nabaz-e-punjab.com

ਈਡੀ ਵੱਲੋਂ ‘ਆਪ’ ਵਿਧਾਇਕ ਦਾ ਭਰਾ ਬਲਵੰਤ ਸਿੰਘ ਗ੍ਰਿਫ਼ਤਾਰ, 4 ਦਿਨ ਦਾ ਰਿਮਾਂਡ

ਨਬਜ਼-ਏ-ਪੰਜਾਬ, ਮੁਹਾਲੀ, 5 ਅਕਤੂਬਰ:
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਈਡੀ ਨੇ ਇਹ ਗ੍ਰਿਫ਼ਤਾਰੀ 40 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਪਾਈ ਹੈ। ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਬੰਦ ਹੈ।
ਈਡੀ ਦੀ ਜਾਂਚ ਟੀਮ ਵੱਲੋਂ ਅੱਜ ਉਸ ਨੂੰ ਮੁਹਾਲੀ ਦੀ ਸੀਬੀਆਈ-ਕਮ-ਐਨਆਈਏ ਅਦਾਲਤ ਦੀ ਵਿਸ਼ੇਸ਼ ਜੱਜ ਮਨਜੋਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਵਿਧਾਇਕ ਦੇ ਭਰਾ ਕੋਲੋਂ ਪੁੱਛਗਿੱਛ ਕਰਨ ਲਈ 7 ਦਿਨ ਦਾ ਪੁਲੀਸ ਰਿਮਾਂਡ ਦੇਣ ਦੀ ਅਰਜ਼ੀ ਦਾਹਿਰ ਕੀਤੀ ਗਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਲਵੰਤ ਸਿੰਘ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ। ਇਸ ਕੇਸ ਦੀ ਅਗਲੀ ਸੁਣਵਾਈ ਲਈ 9 ਅਕਤੂਬਰ ਦਾ ਦਿਨ ਨਿਸ਼ਚਿਤ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੱਜਣ ਮਾਜਰਾ ਦਾ ਪਰਿਵਾਰ ਨੂੰ ਬਹੁ-ਕਰੋੜੀ ਬੈਂਕ ਧੋਖਾਧੜੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਬੀਤੀ 16 ਸਤੰਬਰ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਵਿਧਾਇਕ ਗੱਜਣਮਾਜਰਾ ਨੂੰ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਈਡੀ ਵੱਲੋਂ ਪਿਛਲੇ ਸਾਲ 6 ਦਸੰਬਰ 2023 ਨੂੰ ਪੰਜਾਬ ਦੀ ਹੁਕਮਰਾਨ ਪਾਰਟੀ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਹੈ। ਕਾਬਿਲੇਗੌਰ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਵਿਧਾਇਕ ਗੱਜਣ ਮਾਜਰਾ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲਈ ਸੀ, ਜਿੱਥੇ ਉਸ ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਨੌਤੀ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 40 ਕਰੋੜ ਰੁਪਏ ਦੀ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਮਈ 2023 ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਛਾਪੇਮਾਰੀ ਤੋਂ ਬਾਅਦ ਸੀਬੀਆਈ ਨੇ ਮਾਮਲਾ ਈਡੀ ਨੂੰ ਸੌਂਪ ਦਿੱਤਾ ਗਿਆ। ਇਸ ਮਗਰੋਂ ਈਡੀ ਵੱਲੋਂ ਪਿਛਲੇ ਸਾਲ ਸਤੰਬਰ ਵਿੱਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰਜ਼ਾ ਧੋਖਾਧੜੀ ਦਾ ਵੱਖਰਾ ਕੇਸ ਦਰਜ ਕੀਤਾ ਸੀ। ਛਾਪੇਮਾਰੀ ਦੌਰਾਨ ਈਡੀ ਦੀ ਟੀਮ ਨੇ ਉਸ ਦੀ ਜਾਇਦਾਦ ਤੋਂ 32 ਲੱਖ ਰੁਪਏ ਦੀ ਨਗਦੀ, ਕਈ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਸੀ। ਗੱਜਣ ਮਾਜਰਾ ਜਿਸ ਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਸਿਰਫ਼ 1 ਰੁਪਏ ਪ੍ਰਤੀਕਾਤਮਕ ਤਨਖ਼ਾਹ ਲਵੇਗਾ, ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਗੱਜਣ ਮਾਜਰਾ ਨਾਭਾ ਜੇਲ੍ਹ ਵਿੱਚ ਬੰਦ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…