Nabaz-e-punjab.com

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਿਰੇ ਦਾ ਨੌਟੰਕੀਬਾਜ਼: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੋਵੇਂ ਹੀ ਪਾਖੰਡੀ ਅਤੇ ਮੌਕਾਪ੍ਰਸਤ ਪਾਰਟੀਆਂ ਹਨ। ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ। ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਆਪਣੇ ਸਿਆਸੀ ਮੁਫ਼ਾਦਾਂ ਦੀ ਖਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ,‘‘ਹੁਣ ਕਿਸਾਨਾਂ ਦੇ ਸੰਘਰਸ਼ ‘ਚੋਂ ਸਿਆਸੀ ਫਾਇਦਾ ਚੁੱਕਣ ਲਈ ਉਨ੍ਹਾਂ ਨੇ ਇਸ ਮੁੱਦੇ ’ਤੇ ਯੂ-ਟਰਨ ਲੈ ਲਿਆ ਅਤੇ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿੱਤੇ ਹਨ।‘‘
ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ’ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ’ਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ। ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ’ਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ’ਤੇ ਦੋਹਰੇ ਮਾਪਦੰਡਾਂ ਅਪਣਾਉਣ ਲਈ ‘ਆਪ’ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।’’
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…