nabaz-e-punjab.com

21 ਅਕਤੂਬਰ ਨੂੰ ਅਧਿਆਪਕਾਂ ਦੇ ਸੰਘਰਸ਼ ਵਿਚ ਸ਼ਾਮਲ ਹੋਵੇਗੀ ‘ਆਪ’ ਪੰਜਾਬ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਕਤੂਬਰ-
ਆਮ ਆਦਮੀ ਪਾਰਟੀ (ਆਪ) ਪੰਜਾਬ 21 ਅਕਤੂਬਰ ਨੂੰ ਅਧਿਆਪਕਾਂ ਵੱਲੋਂ ਜਾਰੀ ਸੰਘਰਸ਼ ਵਿਚ ਸ਼ਮੂਲੀਅਤ ਕਰੇਗੀ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਸੰਯੁਕਤ ਬਿਆਨ ਰਾਹੀਂ ਇਹ ਐਲਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅੰਦਰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿਚ ਆਏ ਨਿਘਾਰ ਪ੍ਰਤੀ ਸ਼ੁਰੂ ਤੋਂ ਹੀ ਚਿੰਤਤ ਹੈ। ਇਹੀ ਕਾਰਨ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਬੇਹੱਦ ਅਹਿਮ ਮੰਨਦੇ ਹੋਏ ਆਪਣੇ ਚੋਣ ਮਨੋਰਥ ਪੱਤਰ ਵਿਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਤਰਜ਼ ‘ਤੇ ਪੰਜਾਬ ਅੰਦਰ ਵੀ ਸਰਕਾਰੀ ਸਕੂਲ ਸਿੱਖਿਆ ਦਾ ਕਾਇਆ ਕਲਪ ਕਰਨ ਦਾ ਵਾਅਦਾ ਸੀ।
‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ.ਐਸ.ਏ/ਰਮਸਾ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਕਰਨ ਦੀ ਆੜ ਵਿਚ ਉਨ੍ਹਾਂ ਦੀਆਂ ਤਨਖ਼ਾਹਾਂ 45 ਹਜ਼ਾਰ ਤੋਂ 15 ਹਜ਼ਾਰ ਰੁਪਏ ਕਰ ਦਿੱਤੀਆਂ ਗਈਆਂ। ਜਿਸ ਦਾ ਆਮ ਆਦਮੀ ਪਾਰਟੀ ਨੇ ਤਿੱਖਾ ਵਿਰੋਧ ਕੀਤਾ ਹੈ। ਇਸ ਸੰਬੰਧ ਵਿਚ ‘ਆਪ’ ਦਾ ਉੱਚ ਪੱਧਰੀ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਿਆ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਇਸ ਤੁਗ਼ਲਕੀ ਅਤੇ ਤਾਨਾਸ਼ਾਹੀ ਫ਼ੈਸਲੇ ਦੇ ਵਿਰੁੱਧ ਅਧਿਆਪਕ ਸੰਗਠਨਾਂ ਵੱਲੋਂ ਪਟਿਆਲਾ ਵਿਖੇ ਲਗਾਏ ਮੋਰਚੇ ਦਾ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਸਮਰਥਨ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕ ਮੋਰਚੇ ਵੱਲੋਂ ਆਉਂਦੀ 21 ਅਕਤੂਬਰ ਨੂੰ ਐਲਾਨੇ ਗਏ ਵੱਡੇ ਸੰਘਰਸ਼ ਦਾ ਆਮ ਆਦਮੀ ਪਾਰਟੀ ਡਟ ਕੇ ਸਮਰਥਨ ਕਰਦੀ ਹੈ ਅਤੇ ਇਸ ਵਿਚ ਸ਼ਮੂਲੀਅਤ ਵੀ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…