ਏਟੀਐਮ ਕਾਰਡ ਬਦਲ ਕੇ ਠੱਗੀਆਂ ਮਾਰਨ ਦੇ ਦੋਸ਼ ਹੇਠ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਕੋਲੋਂ 12 ਬੈਂਕਾਂ ਦੇ ਏਟੀਐਮ ਕਾਰਡ, ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤੀ ਜਾਣ ਵਾਲੀ ਕਾਰ ਵੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਟੈਕਨੀਕਲ ਸਪੋਰਟ ਅਤੇ ਫੋਰੈਂਸਿਕ ਤੇ ਸਾਈਬਰ ਕਰਾਈਮ ਦੇ ਡੀਐਸਪੀ ਅਮਰਪ੍ਰੀਤ ਸਿੰਘ ਦੀ ਨਿਗਰਾਨ ਹੇਠ ਧੋਖੇ ਨਾਲ ਏਟੀਐਮ ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਮੁਲਜ਼ਮ ਨਿਖਿਲ ਠਾਕਰ ਵਾਸੀ ਪਿੰਡ ਮੱਕਰ (ਹਿਮਾਚਲ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੌਜੂਦਾ ਸਮੇਂ ਵਿੱਚ ਮੁਲਜ਼ਮ ਪਿੰਡ ਬਲੌਂਗੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਬੀਤੀ 24 ਫਰਵਰੀ ਨੂੰ ਖਰੜ ਸਥਿਤ ਐਸਬੀਆਈ ਬੈਂਕ ਦੇ ਏਟੀਐਮ ਵਿਖੇ ਇਕ ਵਿਅਕਤੀ ਦੀ ਏਟੀਐਮ ਰਾਹੀਂ ਪੈਸੇ ਕਢਵਾਉਣ ਵਿੱਚ ਮਦਦ ਕਰਨ ਦੇ ਬਹਾਨੇ ਉਸ ਦਾ ਏਟੀਐਮ ਕਾਰਡ ਬਦਲੀ ਕਰ ਲਿਆ ਸੀ। ਉਸ ਨੇ ਬਦਲੀ ਕੀਤੇ 4 ਵੱਖ-ਵੱਖ ਬੈਂਕਾਂ ਦੇ ਏਟੀਐਮ ਕਾਰਡ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤੀ ਜਾਂਦੀ ਕਾਰ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਨਿਖਿਲ ਠਾਕੁਰ ਨੇ ਪੀੜਤ ਵਿਅਕਤੀ ਤੋਂ ਧੋਖੇ ਨਾਲ ਬਦਲੀ ਕੀਤੇ ਏਟੀਐਮ ਕਾਰਡ ਨਾਲ ਇਕ ਸੋਨੇ ਦਾ ਲਾਕਟ ਖ਼ਰੀਦਿਆਂ ਸੀ ਅਤੇ 20 ਹਜ਼ਾਰ ਰੁਪਏ ਬਰਾਮਦ ਕੀਤੇ ਗਏ।
ਪੁਲੀਸ ਅਨੁਸਾਰ ਨਿਖਿਲ ਠਾਕੁਰ ਵੱਲੋਂ ਹੋਰਨਾਂ ਵਿਅਕਤੀਆਂ ਦੇ ਧੋਖੇ ਨਾਲ ਬਦਲੀ ਕੀਤੇ ਵੱਖ-ਵੱਖ ਬੈਂਕਾਂ ਦੇ 12 ਏਟੀਐਮ ਕਾਰਡ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਏਟੀਐਮ ਚੋਰੀ/ਬਦਲੀ ਕਰਕੇ ਠੱਗੀ ਮਾਰਨ ਦੇ ਕਈ ਪਰਚੇ ਦਰਜ ਹਨ। ਸਾਈਬਰ ਸੈਲ ਮੁਹਾਲੀ ਦੀ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਮੁਹਾਲੀ ਦੇ ਐਸਪੀ (ਟਰੈਫ਼ਿਕ) ਗੁਰਜੋਤ ਸਿੰਘ ਕਲੇਰ ਅਤੇ ਸਾਈਬਰ ਕ੍ਰਾਈਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਪੋਰਟ ਅਤੇ ਫੋਰੈਂਸਿਕ ਤੇ ਸਾਈਬਰ ਕਰਾਈਮ ਦੇ ਡੀਐਸਪੀ ਅਮਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਾਈਬਰ ਸੈਲ ਦੇ ਇੰਚਾਰਜ ਸਬ ਇੰਸਪੈਕਟਰ ਅਮਨਦੀਪ ਸਿੰਘ ਦੀ ਟੀਮ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਈਬਰ ਤਕਨੀਕ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਪੈੜ ਨੱਪਣ ਵਿੱਚ ਸਫਲਤਾ ਹਾਸਲ ਕੀਤੀ ਗਈ। ਮੁਲਜ਼ਮ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…