Nabaz-e-punjab.com

ਪੰਜਾਬ ਦੇ 4 ਹਜ਼ਾਰ ਪਿੰਡਾਂ ਤੱਕ ਪਹੁੰਚਿਆ ‘ਆਪ’ ਦਾ ਬਿਜਲੀ ਅੰਦੋਲਨ

ਸੂਬੇ ਭਰ ਦੇ ਸੈਂਕੜੇ ਲੋਕਾਂ ਦੇ ਲੱਖਾਂ ਰੁਪਏ ਵਿਭਾਗ ਨੇ ਕੀਤੇ ਮੁਆਫ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਫਰਵਰੀ:
ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਬਿਜਲੀ ਦੀਆਂ ਉੱਚੀਆਂ ਦਰਾਂ ਦੇ ਵਿਰੁੱਧ ਸ਼ੁਰੂ ਕੀਤੇ ਗਏ ‘ਬਿਜਲੀ ਅੰਦੋਲਨ’ ਨੇ ਸਾਰੇ ਸੂਬੇ ਵਿਚ ਪੈਰ ਪਸਾਰ ਲਏ ਹਨ। ਪਿਛਲੇ ਕਈ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਲੰਟੀਅਰਾਂ ਵੱਲੋਂ ਬਿਜਲੀ ਸੁਣਵਾਈ ਦੌਰਾਨ ਹਜ਼ਾਰਾਂ ਲੋਕਾਂ ਦੇ ਦੁਖੜੇ ਸੁਣੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਹਜ਼ਾਰ ਪਿੰਡਾਂ ਵਿਚ ਇਸ ਮੁਹਿੰਮ ਦੇ ਦੌਰਾਨ ਸੁਣਵਾਈ ਕੀਤੀ ਜਾ ਚੁੱਕੀ ਹੈ। ਪਿਛਲੇ ਕੁੱਝ ਦਿਨਾਂ ਦੌਰਾਨ ਸਾਹਨੇਵਾਲ, ਸਰਦੂਲਗੜ੍ਹ, ਧਰਮਕੋਟ, ਭੁੱਚੋ, ਖਡੂਰ ਸਾਹਿਬ, ਅੰਮ੍ਰਿਤਸਰ, ਮਜੀਠਾ, ਖੇਮਕਰਨ ਅਤੇ ਨਵਾਂਸ਼ਹਿਰ ਆਦਿ ਖੇਤਰਾਂ ਵਿਚ ਸੁਣਵਾਈ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇ ਉਨ੍ਹਾਂ ਦੀ ਲੁੱਟ ਕਰ ਰਹੀ ਹੈ। ਜਦੋਂਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਬਿਜਲੀ ਦੀਆਂ ਦਰਾਂ ਘੱਟ ਕਰਨ ਦਾ ਵਾਅਦਾ ਕੀਤਾ ਸੀ। ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਕੀਤੇ ਆਪਣੇ ਸਾਰੇ ਮੁੱਦਿਆਂ ਤੋਂ ਮੁੱਕਰ ਕੇ ਆਮ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰੀ ਥਰਮਲ ਪਲਾਂਟ ਬੰਦ ਕਰ ਕੇ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖ਼ਰੀਦਣਾ ਸਰਕਾਰ ਦੀ ਲੋਕ ਮੁੱਦਿਆਂ ਪ੍ਰਤੀ ਅਸੰਵੇਦਨਸ਼ੀਲਤਾ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਪ੍ਰਾਈਵੇਟ ਕੰਪਨੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਜਿਸ ਕਾਰਨ ਸਰਕਾਰੀ ਤੰਤਰ ਫ਼ੇਲ੍ਹ ਹੋ ਰਿਹਾ ਹੈ।
ਸੂਬੇ ਦੇ ਵਿੱਤ ਮੰਤਰੀ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਬਠਿੰਡਾ ਥਰਮਲ ਪਲਾਂਟਾਂ ਦੇ ਕਾਮਿਆਂ ਅਤੇ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਬਠਿੰਡਾ ਥਰਮਲ ਪਲਾਂਟ ਨੂੰ ਚਾਲੂ ਕੀਤਾ ਜਾਵੇਗਾ, ਪਰੰਤੂ ਸਰਕਾਰ ਬਣਨ ਦੇ ਕੁੱਝ ਮਹੀਨਿਆਂ ਬਾਅਦ ਹੀ ਥਰਮਲ ਨੂੰ ਬੰਦ ਕਰ ਕੇ ਨਿੱਜੀ ਕੰਪਨੀਆਂ ਤੋਂ ਲੋਕਾਂ ਦੀ ਲੁੱਟ ਕਰਵਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਗੰਭੀਰਤਾ ਨਾਲ ਬਾਦਲ ਸਰਕਾਰ ਸਮੇਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਇਕਰਾਰਨਾਮਿਆਂ ਦੀ ਜਾਂਚ ਕਰਵਾਏ ਅਤੇ ਉਨ੍ਹਾਂ ਦੀ ਥਾਂ ਸਰਕਾਰੀ ਥਰਮਲ ਪਲਾਂਟਾਂ ਵਿਚੋਂ ਬਿਜਲੀ ਪ੍ਰਾਪਤ ਕਰੇ।
ਮਾਨ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਗਾ ਕੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬੰਦ ਕਰ ਰਹੀ ਹੈ ਅਤੇ ਦੂਸਰੇ ਪਾਸੇ ਸਰਕਾਰ ਆਪਣੇ ਮੰਤਰੀਆਂ ਅਤੇ ਹੋਰ ਖ਼ਾਸ ਲੋਕਾਂ ‘ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫ਼ਜ਼ੂਲ ਖ਼ਰਚੀ ਬੰਦ ਕਰ ਕੇ ਲੋਕਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰਨ ਦਾ ਹੀਲਾ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਗ਼ਰੀਬ ਲੋਕਾਂ ਦੇ ਵਧੇ ਹੋਏ ਬਿਜਲੀ ਬਿੱਲਾਂ ਨੂੰ ਘੱਟ ਕਰਵਾਉਣ ਦੇ ਮਕਸਦ ਨਾਲ ਬਿਜਲੀ ਸੁਣਵਾਈਆਂ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਸੰਬੰਧੀ ਕੋਈ ਠੋਸ ਕਾਰਵਾਈ ਨਹੀਂ ਕਰਦੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗ਼ਰੀਬ ਲੋਕਾਂ ਦੀ ਲੁੱਟ ਦੇ ਵਿਰੋਧ ਵਿਚ ਛੇਤੀ ਹੀ ਆਮ ਆਦਮੀ ਪਾਰਟੀ ਮੁੱਖ ਮੰਤਰੀ ਦਾ ਘਿਰਾਓ ਕਰੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …