Nabaz-e-punjab.com

ਮਹਿੰਗੀ ਬਿਜਲੀ ਖ਼ਿਲਾਫ਼ ਸੂਬੇ ਭਰ ‘ਚ ‘ਆਪ’ ਨੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ

ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੀ ਸਮਝੌਤੇ ਰੱਦ ਕਰਨ ਦੀ ਮੰਗ ‘ਤੇ ਦਿੱਤਾ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਦਸੰਬਰ:
ਪੰਜਾਬ ‘ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਆਪਣੇ-ਆਪਣੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਾਰੂ ਅਤੇ ਇਕਪਾਸੜ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕੀਤੇ ਜਾਣ। ਇਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੰਗ ਪੱਤਰ ਵਿਚ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਥੱਲੇ ਕਾਂਗਰਸ ਦੇ ਮੈਨੀਫੈਸਟੋ ਦੇ ਪੰਨਾ ਨੰਬਰ 96,97 ਅਤੇ 98 ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ ਹੈ। ਜਿਸ ਵਿਚ ਨਿੱਜੀ ਥਰਮਲ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪਾਵਰ ਕਾਮ ਦੀ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਦਾ ਆਡਿਟ ਕਰਾਉਣ ਸਮੇਤ ਕੁੱਲ 10 ਵਾਅਦੇ ਕੀਤੇ ਗਏ ਸਨ।
‘ਆਪ’ ਦੋਸ਼ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਕੀਤੇ ਇਨ੍ਹਾਂ 10 ਵਾਅਦਿਆਂ ‘ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਨਿੱਜੀ ਬਿਜਲੀ ਕੰਪਨੀਆਂ ਦੇ ਦਬਾਅ ਥੱਲੇ ਵਾਰ-ਵਾਰ ਬਿਜਲੀ ਮਹਿੰਗੀ ਕੀਤੀ ਜਾ ਰਹੀ ਹੈ।
‘ਆਪ’ ਨੇ ਦੋਸ਼ ਲਗਾਇਆ ਕਿ ਮੋਟੀ ਹਿੱਸਾ-ਪੱਤੀ ਨਾਲ ਬਾਦਲਾਂ ਨੇ ਇਹ ਇਕਰਾਰਨਾਮੇ ਸਸਤੀ ਬਿਜਲੀ ਪੈਦਾ ਕਰਦੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਦਿੱਤੀ। ਕਈ ਅਜਿਹੀਆਂ ਮਾਰੂ ਸ਼ਰਤਾਂ ਮੰਨੀਆਂ ਜੋ ਸਿੱਧੀ ਲੁੱਟ ਹਨ। ਮਿਸਾਲ ਵਜੋਂ ਕੋਲਾ ਖ਼ਾਨਾਂ ‘ਤੇ ਕੋਲੇ ਦੀ ਧੁਆਈ (ਵਾਸ਼ਿੰਗ) ਦਾ ਖ਼ਰਚ ਵੀ ਪੰਜਾਬ ਦਾ ਹਰੇਕ ਅਮੀਰ-ਗ਼ਰੀਬ ਆਪਣੀ ਜੇਬ ‘ਚੋਂ ਕਰਵਾ ਰਿਹਾ ਹੈ। ਪਹਿਲੀ ਜਨਵਰੀ ਤੋਂ ਪ੍ਰਤੀ ਯੂਨਿਟ 30 ਪੈਸੇ ਲਾਗੂ ਹੋਇਆ ਵਾਧਾ ਕੋਲੇ ਦੀ ਧੁਆਈ ਦੀ 1400 ਕਰੋੜ ਰੁਪਏ ਦੀ ਇੱਕ ਕਿਸ਼ਤ ਦਾ ਨਤੀਜਾ ਹੈ। ਇਸੇ ਤਰ੍ਹਾਂ ਦੀ 1300 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਗਾਜ਼ ਅਗਲੇ ਇੱਕ-ਦੋ ਮਹੀਨਿਆਂ ‘ਚ ਡਿੱਗਣ ਜਾ ਰਹੀ ਹੈ।
ਬਿਜਲੀ ਮੋਰਚੇ ਦੀ ਕਮਾਨ ਸੰਭਾਲ ਰਹੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਬਿਜਲੀ ਨੀਤੀ ਤੋਂ ਸਬਕ ਲੈਣ ਦੀ ਜ਼ਰੂਰਤ ਹੈ। ਕਿਉਂਕਿ ਪਿਛਲੇ 5 ਸਾਲਾਂ ‘ਚ ਉੱਥੇ ਬਿਜਲੀ ਮਹਿੰਗੀ ਹੋਣ ਦੀ ਥਾਂ ਸਸਤੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2020 ਦੇ ਪਹਿਲੇ ਹਫ਼ਤੇ ‘ਚ ਪੰਜਾਬ ਸਰਕਾਰ ਬਿਜਲੀ ਸਸਤੀ ਕਰਨ ਲਈ ਠੋਸ ਕਦਮ ਨਹੀਂ ਉਠਾਉਂਦੀ ਤਾਂ ਆਮ ਆਦਮੀ ਪਾਰਟੀ (ਆਪ) ਪੰਜਾਬ 7 ਜਨਵਰੀ ਨੂੰ ‘ਆਪ’ ਲੀਡਰਸ਼ਿਪ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ, ਸਥਿਤ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗੀ।
ਮੀਤ ਹੇਅਰ ਦੀ ਅਗਵਾਈ ਹੇਠ ਬਰਨਾਲਾ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਹੁਸ਼ਿਆਰਪੁਰ, ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਦੀ ਅਗਵਾਈ ਹੇਠ ਸੰਗਰੂਰ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਅਗਵਾਈ ਹੇਠ ਬਠਿੰਡਾ ਵਿਖੇ ਮੰਗ ਪੱਤਰ ਸੌਂਪੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…