ਧਰਮਸੋਤ ਤੇ ਗਿਲਜੀਆ ਖ਼ਿਲਾਫ਼ ਕਾਰਵਾਈ ਸਿਆਸੀ ਬਦਲਾਖੋਰੀ: ਰਾਜਾ ਵੜਿੰਗ, ਪ੍ਰਤਾਪ ਬਾਜਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤਹਿਤ ਦੋ ਸਾਬਕਾ ਜੰਗਲਾਤ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆ ਖ਼ਿਲਾਫ਼ ਕੀਤੀ ਕਾਰਵਾਈ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਹਿਜ਼ ਸਿਆਸੀ ਸਟੰਟ ਅਤੇ ਵਿਰੋਧੀਆਂ ’ਤੇ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਅੱਜ ਇੱਥੇ ਵਿਜੀਲੈਂਸ ਥਾਣੇ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਲੱਗਿਆ ਸੀ ਕਿ ਸ਼ਾਇਦ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਹੋਵੇਗਾ ਪਰ ਬਾਅਦ ਵਿੱਚ ਪਤਾ ਲੱਗਾ ਕਿ ਧਰਮਸੋਤ ਨੂੰ ਦਰਖ਼ਤ ਵੱਢਣ ਦੀ ਇਜਾਜ਼ਤ ਦੇਣ ਲਈ ਮਹਿਜ਼ 500 ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸੇ ਮਾਮਲੇ ਵਿੱਚ ਬਹੁਤ ਹੀ ਸਾਧਾਰਨ ਆਗੂ ਸੰਗਤ ਸਿੰਘ ਗਿਲਜੀਆ ਨੂੰ ਨਾਮਜ਼ਦ ਕੀਤਾ ਗਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਪੁਲੀਸ ਹੁਣ ਤੱਕ ਨਹੀਂ ਫੜ ਸਕੀ ਪ੍ਰੰਤੂ ਇਸ ਦੇ ਉਲਟ ਸਾਬਕਾ ਮੰਤਰੀ ਨੂੰ ਸਵੇਰੇ ਤੜਕੇ ਹੀ ਘਰੋਂ ਚੁੱਕ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਡਰਾਮੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਿਹੜੀ ਡਾਇਰੀ ਦਾ ਜ਼ਿਕਰ ਰਹੀ ਹੈ, ਉਹ ਡਾਇਰੀ ਇਕ ਮੁਲਜ਼ਮ ਦੀ ਹੈ। ਇਹ ਵੀ ਤਾਂ ਹੋ ਸਕਦਾ ਹੈ ਕਿ ਉਕਤ ਡਾਇਰੀ ਵਿੱਚ ਪੁਲੀਸ ਰਿਮਾਂਡ ਦੌਰਾਨ ਮੁਲਜ਼ਮ ਠੇਕੇਦਾਰ ਨੂੰ ਡਰਾ ਧਮਕਾ ਕੇ ਧਰਮਸੋਤ ਅਤੇ ਗਿਲਜੀਆ ਦਾ ਨਾਂ ਲਿਖਵਾ ਲਿਆ ਹੋਵੇ। ਉਨ੍ਹਾਂ ਸਵਾਲ ਕੀਤਾ ਕਿ ਡੀਐਫ਼ਓ ਵੱਲੋਂ ਰਿਸ਼ਵਤ ਦਾ ਪੈਸਾ ਸਿਰਫ਼ ਮੰਤਰੀਆਂ ਨੂੰ ਹੀ ਦਿੱਤਾ ਜਾਂਦਾ ਸੀ, ਉੱਚ ਅਧਿਕਾਰੀਆਂ ਨੂੰ ਨਹੀਂ? ਇਹ ਉੱਚ ਪੱਧਰੀ ਨਿਰਪੱਖ ਜਾਂਚ ਦਾ ਵਿਸ਼ਾ ਹੈ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਦਿਨੀਂ ਜਲੰਧਰ ਵਿੱਚ ਇਕ ਸਮਾਰੋਹ ਦੌਰਾਨ ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਸੀ ਕਿ ਧਰਮਸੋਤ ਲਈ ਜੇਲ੍ਹ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਸੰਗਰੂਰ ਦੀ ਜ਼ਿਮਨੀ ਚੋਣ ਅਤੇ ਭਲਕੇ ਸਿੱਧੂ ਮੂਸੇਵਾਲਾ ਦੇ ਭੋਗ ਕਰਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਮਹਿਜ਼ ਚਾਰ ਮਹੀਨੇ ਦੇ ਸ਼ਾਸਨ ਤੋਂ ਰਾਜ ਦੇ ਲੋਕ ਅੱਕ ਚੁੱਕੇ ਹਨ ਅਤੇ ਸੰਗਰੂਰ ਵਿੱਚ ਆਪ ਚੋਣ ਹਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੂਰੀ ਤਰ੍ਹਾਂ ਨਾਲ ਆਪਣੇ ਵਰਕਰਾਂ ਦੀ ਪਿੱਠ ’ਤੇ ਖੜੀ ਹੈ ਅਤੇ ਕਿਸੇ ਵੀ ਸਰਕਾਰੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਪੰਜਾਬ ਕਾਂਗਰਸ ਧਰਨੇ ਪ੍ਰਦਰਸ਼ਨ ਵੀ ਕਰੇਗੀ ਅਤੇ ਕਾਨੂੰਨੀ ਚਾਰਾਜੋਈ ਵੀ ਕਰੇਗੀ। ਇਸ ਮੌਕੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…