ਬਿਜਲੀ ਬਿੱਲਾਂ ਦੀ ਵਸੂਲੀ ਖ਼ਿਲਾਫ਼ ‘ਆਪ’ ਵਲੰਟੀਅਰਾਂ ਨੇ ਡੀਸੀ ਦਫ਼ਤਰ ਬਾਹਰ ਦਿੱਤਾ ਧਰਨਾ

ਲੌਕਡਾਊਨ ਪੀਰੀਅਡ ਦੇ ਤਿੰਨ ਮਹੀਨਿਆਂ ਦੇ ਬਿਜਲੀ ਬਿੱਲ ਮੁਆਫ਼ ਕਰੇ ਸਰਕਾਰ: ਸ਼ੇਰਗਿੱਲ

ਮੁਹਾਲੀ ਦੀ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਬਿਜਲੀ ਬਿੱਲਾਂ ਦੀ ਵਸੂਲੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰ ਸੜਕ ’ਤੇ ਉਤਰ ਆਏ ਹਨ। ਆਪ ਵਲੰਟੀਅਰਾਂ ਨੇ ਅੱਜ ਇੱਥੇ ਅੱਤ ਦੀ ਗਰਮੀ ਦੇ ਬਾਵਜੂਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਪਾਵਰਕੌਮ ਮੈਨੇਜਮੈਂਟ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਕਰਫਿਊ\ਲੌਕਡਾਊਨ ਦੌਰਾਨ ਲਗਾਤਾਰ ਤਿੰਨ ਮਹੀਨੇ ਤੋਂ ਲੋਕਾਂ ਦੇ ਸਾਰੇ ਕੰਮ ਧੰਦੇ ਬੰਦ ਪਏ ਹਨ ਅਤੇ ਲੋਕਾਂ ਨੂੰ ਆਪਣੇ ਪਰਿਵਾਰਾਂ ਦਾ ਖ਼ਰਚਾ ਚਲਾਉਣਾ ਅੌਖਾ ਹੋਇਆ ਪਿਆ ਹੈ। ਪ੍ਰੰਤੂ ਪਾਵਰਕੌਮ ਪੁਰਾਣੀ ਯੂਨਿਟਾਂ ਨੂੰ ਆਧਾਰ ਬਣਾ ਕੇ ਐਵਰੇਜ ਬਿੱਲ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਦੇ ਕਾਰੋਬਾਰ ਬੰਦ ਪਏ ਸੀ ਤਾਂ ਉਹ ਕਿੱਥੋਂ ਬਿੱਲ ਭਰਨਗੇ। ਉਨ੍ਹਾਂ ਮੰਗ ਕੀਤੀ ਕਿ ਕਰਫਿਊ\ਲੌਕਡਾਊਨ ਪੀਰੀਅਡ ਸਮੇਂ ਦੇ ਘਰੇਲੂ ਅਤੇ ਵਪਾਰਕ ਬਿਜਲੀ ਬਿੱਲ ਮੁਆਫ਼ ਕੀਤੇ ਜਾਣ।
ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੌਸ਼ਲ, ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜ ਲਾਲੀ ਗਿੱਲ, ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ, ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ, ਵਿਨੀਤ ਵਰਮਾ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਵਜੋਤ ਸਿੰਘ ਸੈਣੀ, ਗੁਰਤੇਜ ਪੰਨੂ, ਹਰਜੀਤ ਸਿੰਘ ਬੰਟੀ, ਜ਼ੋਨਲ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ ਸਮੇਤ ਹੋਰ ਆਗੂ ਤੇ ਵਲੰਟੀਅਰ ਹਾਜ਼ਰ ਸਨ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਬਿਜਲੀ ਦੇ ਬਿਲ ਭੇਜ ਕੇ ਉਨ੍ਹਾਂ ਦਾ ਕਚੂਮਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਮੋਤੀਆਂ ਵਾਲੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਧਰਨੇ ਤੋਂ ਬਾਅਦ ਆਪ ਵਲੰਟੀਅਰਾਂ ਨੇ ਮੁਹਾਲੀ ਦੀ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ ਗਿਆ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…