‘ਆਪ’ ਵਿਧਾਇਕ ਨੇ ਕੂੜੇ ਦੀ ਸਮੱਸਿਆ ਦਾ ਗੰਭੀਰ ਨੋਟਿਸ ਲਿਆ, ਮਸਲੇ ਹੱਲ ਲਈ ਦਿੱਤਾ ਨਿੱਜੀ ਦਖ਼ਲ

ਵਿਧਾਇਕ ਨੇ ਡੀਸੀ, ਏਡੀਸੀਜ਼ ਸਮੇਤ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਲੋਕਾਂ ਨੂੰ ਸਮੱਸਿਆ ਤੋਂ ਬਚਾਉਣ ਲਈ ਅਧਿਕਾਰੀਆਂ ਨੂੰ ਕੂੜੇ ਦਾ ਪ੍ਰਬੰਧਨ ਕਰਨ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 27 ਜੂਨ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਅਤੇ ਦੋਵੇਂ ਵਿਭਾਗਾਂ ਨੂੰ ਕੂੜੇ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਕੂੜੇ ਦਾ ਨਿਪਟਾਰਾ ਨਾ ਹੋਣ ਕਾਰਨ ਡਾਢੇ ਪ੍ਰੇਸ਼ਾਨ ਹਨ। ਇਸ ਲਈ ਦੋਵੇਂ ਵਿਭਾਗਾਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਗਮਾਡਾ ਖੇਤਰਾਂ ਵਿੱਚ ਪੈਂਦੇ ਆਰਐਮਸੀ (ਰਿਸੋਰਸ ਮੈਨੇਜਮੈਂਟ ਸੈਂਟਰ) ਨੂੰ ਸੰਭਾਲਿਆ ਜਾਵੇ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਵਿਧਾਇਕ ਦੇ ਨਿੱਜੀ ਦਖ਼ਲ ਤੋਂ ਬਾਅਦ ਦੋਵੇਂ ਸੰਸਥਾਵਾਂ ਮੌਜੂਦਾ ਸਮੱਸਿਆ ਦੇ ਹੱਲ ਤੱਕ ਕੂੜੇ ਦਾ ਪ੍ਰਬੰਧਨ ਆਪੋ-ਆਪਣੀ ਸਾਲਿਡ ਵੇਸਟ ਮੈਨੇਜਮੈਂਟ ਏਜੰਸੀਆਂ ਕਰਨ ਲਈ ਸਹਿਮਤੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸਮਗੋਲੀ ਵਿੱਚ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਲਈ ਤਕਨੀਕੀ ਅਤੇ ਕਾਨੂੰਨੀ ਅੜਚਣਾਂ ਨੂੰ ਦੂਰ ਕੀਤਾ ਜਾਵੇਗਾ।
ਇਸ ਮੌਕੇ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਭਾਵੇਂ ਇਹ ਮਸਲਾ ਗੰਭੀਰ ਹੈ ਪਰ ਇਹ ਮੁਹਾਲੀ ਨਗਰ ਨਿਗਮ ਦੀ ਹੱਦ ਅਤੇ ਗਮਾਡਾ ਵੱਲੋਂ ਵਿਕਸਤ ਖੇਤਰਾਂ ਦੇ ਲੋਕਾਂ ਲਈ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੋਵਾਂ ਸ਼ਹਿਰੀ ਸੰਸਥਾਵਾਂ ਤੋਂ ਵੱਡੀਆਂ ਆਸਾਂ ਹਨ। ਇਸ ਲਈ ਕੋਈ ਸਥਾਈ ਹੱਲ ਕੱਢਣ ਤੋਂ ਪਹਿਲਾਂ ਆਰਜ਼ੀ ਢੰਗ ਨਾਲ ਤੁਰੰਤ ਕੂੜਾ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੋਵੇਂ ਸੰਸਥਾਵਾਂ ਵਿੱਚ ਆਪਸੀ ਤਾਲਮੇਲ ’ਤੇ ਜ਼ੋਰ ਦਿੱਤਾ। ਉਨ੍ਹਾਂ ਨਿਗਮ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਇਸ ਮੁੱਦੇ ’ਤੇ ਠੋਸ ਪ੍ਰਬੰਧਨ ਏਜੰਸੀਆਂ ਨੂੰ ਸ਼ਾਮਲ ਕਰਨ ਤਾਂ ਜੋ ਲੋਕਾਂ ਨੂੰ ਹੋਰ ਪ੍ਰੇਸ਼ਾਨੀ ਨਾ ਝੱਲਣੀ ਪਵੇ। ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸਡੀਐਮ ਦੀਪਾਂਕਰ ਗਰਗ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…