
‘ਆਪ ਸਰਕਾਰ-ਆਪ ਦੇ ਦੁਆਰ’: ਵਿਧਾਇਕ, ਡੀਸੀ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੇ ‘ਆਪ ਸਰਕਾਰ-ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਪਿੰਡ ਪੱਤੋਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਕੁਲਵੰਤ ਸਿੰਘ ਨੇ ਕਿਹਾ ਕਿ ਪੇਂਡੂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਸ਼ੁਰੂ ਹੋਈ ਇਸ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਾਏ ਜਾਣਗੇ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦਾ ਸੁਫ਼ਨਾ ਦੇਖ ਕੇ ਲੋਕਾਂ ਨੇ ਆਪ ਦੇ ਹੱਕ ਵਿੱਚ ਫਤਵਾ ਦਿੱਤਾ ਸੀ ਅਤੇ ਇਸ ਸੁਫ਼ਨੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 86 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਅੌਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣੇ ਜਲਦੀ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੀਆਂ ਸੇਧਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਦਰਾਂ ’ਤੇ ਪੁੱਜਾ ਹੈ, ਜਿੱਥੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਅਤੇ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰ ਨਾਗਰਿਕ ਨੂੰ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਡੀਸੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲਖੁਆਰੀ ਨਾ ਹੋਵੇ, ਇਸ ਸਬੰਧੀ ਠੋਸ ਕਦਮ ਚੁੱਕੇ ਗਏ ਹਨ ਅਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਅਤੇ ਸਰਕਾਰੀ ਕੰਮਾਂ ਵਿੱਚ ਢਿੱਲ-ਮੱਠ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਏਡੀਸੀ (ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐਸਡੀਐਮ ਸਰਬਜੀਤ ਕੌਰ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ ਅਤੇ ਹੋਰ ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਸਨ।