nabaz-e-punjab.com

ਆਪ ਵਾਲੰਟੀਅਰਾਂ ਨੇ ਮੁਹਾਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਪੁਤਲਾ ਫੂਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਆਮ ਆਦਮੀ ਪਾਰਟੀ ਦੀ ਮੁਹਾਲੀ ਇਕਾਈ ਵੱਲੋਂ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਚੋਣ ਲੜ ਚੁੱਕੇ ਨਰਿੰਦਰ ਸਿੰਘ ਸ਼ੇਰਗਿਲ ਦੀ ਅਗਵਾਈ ਵਿਚ ਅੱਜ ਸਥਾਨਕ ਫੇਜ 3-5 ਦੇ ਚੌਂਕ ਵਿਚ ਜਾਮ ਲਗਾ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਪੀਕਰ ਅਤੇ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨਰਿੰਦਰ ਸ਼ੇਰਗਿਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਆਪ ਵਿਧਾਇਕ ਸ੍ਰੀ ਸੁਖਪਾਲ ਸਿੰਘ ਖਹਿਰਾ ਨੂੰ ਬਜਟ ਸੈਸ਼ਨ ਲਈ ਮੁਅੱਤਲ ਕਰਕੇ ਤਾਨਾਸ਼ਾਹੀ ਵਾਲਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿਚ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗਲ ਕਹਿਣ ਦਾ ਹੱਕ ਹੈ। ਆਪ ਵਿਧਾਇਕਾਂ ਨੇ ਮੰਗ ਕੀਤੀ ਸੀ ਕਿ ਜੇਕਰ ਆਪ ਵਿਧਾਇਕ ਸ੍ਰੀ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਦਨ ਵਿੱਚ ਨਹੀਂ ਬੈਠਣ ਦੇਣਾ ਤਾਂ ਗੈਲਰੀ ਵਿੱਚ ਹੀ ਬੈਠਣ ਦਿੱਤਾ ਜਾਵੇ ਪਰ ਸਪੀਕਰ ਨੇ ਇਕ ਨਾ ਮੰਨੀ ਅਤੇ ਸਾਰੇ ਹੀ ਵਿਧਾਇਕਾਂ ਨੂੰ ਬਾਹਰ ਕੱਢਣ ਦਾ ਹੁਕਮ ਦੇ ਦਿੱਤਾ।
ਉਹਨਾਂ ਕਿਹਾ ਕਿ ਇਸ ਮੌਕੇ ਆਪ ਵਿਧਾਇਕਾਂ ਨਾਲ ਖਿਚਧੂਹ ਕੀਤੀ ਗਈ, ਜਿਸ ਕਾਰਨ ਦੋ ਵਿਧਾਇਕਾਂ ਦੀਆਂ ਪੱਗਾਂ ਉਤਰ ਗਈਆਂ ਅਤੇ ਇਕ ਮਹਿਲਾ ਵਿਧਾਇਕ ਸਿਰ ਵਿਚ ਸੱਟ ਵੱਜਣ ਕਾਰਨ ਬੇਹੋਸ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਉਣਾ ਪਿਆ। ਉਹਨਾਂ ਕਿਹਾ ਕਿ ਇਸ ਤਰਾਂ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਵੀ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਪੀਕਰ ਅਤੇ ਕਾਂਗਰਸ ਸਰਕਾਰ ਦੀ ਧਕੇਸ਼ਾਹੀ ਬਰਦਾਸਤ ਨਹੀਂ ਕਰੇਗੀ ਅਤੇ ਇਸ ਮਾਮਲੇ ਨੂੰ ਲੋਕਾਂ ਦੀ ਕਚਹਿਰੀ ਵਿਚ ਲੈ ਕੇ ਜਾਵੇਗੀ।
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਦੇ ਕਨਵੀਨਰ ਤੇ ਸੀਨੀਅਰ ਵਕੀਲ ਦਰਸ਼ਨ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਿਲਕੁਲ ਨਿਰਪੱਖ ਹੋਣਾ ਚਾਹੀਦਾ ਹੈ ਅਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਨੂੰ ਲੋਕ ਮੁੱਦਿਆਂ ’ਤੇ ਬੋਲ੍ਹਣ ਦੀ ਪੂਰੀ ਖੁੱਲ੍ਹ ਤੇ ਆਜ਼ਾਦੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਵਿੱਚ ਕਾਨੂੰਨ ਕਾਇਮ ਨਹੀਂ ਰਹਿ ਸਕਦਾ ਹੈ ਤਾਂ ਫਿਰ ਪੰਜਾਬ ਵਿੱਚ ਜੰਗਲ ਰਾਜ ਦੇ ਚੱਲਦਿਆਂ ਲੋਕਾਂ ਨੂੰ ਕੈਪਟਨ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਪੀਕਰ ਨੇ ਭਾਰਤੀ ਸੰਵਿਧਾਨ ਅਤੇ ਕਾਨੂੰਨ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਹਨ। ਇਸ ਲਈ ਸਪੀਕਰ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਪ੍ਰੋ. ਮੇਹਰ ਸਿੰਘ ਮੱਲ੍ਹੀ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਬਦਸਲੂਕੀ ਬਰਦਾਸ਼ਤ-ਯੋਗ ਨਹੀਂ ਹੈ। ਉਨ੍ਹਾਂ ਸਪੀਕਰ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਰਾਣਾ ਕੇਪੀ ਸਿੰਘ ਦੇ ਤਾਨਾਸ਼ਾਹੀ ਵਰਗੇ ਆਦੇਸ਼ਾਂ ਕਾਰਨ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ।
ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਆਪ ਦੀ ਮਹਿਲਾ ਵਿੰਗ ਦੀ ਕਾਨੂੰਨੀ ਸਲਾਹਕਾਰ ਅਮਨਦੀਪ ਕੌਰ, ਰਮਣੀਕ ਸਿੰਘ, ਕੈਪਟਨ ਕਰਨੈਲ ਸਿੰਘ, ਸਤਵੰਤ ਕੌਰ ਘੂੰਮਣ, ਸ੍ਰੀਮਤੀ ਅੰਨੂ ਰਾਣੀ, ਮਨਦੀਪ ਸਿੰਘ ਮਟੌਰ, ਭੁਪਿੰਦਰ ਸਿੰਘ ਮੌਲੀ, ਗੱਬਰ ਸਿੰਘ ਮੌਲੀ, ਸੁਖਵਿੰਦਰ ਸਿੰਘ, ਮੇਜਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੱਡੀ ਵਿੱਚ ਆਪ ਵਾਲੰਟੀਅਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…