‘ਆਪ’ ਵਿਧਾਇਕਾਂ ਵੱਲੋਂ ਕੱਚੇ ਅਧਿਆਪਕਾਂ ਦੇ ਲੜੀਵਾਰ ਸੰਘਰਸ਼ ਦੀ ਹਮਾਇਤ ਦਾ ਐਲਾਨ

ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਜੈ ਕਿਸ਼ਨ ਰੋੜੀ ਅਤੇ ਹੋਰ ਆਗੂ ਅਧਿਆਪਕਾਂ ਨਾਲ ਧਰਨੇ ’ਤੇ ਬੈਠੇ

ਸ਼ੁੱਕਰਵਾਰ ਨੂੰ ਹੋਵੇਗੀ ਸਿੱਖਿਆ ਮੰਤਰੀ, ਕੈਪਟਨ ਸੰਧੂ, ਸੁਰੇਸ਼ ਕੁਮਾਰ ਤੇ ਕ੍ਰਿਸ਼ਨ ਕੁਮਾਰ ਨਾਲ ਦੂਜੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਸੋਮਵਾਰ ਨੂੰ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਅੱਜ ਆਮ ਆਦਮੀ ਪਾਰਟੀ (ਆਪ) ਨੇ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਜੈ ਕਿਸ਼ਨ ਰੋੜੀ, ਸੀਨੀਅਰ ਆਗੂ ਵਿਨੀਤ ਵਰਮਾ, ਡਾ. ਚਿਰਾਗਦੀਪ ਸਿੰਘ ਸੰਨ੍ਹੀ ਆਹਲੂਵਾਲੀਆ ਅਤੇ ਹੋਰ ਆਗੂ ਅੱਜ ਅਧਿਆਪਕਾਂ ਨਾਲ ਧਰਨੇ ’ਤੇ ਬੈਠੇ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸੇ ਦੌਰਾਨ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ, ਗਗਨਦੀਪ ਕੌਰ ਅਤੇ ਜਸਵੰਤ ਪੰਨੂ ਨੇ ਐਸਐਸਪੀ ਸਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੁਲੀਸ ਮੁਖੀ ਨੂੰ ਭਰੋਸਾ ਦਿੱਤਾ ਕਿ ਉਹ ਮੰਗਾਂ ਦੀ ਪੂਰਤੀ ਤੱਕ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰਨਗੇ। ਇਸ ਮੌਕੇ ਐਸਐਸਪੀ ਨੇ ਕੱਚੇ ਅਧਿਆਪਕਾਂ ਦੀ ਸ਼ੁੱਕਰਵਾਰ ਨੂੰ ਸਾਢੇ 12 ਵਜੇ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਕੈਪਟਨ ਸੰਦੀਪ ਸੰਧੂ ਅਤੇ ਕ੍ਰਿਸ਼ਨ ਕੁਮਾਰ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ। ਇਹ ਦੂਜੀ ਮੀਟਿੰਗ ਹੈ। ਇਸ ਤੋਂ ਪਹਿਲਾਂ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਜਿਸ ਕਾਰਨ ਕੱਚੇ ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਪੱਕਾ ਮੋਰਚਾ ਗੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕਰ ਦਿੰਦੀ। ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਭਲਕੇ ਕੱਚੇ ਅਧਿਆਪਕ ਯੂਨੀਅਨ, ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਜੇਕਰ ਸ਼ੁੱਕਰਵਾਰ ਨੂੰ ਹੋਣ ਵਾਲੀ ਦੂਜੀ ਪੈਨਲ ਮੀਟਿੰਗ ਵਿੱਚ ਕੱਚੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਮੰਨਣ ਸਬੰਧੀ ਠੋਸ ਫੈਸਲਾ ਨਹੀਂ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਸਿੱਖਿਆ ਸਕੱਤਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…