
ਕਿਸਾਨਾਂ ’ਤੇ ਅੱਤਿਆਚਾਰ ਖ਼ਿਲਾਫ਼ ‘ਆਪ’ ਵਲੰਟੀਅਰਾਂ ਨੇ ਪ੍ਰਧਾਨ ਮੰਤਰੀ ਤੇ ਖੱਟਰ ਦੇ ਪੁਤਲੇ ਸਾੜੇ
ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰੇ ਸਰਕਾਰ: ਸੰਧਵਾਂ
ਲਾਠੀਚਾਰਜ ਦਾ ਹੁਕਮ ਦੇਣ ਵਾਲੇ ਐਸਡੀਐਮ ਤੇ ਹੋਰਨਾਂ ਅਫ਼ਸਰਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਕੇਸ ਦਰਜ ਕਰਨ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਕਰਨਾਲ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਅੱਜ ਇੱਥੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਫੇਜ਼-3\5 ਦੇ ਟਰੈਫ਼ਿਕ ਲਾਈਟ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਸਾੜ ਕੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਆਪ ਵਲੰਟੀਅਰਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੱਟਰ ਦੇ ਹੁਕਮਾਂ ’ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਦਰਜਨ ਤੋਂ ਵੱਧ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ ਹੈ।
ਸੀਨੀਅਰ ਆਗੂ ਵਿਨੀਤ ਵਰਮਾ, ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਡਾ. ਸੰਨੀ ਆਹਲੂਵਾਲੀਆ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ਵਿੱਚ ਲਿਖੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਅਧਿਕਾਰਾਂ ਦੇ ਹੱਕ ਦੀ ਵਰਤੋਂ ਕਰਕੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਪਰ ਭਾਜਪਾ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ’ਤੇ ਵੀ ਡਾਕੇ ਮਾਰ ਰਹੀਆਂ ਹਨ ਅਤੇ ਹੁਕਮਰਾਨ ਡੰਡੇ ਦੇ ਜ਼ੋਰ ਨਾਲ ਆਮ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸਡੀਐਮ ਅਤੇ ਪੁਲੀਸ ਅਫ਼ਸਰਾਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।
ਇਸ ਮੌਕੇ ਮਹਿਲਾ ਵਿੰਗ ਪੰਜਾਬ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਜਨਰਲ ਸਕੱਤਰ ਪ੍ਰਭਜੋਤ ਕੌਰ, ਐਡਵੋਕੇਟ ਅਮਰਦੀਪ ਕੌਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ, ਕੈਸ਼ੀਅਰ ਬੀਐਸ ਚਾਹਲ, ਮੀਡੀਆ ਇੰਚਾਰਜ ਜਸਪਾਲ ਸਿੰਘ ਕਾਊਦੀ, ਮਨਦੀਪ ਸਿੰਘ, ਸੁਭਾਸ਼ ਸ਼ਰਮਾ, ਮਲਵਿੰਦਰ ਸਿੰਘ ਕੰਗ, ਜੀਐਸ ਕਾਹਲੋਂ ਅਤੇ ਹੋਰ ਵਲੰਟੀਅਰ ਹਾਜ਼ਰ ਸਨ।