ਸੀਨੀਅਰ ਅਫ਼ਸਰ ਦੇ ਘਰੋਂ ਸਾਢੇ 10 ਲੱਖ ਦੀ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਪੈਸੇ ਵੀ ਬਰਾਮਦ
ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ:
ਮੁਹਾਲੀ ਪੁਲੀਸ ਨੇ ਸੈਕਟਰ-68 ਵਿੱਚ ਰਹਿੰਦੇ ਸੀਨੀਅਰ ਅਧਿਕਾਰੀ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਚੋਰੀ ਕੀਤੀ ਨਗਦ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਅੰਕਿਤ ਕੁਮਾਰ ਵਾਸੀ ਸੈਕਟਰ-49, ਚੰਡੀਗੜ੍ਹ ਵਜੋਂ ਹੋਈ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੈਕਟਰ-68 ਦੇ ਵਸਨੀਕ ਕੁਸ਼ਾਲ ਸਿੰਗਲਾ (ਜੋ ਇੱਕ ਸੀਨੀਅਰ ਅਫ਼ਸਰ ਹਨ) ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਬੀਤੀ 11 ਜਨਵਰੀ ਨੂੰ ਕਿਸੇ ਵੱਲੋਂ ਉਨ੍ਹਾਂ ਦੇ ਘਰੋਂ 10 ਲੱਖ 50 ਹਜ਼ਾਰ ਰੁਪਏ ਚੋਰੀ ਕੀਤੇ ਗਏ ਹਨ।
ਇਸ ਸਬੰਧੀ ਪੁਲੀਸ ਨੇ ਬੀਐਨਐਸ ਐਕਟ ਦੀ ਧਾਰਾ 305 (ਏ) ਅਤੇ 317 (2) ਦੇ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਅਤੇ ਇਲਾਕੇ ਵਿੱਚ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕਰਨ ਸਮੇਤ ਫੋਨ ਕਾਲ ਡਿਟੇਲ ਇਕੱਠੀ ਕਰਕੇ ਤਫ਼ਤੀਸ਼ ਨੂੰ ਅੱਗੇ ਤੋਰਿਆ। ਇਸ ਦੌਰਾਨ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਦੀ ਪੁੱਛਗਿੱਛ ਤੋਂ ਬਾਅਦ ਉਸ ਕੋਲੋਂ ਸੀਨੀਅਰ ਅਫ਼ਸਰ ਦੇ ਘਰੋਂ ਚੋਰੀ ਕੀਤੇ 10 ਲੱਖ 50 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੁਸ਼ਾਲ ਸਿੰਗਲਾ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਕੀਤਾ ਜਾ ਰਿਹਾ ਹੈ।