
ਆਪ ਦੀ ਹੂੰਝਾਫੇਰ ਜਿੱਤ ਨਾਲ ਪੰਜਾਬ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ, ਸੂਬੇ ਦੀ ਤਰੱਕੀ ਦੀ ਆਸ ਬੱਝੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਹੂੰਝਾਫੇਰ ਜਿੱਤ ਹਾਸਲ ਕਰਨ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ। ਆਮ ਲੋਕਾਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਦੀ ਆਸ ਬੱਝੀ ਹੈ। ਹਰ ਕੋਈ ਵਿਅਕਤੀ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦੀ ਨਵੀਂ ਪਾਰੀ ਦੀ ਉਡੀਕ ਕਰ ਰਿਹਾ ਹੈ। ਜਦੋਂਕਿ ਕਾਂਗਰਸ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਹਾਸ਼ੀਏ ’ਤੇ ਚਲੇ ਗਏ ਹਨ। 22 ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੂੰ ਵੀ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਹਾਲਾਂਕਿ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਦੇ ਸਿਆਸੀ ਮੈਦਾਨ ਵਿੱਚ ਕਿਸਾਨ ਜਥੇਬੰਦੀ ਦੇ ਸਾਰੇ ਉਮੀਦਵਾਰ ਜ਼ੀਰੋ ’ਤੇ ਆਊਟ ਹੋ ਗਏ।
ਭਗਵੰਤ ਮਾਨ ਨੇ ਕਿਹਾ ਕਿ ਭਲਕੇ 12 ਮਾਰਚ ਨੂੰ ‘ਆਪ’ ਦੇ ਵਿਧਾਇਕਾਂ ਦਾ ਇੱਕ ਉੱਚ ਪੱਧਰੀ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ ਅਤੇ 16 ਮਾਰਚ ਨੂੰ ਮੁੱਖ ਮੰਤਰੀ ਸਮੇਤ ਨਵੀਂ ਕੈਬਨਿਟ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਰਾਜ ਭਵਨ, ਕਿਸੇ ਪੈਲੇਸ, ਕ੍ਰਿਕਟ ਸਟੇਡੀਅਮ ਅਤੇ ਫਾਰਮ ਹਾਊਸ ਵਿੱਚ ਸਹੁੰ ਚੁੱਕ ਸਮਾਗਮ ਨਹੀਂ ਹੋਵੇਗਾ ਬਲਕਿ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਸਰਦਾਰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਵੇਰੇ ਭਗਵੰਤ ਮਾਨ ਅੱਜ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪੁੱਜੇ ਅਤੇ ਉਨ੍ਹਾਂ ਦੇ ਚਰਨ ਛੂਹ ਕੇ ਅਸੀਰਵਾਦ ਲਿਆ। ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਮਾਮਲਿਆਂ ਬਾਰੇ ਸਹਿ ਪ੍ਰਭਾਰੀ ਰਾਘਵ ਚੱਢਾ ਵੀ ਮੌਜੂਦ ਸਨ। ਇਸ ਮੁਲਾਕਾਤ ਦੌਰਾਨ ਮਾਨ ਨੇ ਪੰਜਾਬ ਦੀ ਰਣਨੀਤੀ ਅਤੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ। ਮਾਨ ਨੇ ਸ੍ਰੀ ਕੇਜਰੀਵਾਲ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਹੋਰ ਸੀਨੀਅਰ ਆਗੂਆਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਵੀ ਦਿੱਤਾ।
‘ਆਪ’ ਆਗੂਆਂ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦੀ ਅਗਵਾਈ ਹੇਠ 13 ਮਾਰਚ ਨੂੰ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਰੋਡ ਸ਼ੋਅ ਕੱਢ ਕੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਪ ਆਗੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ।