿੰਘ ਗੋਸਲ, ਹਰਬਿੰਦਰ ਸਿੰਘ ਸੈਣੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਰਹਿਮਤ ਜੁਨੇਜਾ, ਮਲਕੀਅਤ ਸਿੰਘ ਰਾਏਪੁਰ, ਸਤਨਾਮ ਸਿੰਘ ਗੀਗੇਮਾਜਰਾ, ਰਵਿੰਦਰ ਸਿੰਘ, ਮੁਖ਼ਤਿਆਰ ਸਿੰਘ ਕੁਰੜਾ, ਮਗਨ ਲਾਲ, ਤਰੁਣਪ੍ਰੀਤ ਸਿੰਘ ਪੱਪੂ (ਸਾਰੇ ਬਲਾਕ\ਸਰਕਲ ਪ੍ਰਧਾਨ), ਜਸਪਾਲ ਸਿੰਘ ਬਿੱਲਾ ਮਟੌਰ ਅਤੇ ਅਵਤਾਰ ਸਿੰਘ ਮੌਲੀ ਆਦਿ ਮੌਜੂਦ ਸਨ।