
ਖੇਤੀ ਸੁਧਾਰ ਆਰਡੀਨੈਂਸ ਖ਼ਿਲਾਫ਼ ‘ਆਪ’ ਵਲੰਟੀਅਰਾਂ ਨੇ ਪ੍ਰਧਾਨ ਮੰਤਰੀ ਤੇ ਸੁਖਬੀਰ ਦੇ ਪੁਤਲੇ ਸਾੜੇ
ਅਕਾਲੀ-ਭਾਜਪਾ ਦੀ ਕੁਰਸੀ ਬਚਾਓ ਤੇ ਲੋਕ ਮਾਰੂ ਰਾਜਨੀਤੀ ਦੀ ਸਖ਼ਤ ਅਲੋਚਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਕੇਂਦਰ ਸਰਕਾਰ ਦੇ ਖੇਤੀ ਸੁਧਾਰ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰ ਸੜਕਾਂ ’ਤੇ ਉਤਰ ਆਏ ਹਨ। ਅੱਜ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਂਕ ਨੇੜੇ ਆਪ ਵਲੰਟੀਅਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਸਾੜੇ ਗਏ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਆਪ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਮੁਹਾਲੀ ਹਲਕੇ ਦੇ ਆਗੂ ਗੁਰਤੇਜ ਸਿੰਘ ਪੰਨੂ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਰਾਜ ਗਿੱਲ ਨੇ ਕੀਤੀ।
ਗੁਰਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਦੇ ਹੱਕ ਕੇਂਦਰ ਕੋਲ ਵੇਚ ਦਿੱਤੇ ਹਨ। ਇਨ੍ਹਾਂ ਤੱਥਾਂ ਦਾ ਖੁਲਾਸਾ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋਇਆ। ਇਸ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਖੇਤੀ ਸੁਧਾਰ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ ਜਦੋਂਕਿ ਸੁਖਬੀਰ ਇਸ ਦੇ ਵਿਰੋਧ ਵਿੱਚ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ ਵਿੱਚ ‘ਆਪ’ ‘ਪ੍ਰਾਈਵੇਟ ਮੈਂਬਰ ਬਿੱਲ’ ਲਿਆਏਗੀ। ਜੇਕਰ ਸੁਖਬੀਰ ਕਿਸਾਨ ਹਿਤੈਸ਼ੀ ਹਨ ਤਾਂ ਉਹ ਬਿੱਲ ਦਾ ਸਮਰਥਨ ਕਰਨ।
ਸੀਨੀਅਰ ਆਗੂ ਵਿਨੀਤ ਵਰਮਾ ਨੇ ਕਿਹਾ ਕਿ ਸੁਖਬੀਰ ਵੱਲੋਂ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਦੇ ਨਾਲ-ਨਾਲ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਸ੍ਰੀਮਤੀ ਰਾਜ ਗਿੱਲ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਜਦੋਂ ਇਹ ਬਿੱਲ ਪਾਸ ਕੀਤੇ ਜਾ ਰਹੇ ਸੀ ਤਾਂ ਉਹ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੌਜੂਦ ਸਨ ਪ੍ਰੰਤੂ ਉਨ੍ਹਾਂ ਨੇ ਮੰਤਰੀ ਬਣੇ ਰਹਿਣ ਲਈ ਬਿੱਲ ਦਾ ਵਿਰੋਧ ਕਰਨ ਦੀ ਥਾਂ ਆਪਣਾ ਮੂੰਹ ਬੰਦ ਰੱਖਿਆ। ਉਨ੍ਹਾਂ ਕਿਹਾ ਕਿ ਤਿੰਨੇ ਆਰਡੀਨੈਂਸਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਕਰਾਰ ਦਿੰਦਿਆਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਸਮੇਤ ਖੇਤੀਬਾੜੀ ’ਤੇ ਨਿਰਭਰ ਸਾਰੇ ਵਰਗਾਂ ਨਾਲ ਘਾਤਕ ਦੱਸਿਆ ਹੈ। ਇਸ ਮੌਕੇ ਜੀਐਸ ਕਾਹਲੋਂ, ਵਿਨੀਤ ਵਰਮਾ, ਮਨਦੀਪ ਸਿੰਘ ਮਟੌਰ, ਗੋਵਿੰਦਰ ਮਿੱਤਲ, ਕਸ਼ਮੀਰ ਕੌਰ, ਸਵਰਨ, ਪ੍ਰਭਜੋਤ ਕੌਰ, ਜਸਪਾਲ ਕੌਣੀ, ਕਰਮਜੀਤ ਸ਼ਾਮਪੁਰ ਸਮੇਤ ਹੋਰ ਵਲੰਟੀਅਰ ਹਾਜ਼ਰ ਹੋਏ।